ਪੰਜਾਬ ਕੈਬਨਿਟ : ਸਟਾਫ ਨਰਸਾਂ ਦੀਆਂ 473 ਅਸਾਮੀਆਂ ਭਰਨ ਦੀ ਪ੍ਰਵਾਨਗੀ
ਕੋਵਿਡ ਦੀ ਹੰਗਾਮੀ ਸਥਿਤੀ ਨਾਲ ਕਾਰਗਰ ਢੰਗ ਰਾਹੀਂ ਨਿਪਟਣ ਦੇ ਉਦੇਸ਼ ਨਾਲ ਲਿਆ ਫੈਸਲਾ
ਚੰਡੀਗੜ 26 ਅਪ੍ਰੈਲ (ਮਧੂਸਾਰ ਬਿਊਰੋ) ਸੂਬਾ ਭਰ ਵਿਚ ਕੋਵਿਡ-19 ਦੀ ਹੰਗਾਮੀ ਸਥਿਤੀ ਨਾਲ ਪ੍ਰਭਾਵੀ ਢੰਗ ਰਾਹੀਂ ਨਿਪਟਣ ਲਈ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮਿ੍ਰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸਟਾਫ ਨਰਸਾਂ ਦੀਆਂ 473 ਅਸਾਮੀਆਂ ਦੀ ਭਰਤੀ ਕਰਨ ਦੀ ਇਜਾਜਤ ਦੇ ਦਿੱਤੀ ਹੈ। ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਆਧਾਰ ਉਤੇ ਲਿਖਤੀ ਪ੍ਰੀਖਿਆ ਰਾਹੀਂ ਭਰੀਆਂ ਜਾਣਗੀਆਂ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਆਂ ਭਰਤੀ ਸਟਾਫ ਨਰਸਾਂ ਨੂੰ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਕੀਤੀ ਜਾ ਚੁੱਕੀ 29,200 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਜਿਕਰਯੋਗ ਹੈ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਲਈ ਸੂਬਾ ਸਰਕਾਰ ਦੀ ਪੁਨਰਗਠਨ ਯੋਜਨਾ ਦੇ ਤਹਿਤ ਇਹ ਅਸਾਮੀਆਂ ਸਿਰਜੀਆਂ ਗਈਆਂ ਹਨ।

