ਦੇਸ਼-ਵਿਦੇਸ਼

ਪੁਡੂਚੇਰੀ ’ਚ ਹੋਵੇਗਾ ਰਾਸ਼ਟਰਪਤੀ ਸ਼ਾਸਨ

ਨਵੀਂ ਦਿੱਲੀ 24 ਫਰਵਰੀ (ਮਧੂਸਾਰ ਬਿਊਰੋ) ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪੁਡੂਚੇਰੀ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਹਫਤੇ ਭਰੋਸੇ ਦੀ ਵੋਟ ਪ੍ਰਸਤਾਵ ’ਤੇ ਵੋਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਡਿੱਗ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਹੋਈ ਕੇਂਦਰੀ ਮੰਤਰੀਮੰਡਲ ਦੀ ਬੈਠਕ ’ਚ ਇਸ ਪ੍ਰਸਤਾਵ ਨੂੰ ਮਨਜੂਰੀ ਦਿੱਤੀ ਗਈ। ਬੈਠਕ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦੱਸਿਆ ਕਿ ਪੁਡੂਚੇਰੀ ’ਚ ਸੱਤਾਧਾਰੀ ਦਲ ਦੇ ਕੁਝ ਵਿਧਾਇਕਾਂ ਨੇ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਨਾਰਾਇਣਸਾਮੀ ਦੀ ਅਗਵਾਈ ਵਾਲੀ ਸਰਕਾਰ ਨੇ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਸਤੀਫਾ ਦੇਣ ਤੋਂ ਬਾਅਦ ਕਿਸੇ ਨੇ ਵੀ ਸਰਕਾਰ ਗਠਨ ਦਾ ਦਾਅਵਾ ਪੇਸ਼ ਨਹੀਂ ਕੀਤਾ। ਇਸ ਤੋਂ ਬਾਅਦ ਉੱਪ ਰਾਜਪਾਲ ਨੇ ਪੁਡੂਚੇਰੀ ’ਚ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ। ਜਾਵਡੇਕਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਇਸ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਤੋਂ ਬਾਅਦ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਵਿਧਾਨ ਸਭਾ ਭੰਗ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਡੂਚੇਰੀ ’ਚ ਵਿਧਾਨ ਸਭਾ ਚੋਣਾਂ ਦੀਆਂ ਤਰੀਖਾਂ ਦਾ ਐਲਾਨ ਆਉਣ ਵਾਲੇ ਦਿਨਾਂ ’ਚ ਹੋਣ ਦੀ ਉਮੀਦ ਹੈ ਅਤੇ ਇਸ ਤੋਂ ਬਾਅਦ ਚੋਣ ਜਾਬਤਾ ਲਾਗੂ ਹੋ ਜਾਵੇਗੀ।

Leave a Reply

Your email address will not be published. Required fields are marked *