ਪਟਿਆਲਾ ’ਚ ਕੋਵਿਡ ਦੀ ਟੈਸਟਿੰਗ ਤੇ ਸੈਂਪਿਗ ਵਧਾਉਣ ਦੇ ਨਿਰਦੇਸ਼
ਪਟਿਆਲਾ, 25 ਫਰਵਰੀ (ਮਧੂਸਾਰ ਬਿਊਰੋ) ਕੋਵਿਡ-19 ਤੋਂ ਬਚਾਅ ਲਈ ਲਗਾਈ ਜਾ ਰਹੀ ਕੋਵਿਡ ਵੈਕਸੀਨ ਨੂੰ ਜ਼ਿਲ੍ਹੇ ’ਚ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਵੈਕਸੀਨ ਦੇ ਪਹਿਲੇ ਤੇ ਦੂਜੇ ਗੇੜ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਹੈਲਥ ਕੇਅਰ ਵਰਕਰਜ਼, ਫਰੰਟ ਲਾਈਨ ਵਰਕਰ, ਪੁਲਿਸ ਵਿਭਾਗ, ਹਥਿਆਰਬੰਦ ਸੈਨਾ, ਹੋਮਗਾਰਡ ਅਤੇ ਮਿਊਂਸੀਪਲ ਕਮੇਟੀ ਦੇ ਵਰਕਰਾਂ ਸਮੇਤ ਮੁਹਰੀ ਕਤਾਰ ’ਚ ਡਿਊਟੀ ਨਿਭਾਅ ਰਹੇ ਵਲੰਟੀਅਰਾਂ ਨੂੰ ਇਹ ਵੈਕਸੀਨ ਲਗਾਈ ਜਾ ਰਹੀ ਅਤੇ ਹੁਣ ਤੀਜੇ ਗੇੜ ’ਚ 50 ਸਾਲ ਤੋਂ ਜ਼ਿਆਦਾ ਉਮਰ ਵਾਲੇ ਵਿਅਕਤੀਆਂ ਅਤੇ 50 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ, ਜਿਨ੍ਹਾਂ ਨੂੰ ਕੋਈ ਗੰਭੀਰ ਬਿਮਾਰੀ ਹੈ, ਨੂੰ ਕੋਵਿਡ ਵੈਕਸੀਨ ਦਿੱਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਦਿਨਾਂ ’ਚ 50 ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾਣੀ ਹੈ, ਇਸ ਲਈ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਵੈਕਸੀਨ ਸਬੰਧੀ ਪੂਰੀ ਜਾਣਕਾਰੀ ਮਿਲ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਟੈਸਟਿੰਗ ਵਧਾਉਣ ਅਤੇ ਉਨ੍ਹਾਂ ਕੋਵਿਡ ਪਾਜ਼ੀਟਿਵ ਕੇਸਾਂ ਦੇ ਸੰਪਰਕ ’ਚ ਆਪਏ ਵਿਅਕਤੀਆਂ ਦੀ ਸੈਪਿਗ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਸਤਿੰਦਰ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ, ਡੀ.ਈ.ਓ. ਇੰਜ. ਅਮਰਜੀਤ ਸਿੰਘ, ਡੀ.ਐਸ.ਐਸ.ਓ. ਵਰਿੰਦਰ ਸਿੰਘ ਟਿਵਾਣਾ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਐਸ.ਐਮ.ਓਜ਼ ਮੌਜੂਦ ਸਨ।

