ਪੰਜਾਬ ਕੈਬਨਿਟ : ਸੇਵਾ ਮੁਕਤ ਹੋ ਰਹੇ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਦੀ ਵਧਾਈ ਮਿਆਦ
ਚੰਡੀਗੜ, 18 ਜੂਨ (ਮਧੂਸਸਾਰ ਬਿਊਰੋ) ਕੋਵਿਡ-19 ਮਹਾਂਮਾਰੀ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਲੀਨੀਕਲ ਅਸਾਮੀਆਂ ’ਤੇ ਕੰਮ ਕਰ ਰਹੇ ਮੈਡੀਸਨ, ਅਨੈਸਥੀਸੀਆ ਅਤੇ ਟੀ.ਬੀ. ਤੇ ਚੈਸਟ ਦੇ ਸਪੈਸ਼ਲਿਸਟ ਡਾਕਟਰਾਂ ਨੂੰ 58 ਸਾਲ ਦੀ ਉਮਰ ’ਤੇ ਸੇਵਾ ਮੁਕਤੀ ਹੋਣ ਤੋਂ ਬਾਅਦ ਵੀ 31 ਮਾਰਚ 2022 ਤੱਕ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦਿੱਤੀ ਹੈ। ਇਹ ਫੈਸਲਾ ਸੂਬੇ ਵਿੱਚ ਕੋਵਿਡ ਏਕਾਂਤਵਾਸ ਸੇਵਾਵਾਂ ਵਿੱਚ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ।
ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਜਿਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਢੁੱਕਵਾਂ ਇਲਾਜ ਮੁਹੱਈਆ ਕਰਵਾਉਣ ਲਈ ਇਨਾਂ ਡਾਕਟਰਾਂ ਦੀਆਂ ਸੇਵਾਵਾਂ ਲੋੜੀਂਦੀਆਂ ਹਨ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਮਹਾਂਮਾਰੀ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਕੋਈ ਖਤਰਾ ਮੁੱਲ ਨਹੀਂ ਲੈ ਸਕਦੀ ਜਿਸ ਨਾਲ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ’ਤੇ ਕਾਫੀ ਬੋਝ ਪੈ ਰਿਹਾ ਹੈ। ਮੰਤਰੀ ਮੰਡਲ ਨੇ ਇਸ ਪੱਖ ਨੂੰ ਵੀ ਜ਼ੇਰੇ ਧਿਆਨ ਲਿਆ ਕਿ ਭਰਤੀ ਲਈ ਦਿੱਤੇ ਗਏ ਇਸ਼ਤਿਹਾਰਾਂ ਨੂੰ ਕੋਈ ਭਰਵਾਂ ਹੁੰਗਾਰਾ ਨਹੀਂ ਮਿਲਿਆ ਅਤੇ ਇਹ ਜ਼ਰੂਰੀ ਸੀ ਕਿ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।
ਮੰਤਰੀ ਮੰਡਲ ਨੇ ਗਰੁੱਪ ਸੀ (ਪੈਰਾ ਮੈਡੀਕਲ ਸਟਾਫ) ਦੇ 9 ਮੁਲਾਜ਼ਮਾਂ ਦੀਆਂ ਸੇਵਾਵਾਂ ਵਿੱਚ ਵਾਧਾ ਕਰਨ ਲਈ ਕਾਰਜ ਬਾਅਦ ਪ੍ਰਵਾਨਗੀ ਵੀ ਦਿੱਤੀ। ਇਹ ਮੁਲਾਜ਼ਮ ਮਈ 2021 ਅਤੇ ਜੂਨ 2021 ਵਿੱਚ ਪਟਿਆਲਾ ਅਤੇ ਅੰਮਿ੍ਰਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਤੋਂ ਸੇਵਾ ਮੁਕਤ ਹੋ ਰਹੇ ਹਨ।

