ਬਿੱਟੂ ਅਤੇ ਜ਼ੀਰਾ ’ਤੇ ਹੋਇਆ ਹਮਲਾ ‘ਆਪ’ ਦੀ ਸਾਜਿਸ਼ : ਕੈਪਟਨ ਅਮਰਿੰਦਰ ਸਿੰਘ
ਬੋਲੇ, ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਪੰਜਾਬ ਨੇ ਕਦੇ ਨਹੀਂ ਦਿੱਤੀ ਸਹਿਮਤੀ
ਪਟਿਆਲਾ 25 ਜਨਵਰੀ (ਰਮਨਦੀਪ/ਮਧੂਸਾਰ ਬਿਊਰੋ) ਸਿੰਘੂ ਬਾਰਡਰ ’ਤੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਵੀਰ ਸਿੰਘ ਜ਼ੀਰਾ ’ਤੇ ਕੀਤੇ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਆਮ ਆਦਮੀ ਪਾਰਟੀ ਦੇ ਕੈਂਪ ਨੇੜੇ ਵਾਪਰੀ ਅਤੇ ਕਾਂਗਰਸੀ ਆਗੂਆਂ ’ਤੇ ਕਰਵਾਇਆ ਗਿਆ ਇਹ ਹਮਲਾ ਆਮ ਆਦਮੀ ਪਾਰਟੀ ਦੀ ਸਾਜਿਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਘਟਨਾ ਕਿਸੇ ਨਾਲ ਵੀ ਵਾਪਰ ਸਕਦੀ ਹੈ ਅਤੇ ਇਹ ਹਮਲਾ ਕਰਵਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਸੋਚ ਲੈਣਾ ਚਾਹੀਦਾ ਸੀ ਕਿ ਇਹ ਲੋਕ ਰਾਜ ਅਤੇ ਧੱਕਾ ਰਾਜ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਅੱਜ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਕਰਵਾਏ ਪ੍ਰੋਗਰਾਮ ਮੌਕੇ ਗੱਲਬਾਤ ਕਰ ਰਹੇ ਸਨ।
ਇਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲਿਆਉਣ ਤੋਂ ਪਹਿਲਾਂ ਪੰਜਾਬ ਕੇਂਦਰੀ ਕਮੇਟੀ ਦਾ ਕਦੇ ਵੀ ਹਿੱਸਾ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਨੂੰ ਕੌਮਾਂਤਰੀ ਮੁੱਦਿਆਂ ਬਾਰੇ ਸਮਝ ਰੱਖਕੇ ਬੋਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤੀ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਖਜ਼ਾਨਾ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦੇ ਮਸਲਿਆਂ ਨੂੰ ਚੁੱਕਿਆ ਗਿਆ, ਜਦਕਿ ਖੇਤੀ ਕਾਨੂੰਨਾਂ ’ਤੇ ਪੰਜਾਬ ਸਰਕਾਰ ਨੇ ਕਦੇ ਵੀ ਸਹਿਮਤੀ ਨਹੀਂ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਘਵ ਚੱਢਾ ਜਿਸ ਆਰਟੀਆਈ ਨੂੰ ਆਧਾਰ ਬਣਾ ਕੇ ਬਿਆਨਬਾਜ਼ੀ ਕਰ ਰਿਹਾ ਉਸ ’ਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਇਸ਼ਾਰੇ ’ਤੇ ਰਾਘਵ ਚੱਢਾ ਵੱਲੋਂ ਜਾਣ ਬੁੱਝ ਕੇ ਅਜਿਹੇ ਮੁੱਦਿਆਂ ਨੂੰ ਉਛਾਲਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ, ਜਦਕਿ ਪੰਜਾਬ ਦੇ ਲੋਕ ਸਾਰੀ ਸੱਚਾਈ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਉਹੀ ਕੁਝ ਕਹਿ ਰਿਹਾ ਜੋ ਏਨਾ ਦਾ ਕੇਜਰੀਵਾਲ ਕਹਾਉਣਾ ਚਾਹੁੰਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਨਾਲ ਕਿਸੇ ਵੀ ਗੜਬੜੀ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਹੁਣ ਤੱਕ ਸੰਘਰਸ਼ ਨੂੰ ਬਹੁਤ ਹੀ ਸਮਝ ਅਤੇ ਸੁਚੇਤ ਹੋ ਕੇ ਚਲਾਇਆ ਜਾ ਰਿਹਾ। ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਪਰੇਡ ’ਚ ਸਿਆਸੀ ਪਾਰਟੀਆਂ ਦੇ ਲੋਕ ਵੀ ਹਿੱਸਾ ਲੈ ਰਹੇ ਹਨ ਅਤੇ ਆਸ ਕਰਦਾ ਹੈ ਕਿ ਕਿਸਾਨ ਜਥੇਬੰਦੀਆਂ ਕਿਸੇ ਵੀ ਤਰ੍ਹਾਂ ਗੜ੍ਹਬੜੀ ਨਹੀਂ ਹੋਣ ਦੇਣਗੀਆਂ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਕੱਢੀ ਜਾ ਰਹੀ ਪਰੇਡ ’ਚ ਦੇਸ਼ ਦਾ ਕੌਮਾਂਤਰੀ ਝੰਡਾ ਅਤੇ ਕਿਸਾਨੀ ਦਾ ਝੰਡਾ ਲਗਾਕੇ ਦੇਸ਼ ਭਗਤੀ ਦਾ ਕਿਸਾਨ ਜਥੇਬੰਦੀਆਂ ਨੇ ਚੰਗੀ ਮਿਸਾਲ ਪੇਸ਼ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਵਿਧਾਇਕ ਹਰਦਿਆਲ ਕੰਬੋਜ, ਮੇਅਰ ਸੰਜੀਵ ਸ਼ਰਮਾ ਬਿੱਟੂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

