ਧਰਮਸੋਤ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਮਹਾਂਮਾਰੀ ਤੇ ਇਲਾਜ ਪ੍ਰਬੰਧਾਂ ਦੀ ਸਮੀਖਿਆ
ਪਟਿਆਲਾ, 10 ਮਈ: (ਅਕਾਸ਼ਦੀਪ ਜੱਬਲ/ਮਧੂਸਾਰ ਬਿਊਰੋ) ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਜ਼ਿਲ੍ਹਾ ਪਟਿਆਲਾ ‘ਚ ਕੋਵਿਡ ਮਹਾਂਮਾਰੀ ਅਤੇ ਇਸਦੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ 24 ਘੰਟੇ ਨਿਰੰਤਰ ਕੀਤੇ ਜਾ ਰਹੇ ਕੰਮ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸ. ਧਰਮਸੋਤ ਨੇ ਕੋਵਿਡ ਮਹਾਂਮਾਰੀ ਦੀ ਲਾਗ ਨੂੰ ਹੋਰ ਅਗੇ ਫੈਲਣ ਤੋਂ ਰੋਕਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਚੌਕਸ ਕੀਤਾ ਉਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਮੀਟਿੰਗ ‘ਚ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਤੇ ਨਿਜੀ ਹਸਪਤਾਲਾਂ ਨੂੰ ਕੋਵਿਡ ਮਰੀਜਾਂ ਦੀ ਸੰਭਾਂਲ ਲਈ ਲੋੜੀਂਦੀ ਆਕਸੀਜਨ ਤੇ ਦਵਾਈਆਂ ਦੀ ਪੂਰਤੀ ਕਰਨ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ।
ਜੰਗਲਾਤ ਮੰਤਰੀ ਨੇ ਅਪੀਲ ਕੀਤੀ ਕਿ ਕੋਵਿਡ ਦੀ ਭਿਆਨਕਤਾ ਦੇ ਮੱਦੇਨਜ਼ਰ ਪਿੰਡਾਂ ਦੇ ਪੰਚ-ਸਰਪੰਚ, ਸ਼ਹਿਰਾਂ ਦੇ ਕੌਂਸਲਰ ਅਤੇ ਹੋਰ ਮੋਹਤਬਰ ਵਿਅਕਤੀ ਆਪਣੇ ਇਲਾਕਿਆਂ ‘ਚ ਲੋਕਾਂ ਨੂੰ ਸਮਝਾ ਕੇ ਕਿਸੇ ਵੀ ਤਰ੍ਹਾਂ ਦੇ ਇਕੱਠਾਂ ਤੋਂ ਬਚਣ ਲਈ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼, ਆਪਣੇ ਆਪ ਤੇ ਆਪਣੇ ਬੱਚਿਆਂ ਨੂੰ ਪਿਆਰ ਕਰਦੇ ਹਨ, ਉਹ ਸੱਚੀ ਦੇਸ਼ ਭਗਤੀ ਦਾ ਸਬੂਤ ਦਿੰਦੇ ਹੋਏ ਇਸ ਮਹਾਂਮਾਰੀ ਵਿਰੁੱਧ ਪੰਜਾਬ ਸਰਕਾਰ ਵੱਲੋਂ ਅਰੰਭੀ ਜੰਗ ਮਿਸ਼ਨ ਫ਼ਤਹਿ ਨੂੰ ਜਿੱਤਣ ਲਈ ਆਪਣਾ ਸਹਿਯੋਗ ਦੇਣ।
ਸ. ਧਰਮਸੋਤ ਨੇ ਕਿਹਾ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਤਿੰਨ ਗੁਣਾ ਜਿਆਦਾ ਨੁਕਸਾਨ ਹੋਇਆ ਹੈ, ਜਿਸ ਲਈ ਇਸ ਨੂੰ ਮਖੌਲ ‘ਚ ਨਹੀਂ ਲੈਣਾ ਚਾਹੀਦਾ ਅਤੇ ਕਿਸੇ ਦੇ ਮਗਰ ਲੱਗਕੇ, ਸਰਕਾਰ ਵੱਲੋਂ ਲੋਕਾਂ ਦੀ ਭਲਾਈ ਤੇ ਲੋਕਾਂ ਨੂੰ ਮਰਨ ਤੋਂ ਬਚਾਉਣ ਲਈ ਜਾਰੀ ਕੀਤੇ ਹੁਕਮਾਂ ਦੇ ਖ਼ਿਲਾਫ਼ ਜਾ ਕੇ ਬਾਜ਼ਾਰ ਤੇ ਹੋਰ ਅਦਾਰੇ ਧੱਕੇ ਨਾਲ ਖੋਲ੍ਹਣ ਦੀ ਗ਼ਲਤੀ ਵੀ ਨਹੀਂ ਕਰਨੀ ਚਾਹੀਦੀ।

