ਦੇਸ਼-ਵਿਦੇਸ਼ਪੰਜਾਬ

ਮੋਦੀ ਜਗਾ ਹੁੰਦਾ ਤਾਂ ਕਾਨੂੰਨਾਂ ਨੂੰ ਵਾਪਸ ਲੈਣ ‘ਚ ਮਿੰਟ ਵੀ ਨਾ ਲਾਉਂਦਾ : ਕੈਪਟਨ

ਚੰਡੀਗੜ੍ਹ, 8 ਦਸੰਬਰ (ਮਧੂਸਾਰ ਬਿਊਰੋ) ੇਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਸਬੰਧਤ ਧਿਰਾਂ ਨਾਲ ਵਿਚਾਰੇ ਬਗੈਰ ਲਿਆਉਣ ਦੀ ਗੱਲ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਬੰਦ ਰਾਹੀਂ ਕਿਸਾਨਾਂ ਦੇ ਏਕੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਬਾਅਦ ਵਿੱਚ ਖੇਤੀਬਾੜੀ ਸੁਧਾਰਾਂ ‘ਤੇ ਵਿਸਥਾਰ ਵਿੱਚ ਚਰਚਾ ਕਰਨ ਦੀ ਅਹਿਮੀਅਤ ਨੂੰ ਦਰਸਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਮੁਲਕ ਭਰ ਵਿੱਚ ਪ੍ਰਦਰਸ਼ਨ ਕਰ ਰਹੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਕੇ ਸਬੰਧਤ ਧਿਰਾਂ ਨਾਲ ਨਵੇਂ ਸਿਰਿਓ ਗੱਲਬਾਤ ਕਰਨ ਦੀਆਂ ਕਿਸਾਨੀ ਮੰਗਾਂ ਵੱਲ ਧਿਆਨ ਕਿਉਂ ਨਹੀਂ ਦੇ ਰਿਹਾ। ਉਨ੍ਹਾਂ ਕਿਹਾ, ”ਜੇ ਮੈਂ ਉਨ੍ਹਾਂ ਦੀ ਜਗ੍ਹਾਂ ਹੁੰਦਾ ਤਾਂ ਮੈਂ ਆਪਣੀ ਗਲਤੀ ਮੰਨਣ ਅਤੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਇਕ ਮਿੰਟ ਵੀ ਨਹੀਂ ਲਾਉਂਦਾ।”

ਇਹ ਦੱਸਦਿਆਂ ਕਿ ਸਾਰਾ ਦੇਸ਼ ਕਿਸਾਨੀ ਦੇ ਦਰਦ ਅਤੇ ਉਨ੍ਹਾਂ ਦੀ ਹੋਂਦ ਵਾਸਤੇ ਲੜੇ ਜਾ ਰਹੇ ਸੰਘਰਸ਼ ਦੇ ਨਾਲ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਨੂੰ ਆੜ੍ਹਤੀਆ ਤੇ ਮੰਡੀ ਸਿਸਟਮ ਨੂੰ ਖਾਰਜ ਕਰਨ ਦੀ ਬਜਾਏ ਮੌਜੂਦਾ ਪ੍ਰਣਾਲੀ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ, ”ਉਹ ਇਸ ਨੂੰ ਖਤਮ ਕਿਉਂ ਕਰ ਰਹੇ ਹਨ? ਉਨ੍ਹਾਂ ਨੂੰ ਇਹ ਕਿਸਾਨਾਂ ਉਤੇ ਛੱਡ ਦੇਣਾ ਚਾਹੀਦਾ ਹੈ ਕਿ ਉਹ ਕੀ ਚਾਹੁੰਦੇ ਹਨ।” ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਖਰੀਦਦਾਰ ਨੂੰ ਖਰੀਦ ਤੋਂ ਨਹੀਂ ਰੋਕਦਾ ਪਰ ਇਹ ਪੂਰੀ ਤਰ੍ਹਾਂ ਸਥਾਪਿਤ ਪ੍ਰਣਾਲੀ ਦੀ ਕੀਮਤ ‘ਤੇ ਆਗਿਆ ਨਹੀਂ ਦੇਣੀ ਚਾਹੀਦੀ ਜਿਸ ਸਿਸਟਮ ਨੇ ਕਿਸਾਨਾਂ ਨੂੰ ਦਹਾਕਿਆਂ ਤੋਂ ਫਾਇਦਾ ਪਹੁੰਚਾਇਆ ਹੈ।
ਮੁੱਖ ਮੰਤਰੀ ਨੇ ਅੱਗੇ ਮੰਗ ਕੀਤੀ ਕਿ ਭਾਰਤ ਸਰਕਾਰ ਐਮ.ਐਸ.ਪੀ. ਨੂੰ ਕਾਨੂੰਨੀ ਹੱਕ ਦੇਣ ਲਈ ਕਿਉਂ ਨਹੀਂ ਤਿਆਰ ਜੇ ਉਹ ਸੁਹਿਰਦਤਾ ਨਾਲ ਦਾਅਵਾ ਕਰ ਰਹੀ ਹੈ ਕਿ ਇਸ ਨੂੰ ਖਤਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, ”ਐਮ.ਐਸ.ਪੀ. ਸਾਡਾ ਹੱਕ ਹੈ।” ਉਨ੍ਹਾਂ ਅੱਗੇ ਕਿਹਾ, ”ਜੇ ਐਮ.ਐਸ.ਪੀ. ਦੀ ਗਾਰੰਟੀ ਨਹੀਂ ਹੈ ਅਤੇ ਜੇਕਰ ਕਾਂਗਰਸ ਅਤੇ ਭਾਜਪਾ ਜੋ ਸਮਰਥਨ ਮੁੱਲ ਦੇ ਸਥਾਈ ਰਹਿਣ ਦਾ ਵਾਅਦਾ ਕਰਦੀ ਹੈ, ਨੂੰ ਛੱਡ ਕੇ ਹੋਰ ਰਾਜਸੀ ਪਾਰਟੀ ਕੇਂਦਰ ਵਿੱਚ ਸੱਤਾ ਉਤੇ ਆਉਂਦੀ ਹੈ ਤਾਂ ਇਸ ਗੱਲ ਦੀ ਕੌਣ ਗਾਰੰਟੀ ਲਵੇਗਾ ਕਿ ਕਿਸਾਨਾਂ ਨੂੰ ਘੱਟੋ-ਘੱਟ ਮੁੱਲ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੋਣ ਕਰਕੇ ਮੋਦੀ ਸਰਕਾਰ ਨੂੰ ਕਾਨੂੰਨ ਲਿਆਉਣ ਤੋਂ ਪਹਿਲਾਂ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ ਅਤੇ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਰਾਹੀਂ ਕਿਸਾਨਾਂ ‘ਤੇ ਥੋਪ ਨਹੀਂ ਸੀ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਸਾਰੇ ਸੂਬਿਆਂ ਦੇ ਕਿਸਾਨਾਂ ਨਾਲ ਵੀ ਸਲਾਹ ਕੀਤੀ ਜਾਂਦੀ ਕਿਉਂਕਿ ਹਰੇਕ ਸੂਬੇ ਦੀਆਂ ਆਪਣੀਆਂ ਸਮੱਸਿਆਵਾਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਾਂ ਪੰਜਾਬ ਨਾਲ ਸਲਾਹ ਤੱਕ ਨਹੀਂ ਕੀਤੀ ਜਿਸ ਨੂੰ ਭਾਰਤ ਦੇ ਅਨਾਜ ਭੰਡਾਰ ਵਜੋਂ ਜਾਣਿਆ ਜਾਂਦਾ ਹੈ।

Leave a Reply

Your email address will not be published. Required fields are marked *