ਪੰਜਾਬਪਟਿਆਲਾ

ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਰੋਸ ਪ੍ਰਦਰਸ਼ਨ

ਪਟਿਆਲਾ 22 ਫਰਵਰੀ (ਰਮਨਦੀਪ/ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਵੱਲੋਂ ਦਿਨੋਂ ਦਿਨ ਵੱਧਦੀਆਂ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਜ਼ਿਲ੍ਹਾ ਪਟਿਆਲਾ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ‘ਆਪ’ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਲੰਟੀਅਰਾਂ ਨੇ ਕਾਂਗਰਸ ਦੀ ਸੂਬਾ ਸਰਕਾਰ ਖਿਲਾਫ ਨਾਅਰਬਾਜ਼ੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਅਤੇ ਜਸਬੀਰ ਗਾਂਧੀ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋਕਾਂ ਦਾ ਕਾਰੋਬਾਰ ਤਬਾਹ ਹੋ ਗਿਆ ਹੈ। ਲੋਕ ਆਰਥਿਕ ਮਾਰ ਝੱਲ ਰਹੇ ਹਨ। ਇਸ ਦੌਰਾਨ ਪੰਜਾਬ ਦੀ ਸੂਬਾ ਕੈਪਟਨ ਸਰਕਾਰ ਆਪਣੇ ਖਜ਼ਾਨੇ ਭਰਨ ਲਈ ਤੇਲ ਉੱਤੇ ਵਾਧੂ ਟੈਕਸ ਲਗਾਕੇ ਲੋਕਾਂ ਉੱਤੇ ਹੋਰ ਆਰਥਿਕ ਬੋਝ ਪਾ ਰਹੀ ਹੈ। ਤੇਲ ਦੀਆਂ ਕੀਮਤਾਂ ਵੱਧਣ ਨਾਲ ਹਰ ਆਦਮੀ ਦੀ ਰੋਜ਼ਮਰਾਂ ਦੀ ਜ਼ਿੰਦਗੀ ਉੱਤੇ ਪ੍ਰਭਾਵ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉੱਤੇ ਟੈਕਸ ਲਗਾਕੇ ਉਨ੍ਹਾਂ ਨੂੰ ਹੋਰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਉਤਰ ਭਾਰਤ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੈਟਰੋਲ 4.1 ਰੁਪਏ ਮਹਿੰਗਾ ਅਤੇ ਡੀਜ਼ਲ ਦੀ ਕੀਮਤ 3.1 ਸਭ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ, ਪਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਹੈ। ਕੈਪਟਨ ਸਾਹਿਬ ਸੂਬੇ ਦੀ ਸੰਪਤੀ ਤਾਂ ਮਾਫੀਆ ਨੂੰ ਲੁਟਾਕੇ ਆਪਣੀ ਅਤੇ ਆਪਣੇ ਚਹੇਤਿਆਂ ਦੀਆਂ ਤਿਜੌਰੀਆਂ ਭਰ ਰਹੇ ਹਨ, ਪ੍ਰੰਤੂ ਸਰਕਾਰੀ ਖਜ਼ਾਨਾ ਭਰਨ ਲਈ ਲੋਕਾਂ ਤੋਂ ਤੇਲ ਉੱਤੇ ਵਾਧੂ ਟੈਕਸ ਲੈ ਰਹੇ ਹਨ, ਜਿਸ ਨਾਲ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਰਿਹਾ ਹੈ। ਦਿਨੋਂ ਦਿਨ ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਬੋਝ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਉੱਤੇ ਹੋਰ ਆਰਥਿਕ ਮਾਰ ਪੈ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਉਤੇ ਦੋਵੇਂ ਪਾਸੇ ਤੋਂ ਮਾਰ ਪੈ ਰਹੀ ਹੈ। ਇਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਤਰ੍ਹਾਂ ਤਰ੍ਹਾਂ ਦੇ ਜ਼ੁਲਮ ਕਰ ਰਹੀ ਹੈ। ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉਤੇ ਲਗਾਏ ਜਾ ਰਹੇ ਵਾਧੂ ਟੈਕਸ ਨਾਲ ਲੋਕਾਂ ਦਾ ਕਚਮੂਰ ਕੱਢ ਰਹੇ ਹਨ। ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਵੇਗਾ ਜੋ ਕਿ ਗਰੀਬ ਲੋਕਾਂ ਉਤੇ ਹੋਰ ਮਾਰ ਪਵੇਗੀ। ਪੰਜਾਬ ਦੇ ਮੁੱਖ ਮੰਤਰੀ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹਨ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ ਹੇਠ ਭਾਜਪਾ ਦੇ ਮੁੱਖ ਮੰਤਰੀ ਵਜੋਂ ਕੰਮ ਕਰਦੇ ਹੋਏ ਲੋਕਾਂ ਉੱਤੇ ਵਾਧੂ ਟੈਕਸ ਲਗਾਕੇ ਆਰਥਿਕ ਬੋਝ ਪਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਟੈਕਸ ਘੱਟ ਕਰਕੇ ਤੇਲ ਦੀਆਂ ਕੀਮਤਾਂ ਘੱਟ ਕਰੇ।

Leave a Reply

Your email address will not be published. Required fields are marked *