ਪੰਜਾਬੀ ‘ਵਰਸਿਟੀ ਵਾਈਸ ਚਾਂਸਲਰ ਦਾ ਅਸਤੀਫਾ ਸਰਕਾਰ ਦੇ ਮਾੜੇ ਹਾਲਾਤਾਂ ਦੀ ਨਿਸ਼ਾਨੀ : ਅਜੀਤਪਾਲ ਸਿੰਘ ਕੋਹਲੀ
ਪਟਿਆਲਾ 25 ਨਵੰਬਰ (ਮਧੂਸਾਰ ਬਿਊਰੋ) ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬੀ ਯੂਨੀਵਰਸਿਟੀ ਦੇ ਮਾੜੇ ਹਾਲਾਤਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿੱਤੀ ਸੰਕਟ ਵਿਚੋਂ ਲੰਘ ਰਹੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ ਐਸ ਘੁੰਮਣ ਵੱਲੋਂ ਦਿੱਤਾ ਗਿਆ ਅਚਨਚੇਤ ਅਸਤੀਫਾ ਪੰਜਾਬ ਸਰਕਾਰ ਦੇ ਮਾੜੇ ਹਾਲਾਤਾਂ ਨੂੰ ਬਿਆਨ ਕਰਦਾ ਹੈ।
ਸਾਬਕਾ ਮੇਅਰ ਨੇ ਕਿਹਾ ਕਿ ਵਾਈਸ ਚਾਂਸਲਰ ਦਾ ਅਸਤੀਫਾ ਕਾਂਗਰਸ ਸਰਕਾਰ ਦੀ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਪ੍ਰਤੀ ਮਾੜੀ ਤੰਗ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਹੋਂਦ ਭਾਸ਼ਾ ਦੇ ਸਰਬ ਪੱਖੀ ਵਿਕਾਸ ਲਈ ਹੋਈ ਸੀ, ਪਰ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਗ੍ਰਾਂਟ ਨਾ ਦਿੱਤੇ ਜਾਣ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਕੋਈ ਵੀ ਮਾਲੀ ਮਦਦ ਤੋਂ ਹੱਥ ਪਿਛਾਂਹ ਖਿੱਚਣ ਦਾ ਨਤੀਜਾ ਹੈ ਕਿ ਯੂਨੀਵਰਸਿਟੀ ਦੇ ਪ੍ਰੋਫੈਸਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਧਰਨੇ ਲਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਾਈਸ ਚਾਂਸਲਰ ਦਾ ਅਸਤੀਫਾ ਮਨਜ਼ੂਰ ਕਰਨ ਦੀ ਬਜਾਏ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਗ੍ਰਾਂਟ ਦੇਣ ਦਾ ਉਪਰਾਲਾ ਕਰਨਾ ਚਾਹੀਦਾ ਹੈ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਸਰਕਾਰ ਨੇ ਯੂਨਂਵਰਸਿਟੀ ਦੀ ਸਾਲਾਨਾ ਗ੍ਰਾਂਟ ਦੇਣ ਬਾਰੇ ਕਦੇ ਵੀ ਸਥਿਤੀ ਸਪੱਸ਼ਟ ਨਹੀਂ ਕੀਤੀ, ਜਦਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਨੂੰ ਕਰ ਵਾਰ ਮਿਲਕੇ ਹਾਲਾਤਾਂ ਬਾਰੇ ਜਾਣੂੰ ਕਰਵਾਇਆ, ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਪੰਜਾਬੀ ਯੂਨੀਵਰਸਿਟੀ ਨੂੰ ਤਾਲਾ ਲਾਉਣ ਦੀ ਨੀਤੀ ‘ਤੇ ਚੱਲ ਰਹੀ ਹੈ।

