ਕੇਂਦਰ ਸਰਕਾਰ ਪੰਜਾਬ ਨੂੰ ਵੱਧ ਤੋਂ ਵੱਧ ਵੈਕਸੀਨ ਮੁਹੱਈਆ ਕਰਵਾਵੇ : ਪ੍ਰੋ ਬਡੂੰਗਰ
ਪਟਿਆਲਾ 16 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੀਡੀਆ ਰਾਹੀਂ ਬੇਹੱਦ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਵੈਕਸੀਨ ਲਗਾਉਣਾ ਯਕੀਨੀ ਬਣਾਇਆ ਜਾਵੇ ਪ੍ਰੰਤੂ ਅਫਸੋਸ ਹੈ ਕਿ ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵੈਕਸੀਨ ਲਗਾਉਣ ਲਈ ਨਿਸ਼ਚਿਤ ਜਿੱਥੇ ਥਾਵਾਂ ਤੇ ਤਾਂ ਪਹੁੰਚ ਜਾਂਦੇ ਹਨ, ਜਿਥੇ ਵੱਡੀ ਗਿਣਤੀ ਵਿਚ ਇਕੱਠ ਹੋ ਜਾਂਦਾ ਹੈ ਪਰ ਉੱਥੇ ਯੋਗ ਮਾਤਰਾ ਵਿਚ ਵੈਕਸੀਨ ਪ੍ਰਾਪਤ ਨਹੀਂ ਹੋ ਰਹੀ ਜਿਸ ਕਾਰਨ ਲੋਕਾਂ ਨੂੰ ਬਿਨਾਂ ਵੈਕਸੀਨ ਲਗਾਏ ਘਰੇ ਪਰਤਣਾ ਪੈ ਰਿਹਾ ਹੈ ।
ਉਨ੍ਹਾਂ ਕਿਹਾ ਕਿ ਜਾਂ ਤਾਂ ਪੰਜਾਬ ਸਰਕਾਰ ਮੀਡੀਆ ਰਾਹੀਂ ਵੈਕਸੀਨ ਲਗਾਉਣ ਦੇ ਕੀਤੇ ਜਾ ਰਹੇ ਪ੍ਰਚਾਰ ਨੂੰ ਬੰਦ ਕਰਵਾਏ, ਨਹੀਂ ਤਾਂ ਨਿਸ਼ਚਤ ਦਿੱਤੀਆਂ ਹੋਈਆਂ ਥਾਂਵਾਂ ਤੇ ਲੋਕਾਂ ਨੂੰ ਵੈਕਸੀਨ ਲਗਾਉਣ ਦੇ ਉਚਿਤ ਪ੍ਰਬੰਧ ਕੀਤੇ ਜਾਣ । ਪ੍ਰੋ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਵੱਧ ਤੋਂ ਵੱਧ ਵੈਕਸੀਨ ਦੀ ਸਪਲਾਈ ਯਕੀਨੀ ਬਣਾਵੇ ਤਾਂ ਜੋ ਲੋੜਵੰਦਾਂ ਤੱਕ ਇਸ ਵੈਕਸੀਨ ਨੂੰ ਪਹੁੰਚਾਇਆ ਜਾ ਸਕੇ ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਅੰਕੜੇ ਇਹ ਸਾਬਤ ਕਰਦੇ ਹਨ ਕਿ ਦਿਨ ਪ੍ਰਤੀ ਦਿਨ ਕੋਰੋਨਾ ਦੀ ਬਿਮਾਰੀ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ, ਜਿਸ ਤੋਂ ਸਚੇਤ ਹੋਣ ਦੀ ਲੋੜ ਹੈ ਤੇ ਸਰਕਾਰ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਿਸ ਵਿਚ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਦੀ ਮੁੱਖ ਗੱਲ ਕੀਤੀ ਜਾ ਰਹੀ ਹੈ ਪ੍ਰੰਤੂ ਵੈਕਸੀਨ ਵਗੈਰਾ ਲਗਾਉਣ ਲਈ ਵੱਡੀ ਗਿਣਤੀ ਵਿੱਚ ਹੋ ਰਹੇ ਇਕੱਤਰ ਲੋਕ ਕੀ ਕੋਰੋਨਾ ਇਨਫੈਕਟਿਡ ਲੋਕਾਂ ਦੇ ਸੰਪਰਕ ਵਿੱਚ ਨਹੀਂ ਆਉਂਦੇ ਹੋਣਗੇ, ਇਸ ਦਾ ਸਰਕਾਰ ਨੂੰ ਜਵਾਬ ਦੇਣਾ ਪਵੇਗਾ ?
ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ 6 ਜੀਅ ਕੋਰੋਨਾ ਦੀ ਲਪੇਟ ਵਿਚ ਆਏ ਹੋਏ ਹਨ, ਇਸ ਲਈ ਹਰੇਕ ਵਿਅਕਤੀ ਨੂੰ ਇਸ ਭਿਆਨਕ ਬੀਮਾਰੀ ਤੋਂ ਬਚਣ ਦੀ ਬਹੁਤ ਲੋੜ ਹੈ, ਕਿਉਂਕਿ ਸਰਕਾਰ ਕੋਲ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਅਜੇ ਉਚਿਤ ਪ੍ਰਬੰਧਾਂ ਦੀ ਵਿਵਸਥਾ ਨਹੀਂ ਹੈ ।

