ਪਟਿਆਲਾ

72ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਪਟਿਆਲਾ, 5 ਜਨਵਰੀ (ਮਧੂਸਾਰ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੋਲੋ ਗਰਾਊਂਡ (ਰਾਜਾ ਭਿਦਰ ਸਿੰਘ ਸਪੋਰਟਸ ਕੰਪਲੈਕਸ) ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ, ਜੋ ਕਿ ਅਜੇ ਵੀ ਚਿੰਤਾ ਦਾ ਕਾਰਨ ਬਣੀ ਹੋਈ ਹੈ, ਦੇ ਚੱਲਦਿਆਂ ਕੌਮੀ ਮਹੱਤਤਾ ਵਾਲੇ ਇਸ ਦਿਹਾੜੇ ਮੌਕੇ ਦਰਸ਼ਕਾਂ ਦੀ ਹਾਜ਼ਰੀ ਆਮ ਨਾਲੋਂ 50 ਫੀਸਦੀ ਘੱਟ ਰੱਖੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮਾਗਮ ਸਬੰਧੀ ਕਰਵਾਏ ਜਾਣ ਵਾਲੇ ਵੱਖ-ਵੱਖ ਕਾਰਜਾਂ ਲਈ ਵੱਖ-ਵੱਖ ਵਿਭਾਗੀ ਕਮੇਟੀਆਂ ਦਾ ਵੀ ਗਠਨ ਕੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ। ਇਸ ਤੋਂ ਬਿਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ ’ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਕਰਕੇ ਇਸ ਵਾਰ ਸਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ ਪਰੰਤੂ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ, ਜਿਨ੍ਹਾਂ ’ਚ ਤੰਦਰੁਸਤ ਪੰਜਾਬ, ਕੋਵਿਡ ਸਬੰਧੀਂ ਪੰਜਾਬ ਦੀਆਂ ਪ੍ਰਾਪਤੀਆਂ, ਨਸ਼ਾ ਮੁਕਤੀ ਪ੍ਰੋਗਰਾਮ ਤਹਿਤ ਬੱਡੀਜ ਤੇ ਡੈਪੋ ਪ੍ਰੋਗਰਾਮ, ਘਰ-ਘਰ ਹਰਿਆਲੀ, ਸੇਵਾ ਦਾ ਅਧਿਕਾਰ ਸਮੇਤ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਬਾਰੇ ਝਾਕੀਆਂ ਕੱਢਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ’ਚ ਵਿਭਾਗ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਸਕੀਮਾਂ ਤੇ ਲੋਕ ਪੱਖੀ ਕਾਰਜਾਂ ਨੂੰ ਦਰਸਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ ਧਾਲੀਵਾਲ ਤੇ ਸੰਜੀਵ ਸਾਗਰ, ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ, ਡੀ.ਐਫ.ਐਸ.ਸੀ. ਸ. ਹਰਸ਼ਰਨਜੀਤ ਸਿੰਘ ਬਰਾੜ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐਸ.ਐਲ. ਗਰਗ, ਦਵਿੰਦਰ ਕੌਸ਼ਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਸਵਤ ਰਾਜਦਾਨ, ਏ.ਪੀ.ਓ. ਵਿਜੇ ਧੀਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *