ਅੰਮ੍ਰਿਤਸਰਪੰਜਾਬ

ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਜੂਨ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਭਾਵੁਕਤਾ ਵਾਲਾ- ਬੀਬੀ ਜਗੀਰ ਕੌਰ
ਅੰਮਿ੍ਰਤਸਰ, 4 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਦੌਰਾਨ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ। ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਹੀ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਗਿੱਲ ਆਦਿ ਹਾਜ਼ਰ ਸਨ।
ਗੋਲੀ ਲੱਗੇ ਪਾਵਨ ਸਰੂਪ ਦੇ ਦੂਜੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ
ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਦੂਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ। ਅੱਜ ਦੂਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *