1974 ਦੇ ਸਮਝੌਤੇ ਕਾਰਨ ਸਿੱਖ ਜਥਾ ਪਾਕਿਸਤਾਨ ਨਹੀਂ ਭੇਜਿਆ : ਗ੍ਰਹਿ ਰਾਜ ਮੰਤਰੀ
ਨਵੀਂ ਦਿੱਲੀ 16 ਅਪ੍ਰੈਲ (ਮਧੂਸਾਰ ਬਿਊਰੋ) ਸਰਕਾਰ ਨੇ ਇਸ ਸਾਲ ਫਰਵਰੀ ਵਿਚ ਸਿੱਖ ’ਜਥੇ’ ਨੂੰ ਨਨਕਾਣਾ ਸਾਹਿਬ ਦੇ ਦਰਸਨ ਕਰਨ ਦੀ ਇਜਾਜਤ ਤੋਂ ਇਨਕਾਰ ਕਰਨ ਦਾ ਕਾਰਨ ਪਾਕਿਸਤਾਨ ਵਿਚ ਕੋਵਿਡ-19 ਦੇ ਵੱਧ ਰਹੇ ਕੇਸ ਅਤੇ ਸੁਰੱਖਿਆ ਚਿੰਤਾਵਾਂ ਸਨ।
ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸਨ ਰੈੱਡੀ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਮਝੌਤੇ ਤਹਿਤ ਹਰ ਸਾਲ ਚਾਰ ਮੌਕਿਆਂ ਵਿਸਾਖੀ, ਗੁਰੂ ਅਰਜਨ ਦੇਵ ਜੀ ਦਾ ਸਹੀਦੀ ਦਿਹਾੜਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ’ਤੇ ਪਾਕਿਸਤਾਨ ਜਾ ਸਕਦੇ ਹਨ। ਮੰਤਰੀ ਨੇ ਕਿਹਾ ਕਿ 18 ਫਰਵਰੀ ਨੂੰ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਲਈ ਪ੍ਰਸਤਾਵਿਤ ਜਥਾ 1974 ਵਿਚ ਹੋਏ ਸਮਝੌਤੇ ਅਧੀਨ ਨਹੀਂ ਹੈ। ਇਸ ਤੋਂ ਇਲਾਵਾ ਸਰਕਾਰ ਕੋਲ ਜਿਹੜੀ ਜਾਣਕਾਰੀ ਹੈ ਉਸ ਮੁਤਾਬਕ ਇਸ ਤੋਂ ਪਹਿਲਾਂ ਅਜਿਹੇ ਮੌਕੇ ’ਤੇ ਕੋਈ ਵੀ’ ਜਥਾ ਪਾਕਿਸਤਾਨ ਨਹੀਂ ਗਿਆ ਸੀ। ਪਾਕਿਸਤਾਨ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ, ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦੇ ਮੱਦੇਨਜਰ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਦਿੱਤੀ ਗਈ।

