ਪੰਜਾਬਪਟਿਆਲਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਘੋਲ ਦੁਨੀਆ ‘ਚ ਮਿਸਾਲ ਬਣਿਆ : ਸੁਰਜੀਤ ਸਿੰਘ ਰੱਖੜਾ

ਸ਼੍ਰੋਮਣੀ ਕਮੇਟੀ ਨੇ ਕਰਵਾਇਆ ਕਿਸਾਨ ਭਰਾਵਾਂ ਦੀ ਚੜ੍ਹਦੀਕਲਾ ਅਤੇ ਸਫਲਤਾ ਲਈ ਅਰਦਾਸ ਸਮਾਗਮ
ਕਿਸਾਨ ਸੰਘਰਸ਼ ‘ਚ ਸ਼੍ਰੋਮਣੀ ਕਮੇਟੀ ਪਾ ਰਹੀ ਵੱਡਮੁੱਲਾ ਯੋਗਦਾਨ : ਜਥੇਦਾਰ ਸਤਵਿੰਦਰ ਸਿੰਘ ਟੌਹੜਾ
ਪਟਿਆਲਾ (ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਦੀ ਚੜ੍ਹਦੀਕਲਾ ਅਤੇ ਸਫਲਤਾ ਲਈ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਗਿਆ। ਇਸ ਤਰਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਕਿਸਾਨ ਭਰਾਵਾਂ ਲਈ ਅਰਦਾਸ ਸਮਾਗਮ ਕਰਵਾਏ ਗਏ।

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਨੇ ਕੀਰਤਨ ਸਰਵਣ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਚੜ੍ਹਦੀਕਲਾ ਲਈ ਅਰਦਾਸ ਕੀਤੀ ਅਤੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨ ਭਰਾਵਾਂ ਨੂੰ ਸ਼ਰਧਾ ਸਤਿਕਾਰ ਵੀ ਭੇਂਟ ਕੀਤਾ ਗਿਆ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਭਰਾਵਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਇਸ ਸੰਘਰਸ਼ ‘ਚ ਸਿਰਮੌਰ ਸੰਸਥਾ ਦਾ ਯੋਗਦਾਨ ਵੱਡਮੁੱਲਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਲੰਗਰ ਸੇਵਾਵਾਂ ਨੂੰ ਜਾਰੀ ਰੱਖਣਾ ਅਤੇ ਮੈਡੀਕਲ ਟੀਮਾਂ ਰਾਹੀਂ ਸੇਵਾਵਾਂ ਪ੍ਰਦਾਨ ਕਰਨਾ ਮਿਸਾਲ ਹੈ ਕਿ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਹਰ ਜ਼ਿੰਮੇਵਾਰੀ ਪ੍ਰਤੀ ਯਤਨਸ਼ੀਲ ਰਹੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਤੀ ਕਿਰਤ ਸੱਭਿਆਚਾਰ ਨੂੰ ਸਮਝਣ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਘੋਲ ‘ਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਆਪਣਾ ਫਰਜ਼ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੀ ਇਹ ਲੜਾਈ ਦੁਨੀਆ ਭਰ ‘ਚ ਮਿਸਾਲ ਬਣ ਚੁੱਕੀ ਹੈ। ਸ. ਰੱਖੜਾ ਨੇ ਕਿਸਾਨ ਜਥੇਬੰਦੀਆਂ ਵਧਾਈ ਦੀਆਂ ਪਾਤਰ ਹਨ ਕਿ ਉਨ੍ਹਾਂ ਨੇ ਸੰਘਰਸ਼ ਨੂੰ ਸ਼ਾਂਤਮਈ ਬਣਾਕੇ ਰੱਖਣ ‘ਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਸੰਘਰਸ਼ ਨੂੰ ਵੱਡਾ ਸਮਰਥਨ ਮਿਲ ਚੁੱਕਿਆ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਉਠ ਚੁੱਕੀ ਹੈ। ਸ. ਰੱਖੜਾ ਨੇ ਕਿਹਾ ਕਿ 8 ਦਸੰਬਰ ਦੀ ਭਾਰਤ ਬੰਦ ਦੇ ਸੱਦੇ ਤਹਿਤ ਧਰਨਾ ਅਤੇ ਪ੍ਰਦਰਸ਼ਨ ‘ਚ ਸ਼੍ਰੋਮਣੀ ਅਕਾਲੀ ਦਲ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਵਾਜ਼ ਬੁਲੰਦ ਕਰੇਗਾ।
ਅਰਦਾਸ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕਮਲੇਸ਼ ਕੁਮਾਰ, ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਹੈਡ ਗ੍ਰੰਥੀ ਅਵਤਾਰ ਸਿੰਘ, ਮੈਨੇਜਰ ਕਮਲਜੀਤ ਸਿੰਘ ਜੋਗੀਪੁਰ, ਮੈਨੇਜਰ ਨਰਿੰਦਰਜੀਤ ਸਿੰਘ, ਗਿਆਨੀ ਰਾਜਿੰਦਰਪਾਲ ਸਿੰਘ ਕਥਾਵਾਚਕ, ਪ੍ਰਚਾਰਕ ਬਲਦੇਵ ਸਿੰਘ ਓਗਰਾ, ਭਾਈ ਬੇਅੰਤ ਸਿੰਘ, ਭਾਈ ਪਰਵਿੰਦਰ ਸਿੰਘ ਬਰਾੜਾ, ਭਾਈ ਪਰਵਿੰਦਰ ਸਿੰਘ ਰਿਓਦ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਗੁਰਦੀਪ ਸਿੰਘ ਸ਼ੇਖਪੁਰ, ਪਲਵਿੰਦਰ ਸਿੰਘ ਰਿੰਕੂ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਮਨਪ੍ਰੀਤ ਸਿੰਘ ਮਨੀ ਭੰਗੂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *