ਪਟਿਆਲਾ

ਹਰਿਆਣਾ ਤੋਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਲਿਆ ਕੇ ਪੰਜਾਬ ‘ਚ ਵੇਚਣ ਦਾ ਧੰਦਾ ਬੇਨਕਾਬ-ਐਸ.ਪੀ. ਸਿਟੀ

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਇੱਕ ਕਾਬੂ-ਐਸ.ਪੀ. ਵਰੁਣ ਸ਼ਰਮਾ
ਪਟਿਆਲਾ, 19 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ) ਪਟਿਆਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕਰਨ ‘ਚ ਸਫ਼ਲਤਾ ਹਾਸਲ ਕਰਦਿਆਂ ਹਰਿਆਣਾ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਲਿਆ ਕੇ ਪੰਜਾਬ ਦੇ ਪੇਂਡੂ ਖੇਤਰਾਂ ‘ਚ ਵੇਚਣ ਦਾ ਧੰਦਾ ਕਰਨ ਵਾਲਿਆਂ ਨੂੰ ਬੇਨਕਾਬ ਕੀਤਾ ਹੈ।

ਜਾਣਕਾਰੀ ਦਿੰਦਿਆਂ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਨੇ ਦੱਸਿਆ ਕਿ ਥਾਣਾ ਜੁਲਕਾ ਦੀ ਪੁਲਿਸ ਨੇ ਪਿੰਡ ਮਸੀਂਗਣ ਵਿਖੇ ਇੱਕ ਦਵਾਈਆਂ ਦੀ ਦੁਕਾਨ ‘ਤੇ ਛਾਪੇਮਾਰੀ ਕਰਕੇ 23 ਹਜ਼ਾਰ 300 ਨਸ਼ੀਲੀਆਂ ਗੋਲੀਆਂ ਅਤੇ 432 ਕੈਪਸੂਲ ਬਰਾਮਦ ਕੀਤੇ ਹਨ। ਇਸ ਮਾਮਲੇ ‘ਚ ਇੱਕ ਜਣੇ ਦੀ ਗ੍ਰਿਫ਼ਤਾਰੀ ਵੀ ਹੋਈ ਹੈ।
ਪੱਤਰਕਾਰਾਂ ਨਾਲ ਗੱਤਬਾਤ ਕਰਦਿਆਂ ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਐਸ.ਐਸ.ਪੀ. ਸ੍ਰੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਐਸ.ਪੀ. ਦਿਹਾਤੀ ਅਜੈਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਜੁਲਕਾਂ ਦੇ ਐਸ.ਐਚ.ਓ. ਇੰਸਪੈਕਟਰ ਹਰਮਨਪ੍ਰੀਤ ਸਿੰਘ ਨੇ ਪੁਲਿਸ ਟੀਮ ਨਾਲ ਗੁਪਤ ਸੂਚਨਾ ਦੇ ਅਧਾਰ ‘ਤੇ ਛਾਪੇਮਾਰੀ ਕਰਕੇ ਇਹ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਐਸ.ਪੀ. ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ‘ਚ ਰਾਹੁਲ ਸ਼ਰਮਾ ਪੁੱਤਰ ਜੈਪਾਲ ਸ਼ਰਮਾ ਵਾਸੀ ਮਸੀਂਗਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦੋਂਕਿ ਉਸਦਾ ਪਿਤਾ ਜੈਪਾਲ ਸ਼ਰਮਾ ਪੁੱਤਰ ਕ੍ਰਿਸ਼ਨ ਲਾਲ ਫਰਾਰ ਹੋ ਗਿਆ, ਜਿਸ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁੱਧ ਮੁਕੱਦਮਾ ਨੰਬਰ 138 ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 22/61/85 ਤਹਿਤ ਮਿਤੀ 17 ਅਕਤੂਬਰ 2020 ਨੂੰ ਥਾਣਾ ਜੁਲਕਾਂ ਵਿਖੇ ਦਰਜ ਕੀਤਾ ਗਿਆ ਹੈ।
ਵਰੁਣ ਸ਼ਰਮਾ ਨੇ ਦੱਸਿਆ ਕਿ ਰਾਹੁਲ ਸ਼ਰਮਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਸਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਾਹੁਲ ਸ਼ਰਮਾ ਨੇ ਮੁਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਇਹ ਗੋਲੀਆਂ ਅੰਬਾਲਾ (ਹਰਿਆਣਾ) ਤੋਂ ਲੈ ਕੇ ਆਉਦੇ ਹਨ ਅਤੇ ਇਨ੍ਹਾਂ ਨੂੰ ਅੱਗੇ ਪ੍ਰਚੂਨ ‘ਚ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਦਿਹਾਤੀ ਅਜੈਪਾਲ ਸਿੰਘ ਅਤੇ ਥਾਣਾ ਜੁਲਕਾਂ ਦੇ ਐਸ.ਐਚ.ਓ. ਇੰਸਪੈਕਟਰ ਹਰਮਨਪ੍ਰੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *