ਬੇਰੁਜ਼ਗਾਰਾਂ ’ਤੇ ਮੁੜ ਲਾਠੀਚਾਰਜ ਤੇ ਗਿ੍ਰਫਤਾਰੀਆਂ, ਕੈਪਟਨ ਸਰਕਾਰ ਤਾਨਾਸ਼ਾਹੀ ਦੇ ਰਾਹ ਪਈ !
ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਸਖਤ ਨਿਖੇਧੀ
ਪਟਿਆਲਾ 11 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਪਿਛਲੇ ਲੰਬੇ ਸਮੇਂ ਤੋਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਪਟਿਆਲਾ ਅਤੇ ਸੰਗਰੂਰ ਚ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਤੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ਤੇ ਮੁੜ ਲਾਠੀਚਾਰਜ ਕੀਤਾ ਗਿਆ ਅਤੇ ਰੁਜ਼ਗਾਰ ਦੇ ਮੁੱਦੇ ਤੇ ਬੌਲੀ ਹੋ ਚੁੱਕੀ ਸਰਕਾਰ ਨੂੰ ਸੁਣਾਉਣ ਲਈ ਬੇਰੁਜ਼ਗਾਰਾਂ ਵੱਲੋਂ ਭਾਖੜਾ ਨਹਿਰ ਵਿੱਚ ਛਾਲਾਂ ਮਾਰੀਆਂ ਗਈਆਂ ਜਿਸ ਵਰਤਾਰੇ ਦੀ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਗੁਜਰਾਤੀ ਨੇ ਕਿਹਾ ਕਿ ਕੈਪਟਨ ਸਰਕਾਰ ਸੱਤਾ ਦੇ ਨਸ਼ੇ ਵਿੱਚ ਐਨੀ ਗਰੂਰੀ ਗਈ ਹੈ ਕਿ ਹੁਣ ਬੇਰੁਜ਼ਗਾਰਾਂ ਨੂੰ ਨੌਕਰੀਆਂ ਲੈਣ ਲਈ ਵਿਦਿਅਕ ਯੋਗਤਾ ਦੇ ਨਾਲ ਨਾਲ ਟੈਂਕੀਆਂ/ਮੋਬਾਇਲ ਟਾਵਰਾਂ ‘ਤੇ ਚੜ ਕੇ ਭੁੱਖਣ ਭਾਣੇ ਬੈਠਣਾ ਪੈਦਾ ਹੈ ਜਾਂ ਆਪਣੀ ਜਾਨ ਸੂਲੀ ਤੇ ਟੰਗ ਕੇ ਨਹਿਰਾਂ ਵਿੱਚ ਛਾਲਾਂ ਮਾਰਨੀਆਂ ਪੈ ਰਹੀਆਂ ਹਨ, ਜਦ ਕਿ ਦੂਜੇ ਪਾਸੇ ਕੈਪਟਨ ਸਰਕਾਰ ਦੀ ਹੱਲਾਸ਼ੇਰੀ ਦਿੱਤੀ ਅਫਸਰਸ਼ਾਹੀ ਮਹਿਕਮਿਆਂ ਦੀ ਆਕਾਰ ਘਟਾਈ ਕਰ ਕੇ ਇਹ ਬੇਰੁਜ਼ਗਾਰਾਂ ਦੇ ਭਵਿੱਖ ਤੇ ਸਵਾਲੀਆ ਨਿਸ਼ਾਨ ਲਗਾ ਰਹੀ ਹੈ।
ਸੂਬਾ ਵਿੱਤ ਸਕੱਤਰ ਅਸਵਨੀ ਅਵਸਥੀ, ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਰਘੁਬੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਮੁੱਖ ਬੁਲਾਰੇ ਹਰਦੀਪ ਟੋਡਰਪੁਰ, ਸੰਯੁਕਤ ਸਕੱਤਰ ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪ੍ਰੈੱਸ ਸਕੱਤਰ ਪਵਨ ਮੁਕਤਸਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਸਿੰਘ, ਸਹਾਇਕ ਵਿਤ ਸਕੱਤਰ ਤੇਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਪੋਸਟਾਂ ਦਾ ਖਾਤਮਾ ਕਰਨ ਦੀ ਬਜਾਏ ਸਮੂਹ ਬੇਰੁਜ਼ਗਾਰ ਅਧਿਆਪਕਾਂ ਤੇ ਹੋਰਨਾਂ ਬੇਰੁਜ਼ਗਾਰਾ ਲਈ ਪੰਜਾਬ ਪੈਟਰਨ ਦੀ ਪੂਰੀ ਤਨਖਾਹ ਸਕੇਲ ‘ਤੇ ਪੱਕੀਆਂ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇ।

