ਮਾਸਕ ਨਾ ਪਹਿਨਣ ਵਾਲਿਆਂ ਦੇ ਜੁਰਮਾਨੇ ਦੇ ਨਾਲ ਨਾਲ ਕੀਤੇ ਜਾਣਗੇ ਕੋਵਿਡ-19 ਟੈਸਟ -ਸੋਨੀ
ਅੰਮਿ੍ਰਤਸਰ, 12 ਮਾਰਚ (ਸੋਨੁੰ ਨਰੂਲਾ/ਮਧੂਸਾਰ ਬਿਊਰੋ) ਜਿਲੇ੍ਹ ਵਿੱਚ ਕਰੋਨਾ ਮਹਾਂਮਾਰੀ ਦੇ ਲਗਾਤਾਰ ਕੇਸ ਵੱਧ ਰਹੇ ਹਨ ਜਿਸ ਦਾ ਮੁੱਖ ਕਾਰਨ ਲੋਕਾਂ ਦੁਆਰਾ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨਾ ਹੈ ਅਤੇ ਲੋਕ ਫਿਰ ਬਿਨਾਂ ਮਾਸਕ ਤੋਂ ਘੁੰਮ ਫਿਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਕਰੋਨਾ ਦੇ ਦੂਜੇ ਪੜਾਅ ਨੂੰ ਲੈ ਕੇ ਮੈਡੀਕਲ ਕਾਲਜ ਵਿਖੇ ਪ੍ਰਸਾਸ਼ਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਅ ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਫਿਰ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਅਹਿਤੀਆਤ ਵਰਤਣ ਦੀ ਜਰਰੂਤ ਹੈ। ਉਨ੍ਹਾਂ ਕਿਹਾ ਕਿ 95 ਫੀਸਦੀ ਤੋਂ ਜਿਆਦਾ ਲੋਕ ਬਿਨਾਂ ਮਾਸਕ ਤੋਂ ਘੁੰਮ ਰਹੇ ਹਨ ਜਿਸ ਕਰਕੇ ਕਰੋਨਾ ਦੇ ਕੇਸ ਵੱਧ ਰਹੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਲੋਕਾਂ ਦਾ ਇਲਾਜ ਕਰ ਸਕਦੀ ਹੈ ਪ੍ਰੰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਰੋਨਾ ਦੇ ਦੂਜੇ ਪੜਾਅ ਨੂੰ ਲੈ ਕੇ ਆਪਣੇ ਬੁੁਨਿਆਦੀ ਢਾਂਚੇ ਨੂੰ ਚੁਸਤ ਦਰੁੱਸਤ ਰੱਖਣ ਤਾਂ ਜੋ ਲੋੜ ਪੈਣ ਤੇ ਕਿਸੋੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਸ੍ਰੀ ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਦੀ ਲੈਬ ਵਿਚ ਰੋਜਾਨਾ 13000 ਤੋਂ ਵੱਧ ਕਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ ਜਿੰਨਾਂ ਵਿੱਚ ਅੰਮਿ੍ਰਤਸਰ ਦੇ ਰੋਜਾਨਾ 3000 ਤੋਂ ਵੱਧ ਲੋਕਾਂ ਦੇ ਟੈਸਟ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲੇ੍ਹ ਅੰਦਰ ਹੁਣ ਤੱਕ 10000 ਤੋਂ ਵੱਧ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਟੈਸਟ ਕੀਤੇ ਗਏ ਹਨ ਜਿੰਨਾਂ ਵਿੱਚ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਵੀ ਕਰੋਨਾ ਪਾਜਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ ਵਟਾਂਦਰਾ ਕਰਨਗੇ ਕਿ ਸਕੂਲਾਂ ਨੂੰ ਬੰਦ ਕਰਨਾ ਜਾਂ ਨਹੀਂ।
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਕਿਹਾ ਕਿ ਅਜੇ ਜਿਲੇ੍ਹ ਵਿੱਚ ਨਾਈਟ ਕਰਫਿਊ ਲਗਾਉਣ ਦਾ ਕੋਈ ਵਿਚਾਰ ਨਹੀਂ ਜੇਕਰ ਲੋੜ ਪਈ ਤਾਂ ਲਗਾਇਆ ਜਾਵੇਗਾ। ਸ੍ਰੀ ਸੋਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭੀੜ ਭੜੱਕੇ ਵਾਲੀਆਂ ਥਾਂਵਾਂ ਤੇ ਮਾਸਕ ਦੀ ਵਰਤੋਂ ਨਾ ਕਰਨ ਵਾਲਿਆਂ ਖਿਲਾਫ ਜੁਰਮਾਨੇ ਵੀ ਕੀਤੇ ਜਾਣ ਅਤੇ ਇਨ੍ਹਾਂ ਦੀ ਵਰਤੋਂ ਨਾ ਕਰਨ ਵਾਲਿਆਂ ਦੇ ਟੈਸਟ ਵੀ ਕੀਤੇ ਜਾਣ। ਸ੍ਰੀ ਸੋਨੀ ਨੇ ਕਿਹਾ ਕਿ ਜਿਹੜੇ ਦੁਕਾਨਦਾਰ ਖੁਦ ਮਾਸਕ ਨਹੀਂ ਪਾਉਂਦੇ ਅਤੇ ਆਉਣ ਵਾਲੇ ਗਾਹਕਾਂ ਨੂੰ ਬਿਨਾਂ ਮਾਸਕ ਤੋਂ ਦੁਕਾਨ ਵਿੱਚ ਦਾਖਲ ਹੋਣ ਦਿੰਦੇ ਹਨ ਦੇ ਵੀ ਟੈਸਟ ਕੀਤੇ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰਖਿਅਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਵੀ ਵੈਕਸੀਨ ਲਗਵਾਈ ਹੈ ਅਤੇ ਇਸ ਦੇ ਨਾਲ ਨਾਲ ਜਿਲੇ੍ਹ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹੋਰ ਉਚ ਅਧਿਕਾਰੀਆਂ ਵੱਲੋਂ ਵੀ ਵੈਕਸੀਨ ਲਗਾਈ ਗਈ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪ੍ਰਸਾਸ਼ਨ ਵੱਲੋਂ ਪੂਰੇ ਇੰਤਜਾਮ ਕੀਤੇ ਗਏ ਹਨ ਜਿਸ ਵਿੱਚ ਆਕਸੀਜਨ ਦੀ ਸਪਲਾਈ, ਡਾਕਟਰੀ ਅਮਲਾ ਆਦਿ ਸ਼ਾਮਲ ਹਨ। ਸ੍ਰ ਖਹਿਰਾ ਨੇ ਦੱਸਿਆ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਰੋਨਾ ਦੀ ਦੂਜੀ ਲਹਿਰ ਤੋਂ ਬਚਿਆ ਜਾ ਸਕੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਡਾ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮੁਫ਼ਤ ਵਿੱਚ ਮਾਸਕ ਵੰਡੇ ਜਾ ਰਹੇ ਹਨ ਅਤੇ ਪੁਲਿਸ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਮਾਸਕ ਦਿੱਤੇ ਜਾ ਰਹੇ ਹਨ।

