ਪੰਜਾਬ

ਅਲਟੀਮੇਟਮ ਕੋਈ ਰਸਤਾ ਨਹੀਂ ਹੈ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 7 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਵਾਸਤੇ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਇਕ ਹਫਤੇ ਦੇ ਅਲਟੀਮੇਟਮ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਉਹੀ ਕਦਮ ਚੁੱਕਣਗੇ, ਜੋ ਕਿਸਾਨਾਂ ਦੇ ਹਿੱਤ ਵਿੱਚ ਚੁੱਕੇ ਜਾਣਾ ਜ਼ਰੂਰੀ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਬਿੱਲਾਂ ਸਬੰਧੀ ਲੋੜੀਂਦੀਆਂ ਸੋਧਾਂ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਬੁਲਾ ਰਹੇ ਹਨ ਪਰ ਸਰਕਾਰ ਨੂੰ ਕਾਹਲੀ ਵਿੱਚ ਕਦਮ ਚੁੱਕਣ ਲਈ ਮਜਬੂਰ ਕਰਨ ਦਾ ਅਲਟੀਮੇਟਮ ਦੇਣਾ ਕੋਈ ਰਸਤਾ ਨਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਕ ਮਾਤਰ ਉਦੇਸ਼ ਹਰ ਕੀਮਤ ‘ਤੇ ਪੰਜਾਬ ਦੇ ਕਿਸਾਨਾਂ ਤੇ ਖੇਤੀ ਸੈਕਟਰ ਨੂੰ ਬਚਾਉਣਾ ਹੈ ਨਾ ਕਿ ਕਿਸਾਨ ਜਥੇਬੰਦੀਆਂ ਨੂੰ ਖੁਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਵੱਧ ਤੋਂ ਵੱਧ ਜੋ ਵੀ ਕੀਤਾ ਜਾ ਸਕਦਾ ਹੈ, ਉਹ ਉਸ ਤਰ੍ਹਾਂ ਫੈਸਲੇ ਲੈਣਗੇ।
ਮੁੱਖ ਮੰਤਰੀ ਨੇ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਇਨ੍ਹਾਂ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਕਾਨੂੰਨ ਵਿੱਚ ਸੋਧਾਂ ਕਰਨ ਵਾਸਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਸੂਬਾ ਸਰਕਾਰ ਨੂੰ ਅਲਟੀਮੇਟਮ ਦੇਣ ਦੀਆਂ ਰਿਪੋਰਟਾਂ ਤੇ ਪ੍ਰਤੀਕਿਰਿਆ ਜ਼ਾਹਰ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਉਨ੍ਹਾਂ ਦੀ ਰਿਹਾਇਸ਼ ਜਾਂ ਕੈਬਨਿਟ ਮੰਤਰੀਆਂ ਅਤੇ ਕਾਂਗਰਸੀ ਨੇਤਾਵਾਂ ਦੇ ਘਿਰਾਓ ਦੀ ਧਮਕੀ ਕੋਈ ਵੀ ਅਜਿਹਾ ਫੈਸਲਾ ਲੈਣ ਲਈ ਉਨ੍ਹਾਂ ਨੂੰ ਮਜਬੂਰ ਨਹੀਂ ਕਰ ਸਕਦੀ ਜੋ ਆਖਰ ਵਿੱਚ ਸੂਬੇ ਦੇ ਕਿਸਾਨਾਂ ਲਈ ਘਾਤਕ ਸਿੱਧ ਹੁੰਦਾ ਹੋਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਯੂਨੀਅਨਾਂ ਦੇ ਦਬਾਅ ਜਾਂ ਧਮਕੀਆਂ ਹੇਠ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਖੇਤੀ ਬਿੱਲਾਂ ‘ਤੇ ਅੱਗੇ ਵਧਣ ਲਈ ਇਨ੍ਹਾਂ ਸਾਰੀਆਂ ਜਥੇਬੰਦੀਆਂ ਪਾਸੋਂ ਸੁਝਾਅ ਲਏ ਸਨ ਅਤੇ ਉਹ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਵਿੱਚ ਕੋਈ ਵੀ ਰੁਕਾਵਟ ਨਾ ਆਉਣ ਦਿੱਤੀ ਜਾਵੇ ਤਾਂ ਕਿ ਕਿਸਾਨਾਂ ਦੇ ਜੀਵਨ ਨਿਰਬਾਹ ਨੂੰ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਵੀ ਸੁਰੱਖਿਅਤ ਬਣਾਇਆ ਜਾ ਸਕੇ।
ਕਿਸਾਨ ਯੂਨੀਅਨਾਂ ਨੂੰ ਆਪਣੇ ਰੇਲ ਰੋਕੋ ਅੰਦੋਲਨ ਦੌਰਾਨ ਮਾਲ ਗੱਡੀਆਂ ਲੰਘਣ ਦੇਣ ਲਈ ਉਨ੍ਹਾਂ ਵੱਲੋਂ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਨਾ ਦੇਣ ਦੇ ਫੈਸਲੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਅਫਸੋਸਜਨਕ ਹੈ ਕਿਉਂਕਿ ਆਪਣੇ ਅੰਦੋਲਨ ਵਿੱਚ ਢਿੱਲ ਨਾ ਦੇ ਕੇ ਇਹ ਜਥੇਬੰਦੀਆਂ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਹਿੱਤਾਂ ਨੂੰ ਢਾਹ ਲਾ ਰਹੀਆਂ ਹਨ।ਕਿਸਾਨਾਂ ਸਮੇਤ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਵਡੇਰੇ ਹਿੱਤ ਵਿੱਚ ਆਪਣੇ ਫੈਸਲਿਆਂ ‘ਤੇ ਮੁੜ ਗੌਰ ਕਰਨ ਲਈ ਕਿਸਾਨ ਯੂਨੀਅਨਾਂ ਨੂੰ ਮੁੜ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ,”ਇਹ ਇਕ ਸਾਂਝੀ ਲੜਾਈ ਹੈ ਜਿਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਰੋਸ ਪ੍ਰਗਟਾ ਰਹੇ ਕਿਸਾਨਾਂ ਅਤੇ ਸੂਬਾ ਸਰਕਾਰ ਨਾਲ ਇਕ ਮੰਚ ‘ਤੇ ਆਉਣਾ ਚਾਹੀਦਾ ਹੈ।

Leave a Reply

Your email address will not be published. Required fields are marked *