ਕਰੋਨਾ ਮਹਾਮਾਰੀ ਖਿਲਾਫ ‘ਜਨ ਅੰਦੋਲਨ’ ਦੀ ਸ਼ੁਰੂਆਤ
ਪਟਿਆਲਾ 16 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲਾ, ਭਾਰਤ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਕਰੋਨਾ ਮਹਾਮਾਰੀ ਪ੍ਰਤੀ ਜਾਗਰੁਕਤਾ ਫੈਲਾਉਣ ਲਈ ‘ਯੁਨਾਈਟ ਟੂ ਫਾਈਟ ਕੋਰੋਨਾ’ ਵਿਸ਼ੇ ਉਤੇ ‘ਜਨ ਅੰਦੋਲਨ’ ਤਹਿਤ ਆਨਲਾਈਨ ਮਾਧਿਅਮ ਰਾਹੀਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਕਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਆਮ ਲੋਕਾਂ ਲਈ ਚਲਾਈ ਜਾ ਰਹੀ ਇਸ ਮੁਹਿੰਮ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਦੇਸ਼ ਦੀ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਸਾਨੂੰ ਆਪਣੇ ਪੱਧਰ ਉਤੇ ਵੀ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਦੇਸ਼ ਜਲਦੀ ਇਸ ਬਿਮਾਰੀ ਤੋਂ ਨਿਜਾਤ ਪਾ ਸਕੇ।
ਕਾਲਜ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਪ੍ਰੋ. ਸਪਨਾ, ਡਾ. ਜਗਤਾਰ ਸਿੰਘ, ਪ੍ਰੋ. ਰਾਜਬਿੰਦਰ ਸਿੰਘ ਨੇ ਦੱਸਿਆ ਕਿ ਇਸ ਜਨ ਅੰਦੋਲਨ ਤਹਿਤ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਕਰੋਨਾ ਪ੍ਰਤੀ ਜਾਗਰੁਕਤਾ ਲਈ ਬਣਾਏ ਜਾ ਰਹੇ ਪੋਸਟਰ ਅਤੇ ਹੋਰ ਸਮੱਗਰੀ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ ਅਤੇ ਟਵਿਟਰ ਆਦਿ ਰਾਹੀਂ ਆਮ ਲੋਕਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਨੂੰ ਜਾਗਰੁਕ ਕੀਤਾ ਜਾ ਸਕੇ। ਉਨ੍ਹਾਂ ਇਸ ਨਾਜੁਕ ਸਮੇਂ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਇਸ ਯਤਨ ਦੀ ਪ੍ਰਸ਼ੰਸਾ ਵੀ ਕੀਤੀ।

