ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ
-ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ
ਅੰਮਿ੍ਰਤਸਰ, 12 ਅਪ੍ਰੈਲ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ ਕਰ ਰਹੇ ਹਨ, ਜਦਕਿ ਉਪ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ ਤੇ ਸ. ਅਮਰਜੀਤ ਸਿੰਘ ਭਲਾਈਪੁਰ ਗਏ ਹਨ। ਇਸ ਜਥੇ ਵਿਚ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੁਈਂ ਤੇ ਬੀਬੀ ਜੋਗਿੰਦਰ ਕੌਰ ਦੇ ਨਾਲ ਜਨਰਲ ਪ੍ਰਬੰਧਕ ਵਜੋਂ ਸ. ਗੁਰਚਰਨ ਸਿੰਘ ਕੋਹਾਲਾ ਵੀ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਅੰਤਿ੍ਰੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਤੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਜਥਾ ਰਵਾਨਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਹਰਪਾਲ ਸਿੰਘ ਜੱਲ੍ਹਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਹਰ ਸਿੱਖ ਰੋਜ਼ਾਨਾ ਅਰਦਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਜਥੇ ’ਚ ਸ਼ਾਮਲ ਸ਼ਰਧਾਲੂਆਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 793 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 437 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ 356 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਇਆ ਕਰਨ ਤਾਂ ਜੋ ਉਹ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਗੁਰਬਾਣੀ ਦੀਆਂ ਸੰਥਿਆ ਸੈਂਚੀਆਂ, ਅੰਮਿ੍ਰਤ ਸੰਚਾਰ ਲਈ ਕਕਾਰਾਂ ਤੋਂ ਇਲਾਵਾ ਨਿਸ਼ਾਨ ਸਾਹਿਬ ਲਈ ਚੋਲੇ, ਖੰਡੇ, ਹਰਮੋਨੀਅਮ ਸੈੱਟ, ਦਸਤਾਰਾਂ, ਲੋਈਆਂ ਆਦਿ ਭੇਜੇ ਗਏ ਹਨ। ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸਤਬੀਰ ਸਿੰਘ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਯਾਤਰਾ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

