ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ 300ਵਾਂ ਪ੍ਰਕਾਸ਼ ਦਿਹਾੜਾ
ਭਾਈ ਤਾਰੂ ਸਿੰਘ ਜੀ ਦਾ ਸਮੁੱਚਾ ਜੀਵਨ ਅਜੌਕੀ ਪੀੜੀ ਲਈ ਪ੍ਰੇਰਨਾ ਸਰੋਤ : ਭਾਈ ਪ੍ਰਨਾਮ ਸਿੰਘ
ਪਟਿਆਲਾ 9 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300ਵਾਂ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਵਾਲਾ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ। ਇਸੇ ਤਰ੍ਹਾਂ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਮੀਰੀ-ਪੀਰੀ ਸੇਵਾ ਦਲ ਦੇ ਸਹਿਯੋਗ ਨਾਲ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਉਤਸ਼ਾਹ ਨਾਲ ਮਨਾਇਆ।
ਇਸ ਮੌਕੇ ਸੰਗਤਾਂ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ 300ਵੇਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ ਸਿੱਖ ਇਤਿਹਾਸ ‘ਚ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਵੱਡਮੁੱਲਾ ਅਤੇ ਵਿਲੱਖਣ ਯੋਗਦਾਨ ਹੈ। ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਜਾਣੂੰ ਕਰਵਾਇਆ ਭਾਈ ਤਾਰੂ ਸਿੰਘ ਜੀ ਦਾ ਸਮੁੱਚਾ ਜੀਵਨ ਧਰਮ ਨੂੰ ਸਮਰਪਿਤ ਰਿਹਾ ਹੈ, ਜਿਨਾਂ ਦਾ ਜੀਵਨ ਫਲਸਫਾ ਅਜੌਕੀ ਪੀੜੀ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਭਾਈ ਤਾਰੂ ਸਿੰਘ ਜੀ ਨੇ ਸਿੱਖੀ ਸਿਦਕ ਕੇਸਾਂ ਸੰਗ ਧਰਮ ਨਿਭਾਇਆ ਅਤੇ ਸਾਰਿਆਂ ਨੂੰ ਜ਼ਬਰ-ਜ਼ੁਲਮ ਦੇ ਖਿਲਾਫ਼ ਡਟਣ ਦੀ ਪ੍ਰੇਰਨਾ ਵੀ ਦਿੱਤੀ ਹੈ। ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਸੇਧ ਲੈ ਕੇ ਅਜੌਕੀ ਪੀੜੀ ਨੂੰ ਧਰਮ ਅਤੇ ਪੰਥ ਦੇ ਨਿਆਰੇਪਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੈਨੇਜਰ ਕਮਲਜੀਤ ਸਿੰਘ ਜੋਗੀਪੁਰ, ਅਮਰਪਾਲ ਸਿੰਘ, ਗੁਰਦੀਪ ਸਿੰਘ, ਨਰਿੰਦਰ ਸਿੰਘ, ਸੱਤਿਆਜੀਤ ਸਿੰਘ ਰੋਮੀ, ਸਤਪਾਲ ਸਿੰਘ ਅਤੇ ਮੀਰੀ-ਪੀਰੀ ਸੇਵਾ ਦਲ ਦੇ ਅਹੁਦੇਦਾਰ ਅਤੇ ਸ਼੍ਰੋਮਣੀ ਕਮੇਟੀ ਸਟਾਫ ਅਧਿਕਾਰੀ ਹਾਜ਼ਰ ਸਨ।

