ਪੰਜਾਬ

ਮੁੱਖ ਮੰਤਰੀ ਵੱਲੋਂ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ !

ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ਹੋਰ ਤੇਜ ਕਰਨ ਦੇ ਆਦੇਸ਼
ਚੰਡੀਗੜ੍ਹ, 26 ਅਪ੍ਰੈਲ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨੂੰ 30 ਅਪ੍ਰੈਲ ਤੱਕ ਹਰ ਹਾਲ ਵਿਚ ਕਿਸਾਨਾਂ ਦੇ ਬਕਾਏ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ ਸਾਰੀਆਂ ਖਰੀਦ ਏਜੰਸੀਆਂ ਨੂੰ ਵੀ ਸੂਬਾ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਉਚ-ਪੱਧਰੀ ਮੀਟਿੰਗ ਕਰਕੇ ਕਣਕ ਦੀ ਆਮਦ, ਖਰੀਦ, ਲਿਫਟਿੰਗ ਅਤੇ ਕਿਸਾਨਾਂ ਦੀ ਅਦਾਇਗੀ ਬਾਰੇ ਪ੍ਰਗਤੀ ਦਾ ਜਾਇਜਾ ਲਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤ ਵਿਚ ਸਿੱਧੀ ਅਦਾਇਗੀ ਦੀ ਪ੍ਰਣਾਲੀ ਲਾਗੂ ਹੋਣ ਅਤੇ ਬਾਰਦਾਨੇ ਦੀ ਘਾਟ ਵਰਗੀਆਂ ਔਕੜਾਂ ਪੇਸ਼ ਆਈਆਂ ਸਨ ਪਰ ਹੁਣ ਸਥਿਤੀ ਵਿਚ ਵਰਨਣਯੋਗ ਸੁਧਾਰ ਹੋਇਆ ਹੈ ਅਤੇ ਹੁਣ ਤੱਕ 5.59 ਲੱਖ ਕਿਸਾਨਾਂ ਦੇ ਖਾਤਿਆਂ ਵਿਚ 10,000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਭਾਰਤ ਸਰਕਾਰ ਦੇ ‘ਅਨਾਜ ਖਰੀਦ’ ਪੋਰਟਲ ਉਤੇ ਕਿਸਾਨਾਂ ਦੇ ਲੋੜੀਂਦੇ ਦਸਤਾਵੇਜ ਅਪਲੋਡ ਕਰਨ ਵਿਚ ਤੇਜੀ ਲਿਆਂਦੀ ਜਾਵੇ ਤਾਂ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਵਾਰ ਇਹ ਰਸਮੀ ਕਾਰਵਾਈਆਂ ਮੁਕੰਮਲ ਹੋਣ ਉਤੇ ਕਿਸਾਨਾਂ ਦੀ 2900 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵੀ ਅਦਾ ਕਰ ਦਿੱਤੀ ਜਾਵੇਗੀ।
ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਆਪਣੀ ਸਰਕਾਰੀ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿਚ ਪਹੁੰਚੀ 86.74 ਲੱਖ ਮੀਟਰਕ ਟਨ ਵਿੱਚੋਂ 84.18 ਲੱਖ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦਿਕ ਮੰਡੀਆਂ ਵਿਚ ਅਣਵਿਕੀ ਕਣਕ ਨੂੰ ਵੀ ਤੁਰੰਤ ਖਰੀਦਿਆ ਜਾਵੇਗਾ ਤਾਂ ਕਿ ਕਿਸੇ ਵੀ ਕਿਸਾਨ ਨੂੰ ਬਿਨਾਂ ਵਜ੍ਹਾ ਮੰਡੀ ਵਿਚ ਨਾ ਰੁਕਣਾ ਪਵੇ। ਹਾਲਾਂਕਿ, ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਵੀ ਮੰਡੀਆਂ ਵਿਚ ਜਮ੍ਹਾਂ ਹੋਏ 46 ਲੱਖ ਮੀਟਰਕ ਟਨ ਦੇ ਸਟਾਕ ਨੂੰ ਤੁਰੰਤ ਚੁੱਕਣ ਲਈ ਆਖਿਆ।    

Leave a Reply

Your email address will not be published. Required fields are marked *