ਬਿਜਲੀ ਕਾਮਿਆਂ ਵੱਲੋਂ ਮੰੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਾਲੇ ਬਿੱਲੇ ਲਗਾ ਕੇ ਰੋਸ ਰੈਲੀਆਂ
ਪਟਿਆਲਾ 20 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਸੱਦੇ ਤੇ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸਜ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਜ ਯੂਨੀਅਨ, ਇੰਪਲਾਈਜ ਫੈਡਰੇਸ਼ਨ (ਫਲਜੀਤ), ਥਰਮਲ ਇੰਪਲਾਈਜ ਕੁਆਰਡੀਨੇਸ਼ਨ ਕਮੇਟੀ, ਹੈਡ ਆਫਿਸ ਇੰਪਲਾਈਜ ਫੈਡਰੇਸ਼ਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਵਰਕਰਜ ਫੈਡਰੇਸ਼ਨ ਇੰਟਕ ਪਾਵਰ ਕਾਮ ਤੇ ਟਰਾਂਸਕੋ, ਪੰਜਾਬ ਰਾਜ ਬਿਜਲੀ ਬੋਰਡ ਮਜ਼ਦੂਰ ਸੰਘ ਦੇ ਬਿਜਲੀ ਕਾਮਿਆਂ ਵੱਲੋਂ ਪੰਜਾਬ ਦੇ ਸਮੁੱਚੇ ਉਪ ਮੰਡਲ/ਮੰਡਲ ਦਫਤਰਾਂ ਅੱਗੇ ਕਾਲੇ ਬਿੱਲੇ ਲਗਾ ਕੇ ਰੋਹ ਭਰਪੂਰ ਰੈਲੀਆਂ ਕੀਤੀਆਂ ਗਈਆਂ।
ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਸਾਥੀ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਦੁਧਾਲਾ, ਪ੍ਰੀਤਮ ਸਿੰਘ, ਪਿੰਡੀ, ਸਿਕੰਦਰ ਨਾਥ, ਕਰਮ ਚੰਦ ਖੰਨਾ, ਰਵੇਲ ਸਿੰਘ ਸਹਾਏਪੁਰ, ਰਾਮ ਲੁਭਾਇਆ, ਬਿ੍ਰਜ ਲਾਲ, ਅਵਤਾਰ ਸਿੰਘ ਕੈਂਥ, ਹਰਜੀਤ ਸਿੰਘ, ਅਸ਼ੋਕ ਕੁਮਾਰ ਸ਼ਰਮਾ, ਜਗਜੀਤ ਸਿੰਘ, ਕਮਲਜੀਤ ਸਿੰਘ, ਗੁਰਦਿੱਤ ਸਿੰਘ ਸਿੱਧੂ, ਸੁਖਵਿੰਦਰ ਸਿੰਘ ਦੁਮਨਾ, ਨਛੱਤਰ ਸਿੰਘ ਰਣੀਕੇ ਅਤੇ ਸਥਾਨਕ ਆਗੂਆਂ ਨੇ ਵੱਖ ਵੱਖ ਥਾਵਾਂ ਤੇ ਰੋਸ ਰੈਲੀਆਂ ਨੂੰ ਸੰਬੋਧਨ ਕਰਦਿਆਂ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਮੁਲਾਜਮਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਮੰਨ ਕੇ ਲਾਗੂ ਕਰਨ ਤੋਂ ਇਨਕਾਰੀ ਹੈ ਅਤੇ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਮੁਲਾਜਮ ਮੰਗਾਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਮੁਲਾਜਮਾਂ ਨੂੰ 1.12.2011 ਤੋਂ ਪੇ ਬੈਂਡ ਵਿੱਚ ਵਾਧਾ, ਕੱਚੇ ਕਾਮੇ ਪੱਕੇ ਕਰਨਾ, 23 ਸਾਲਾਂ ਦੀ ਸੇਵਾ ਬਾਅਦ ਤਰੱਕੀ ਵਾਧਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਮੁਲਾਜਮਾਂ ਦੀਆਂ ਤਰੱਕੀਆਂ, ਖਾਲੀ ਅਸਾਮੀਆਂ ਭਰਨਾ, ਨਵੀਂ ਭਰਤੀ , ਮੁੜ ਉਸਾਰੀ ਦੇ ਨਾਮ ਤੇ ਹਜਾਰਾਂ ਅਸਾਮੀਆਂ ਖਤਮ ਕਰਨਾ, ਨਵੀਂ ਭਰਤੀ ਕਾਮਿਆਂ ਨੂੰ ਪੂਰੀ ਤਨਖਾਹ ਦੇਣ, ਸ.ਲ.ਮ., ਸੈਮੀ ਸਕਿਲਡ ਨੂੰ ਪੂਰਾ ਸਕੇਲ ਦੇਣਾ, ਮਿ੍ਰਤਕਾਂ ਦੇ ਆਸ਼ਰਿਤਾਂ ਨੂੰ ਨੌਕਰੀ, ਬਿਜਲੀ ਯੂਨਿਟਾਂ ਵਿੱਚ ਨਵ ਨਿਯੂਕਤ ਤੇ ਰਿਟਾਇਰੀ ਕਾਮਿਆਂ ਨੂੰ ਰਿਆਇਤ ਦੇਣ, ਬੰਦ ਕੀਤੇ ਥਰਮਲ ਪਲਾਂਟਾਂ ਦੇ ਯੂਨਿਟ ਮੁੜ ਚਲਾਉਣ ਆਦਿ 22 ਨੁਕਤੀ ਮੰਗ ਪੱਤਰ ਅਨੁਸਾਰ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਬਿਜਲੀ ਕਾਮੇ 24 ਮਈ ਤੋਂ ਵਰਕ ਟੂ ਰੂਲ ਅਨੁਸਾਰ ਕੰਮ ਕਰਨਗੇ ਅਤੇ ਪਾਵਰਕਾਮ ਅਤੇ ਟਰਾਂਸਕੋ ਦੇ ਚੇਅਰਮੈਨ ਅਤੇ ਡਾਇਰੈਕਟਰਜ ਵਿਰੁੱਧ ਫੀਲਡ ਵਿੱਚ ਦੋਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵਾ ਕਰਨਗੇ ਅਤੇ ਮੈਨੇਜਮੈਂਟ ਦੇ ਮੁਲਾਜਮ ਵਿਰੋਧੀ ਵਤੀਰੇ ਵਿਰੁੱਧ ਸੰਘਰਸ਼ ਨੂੰ ਹੋਰ ਤੇਜ ਕਰਨਗੇ।

