ਦੇਸ਼-ਵਿਦੇਸ਼ਪੰਜਾਬ

ਸਿਰਸਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬੁੱਤ ਲਾਉਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ

ਕੇਂਦਰ ਸਰਕਾਰ ਦੇ ਕਦਮ ਵਿਰੁੱਧ ਪ੍ਰਧਾਨ ਮੰਤਰੀ ਨੁੰ ਲਿਖਿਆ ਪੱਤਰ, ਤਜਵੀਜ਼ ਵਾਪਸ ਲੈਣ ਲਈ ਕਿਹਾ
ਨਵੀਂ ਦਿੱਲੀ, 4 ਅਪ੍ਰੈਲ (ਮਨਪ੍ਰੀਤ ਵੋਹਰਾ/ਮਧੂਸਾਰ ਬਿਊਰੋ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਅੱਗੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬੁੱਤ ਲਾਉਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਐਲਾਨ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਅਜਿਹਾ ਬੁੱਤ ਕਦੇ ਨਹੀਂ ਲੱਗਣ ਦੇਵੇਗੀ।

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਅਜਿਹੀ ਤਜਵੀਜ਼ ਨਾਲ ਅੱਗੇ ਵਧਣ ਦੀ ਥਾਂ ਕੇਂਦਰ ਸਰਕਾਰ ਨੂੰ ਪਹਿਲਾਂ ਦਿੱਲੀ ਵਿਚ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲ ਲਈ ਦਿੱਲੀ ਗੁਰਦੁਆਰਾ ਕਮੇਟੀ ਤੋਂ ਪ੍ਰਵਾਨਗੀ ਲੈਣੀ ਚਾਹੀਦੀ ਸੀ। ਉਹਨਾਂ ਕਿਹਾ ਕਿ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਬਹੁਤ ਜ਼ਿਆਦਾ ਮਹੱਤਤਾ ਹੈ ਤੇ ਇਹ ਸਿੱਖਾਂ ਲਈ ਬਹੁਤ ਪਵਿੱਤਰ ਅਸਥਾਨ ਹੈ ਕਿਉਕਿ ਸ੍ਰੀ ਸ੍ਰੀ ਗੁਰੂ ਤੇਗ ਸਾਹਿਬ ਜੀ ਨੇ ਮਨੁੱਖਤਾ ਖਾਸ ਤੌਰ ’ਤੇ ਹਿੰਦੂ ਭਾਈਚਾਰੇ ਨੂੰ ਔਰੰਗਜ਼ੇਬ ਦੇ ਜ਼ੁਲਮਾਂ ਤੋਂ ਬਚਾਉਣ ਲਈ ਆਪਣੀ ਅਦੁੱਤੀ ਸ਼ਹਾਦਤ ਦਿੱਤੀ ਸੀ। ਇਹ ਗੱਲ ਪ੍ਰਧਾਨ ਮੰਤਰੀ ਨੇ ਖੁਦ ਪਿਛਲੇ ਸਮੇਂ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਵੱਲਂ ਆਯੋਜਿਤ ਪ੍ਰੋਗਰਾਮ ਦੌਰਾਨ ਸਵੀਕਾਰ ਕੀਤੀ ਸੀ।
ਉਹਨਾਂ ਕਿਹਾ ਕਿ ਪਹਿਲਾਂ ਦਿੱਲੀ ਸਰਕਾਰ ਨੇ ਭਾਈ ਮਤੀ ਦਾਸ ਚੌਂਕ ਦੇ ਨਵੀਨੀਕਰਨ ਦੀ ਤਜਵੀਜ਼ ਤਿਆਰ ਕੀਤੀ ਸੀ ਪਰ ਇਸ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਤੋਂ ਪ੍ਰਵਾਨਗੀ ਵੀ ਲਈ ਸੀ ਤੇ ਨਵੀਨੀਕਰਨ ਵਾਸਤੇ ਨਕਸ਼ੇ ਵੀ ਪ੍ਰਵਾਨ ਕਰਵਾਏ ਸਨ ਤੇ ਸੇਵਾ ਵੀ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਸੀ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਬੁੱਤ ਲਾਉਣ ਦੀ ਸਿੱਖ ਧਰਮ ਵਿਚ ਬਿਲਕੁਲ ਮਨਾਹੀ ਹੈ ਤੇ ਇਹ ਸਿੱਖੀ ਦੇ ਮੂਲ ਸਿਧਾਂਤਾਂ ਦੇ ਖਿਲਾਫ ਹੈ। ਉਹਨਾ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਤੋਂ ਸਿੱਖ ਭਾਈਚਾਰਾ ਹੈਰਾਨ ਹੈ ਤੇ ਸਮੁੱਚੀ ਕੌਮ ਅਜਿਹੀ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰੇਗੀ ਤੇ ਕਿਸੇ ਵੀ ਹਾਲਤ ਵਿਚ ਗੁਰਦੁਆਰਾ ਸੀਸ ਗੰਜ ਸਾਹਿਬ ਅੱਗੇ ਬੁੱਤ ਨਹੀਂ ਲੱਗਣ ਦੇਵੇਗੀ।
ਸ੍ਰੀ ਸਿਰਸਾ ਨੇ ਐਲਾਨ ਕੀਤਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਕਿਸੇ ਨੂੰ ਵੀ ਗੁਰਦੁਆਰਾ ਸੀਸ ਗੰਜ ਸਾਹਿਬ ਜਾਂ ਕੌਮੀ ਰਾਜਧਾਨੀ ਅੰਦਰ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਅੱਗੇ ਬੁੱਤ ਨਹੀਂ ਲਾਉਣ ਦੇਵੇਗੀ।
ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਤਜਵੀਜ਼ ਵਾਪਸ ਲੈਣ ਲਈ ਤੁਰੰਤ ਢੁਕਵੀਂਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

Leave a Reply

Your email address will not be published. Required fields are marked *