ਅੰਮ੍ਰਿਤਸਰਪੰਜਾਬ

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ : ਬੀਬੀ ਜਗੀਰ ਕੌਰ

ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ
ਅੰਮਿ੍ਰਤਸਰ, 21 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ।

ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁੱਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵੈੱਬ ਸੀਰੀਜ਼ ਰਾਹੀਂ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਾਲ ਸਮਾਜ ਅੰਦਰ ਫਿਰਕਿਆਂ ਦੀ ਸਾਂਝੀਵਾਲਤਾ ਨੂੰ ਵੀ ਗਹਿਰੀ ਸੱਟ ਵੱਜਦੀ ਹੈ। ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੋਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈਟੀ ਨਿਯਮ ਬਣਾਉਣੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰ ਕੱਟਿਆ ਜਾ ਸਕੇ। ਉਨ੍ਹਾਂ ਵੈੱਬ ਸੀਰੀਜ਼ ਨਿਰਮਾਤਾ ਅਤੇ ਡਿਜਨੀ+ਹਾਟਸਰਾਟ ਦੇ ਮੁਖੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਇਤਰਾਜ਼ਯੋਗ ਵੈੱਬ ਸੀਰੀਜ਼ ਨੂੰ ਰੀਲੀਜ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫ਼ਪੁਰ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।
ਸੰਗਤਾਂ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੀਆਂ
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮਸਲਾ ਸਾਹਮਣੇ ਆਉਣ ’ਤੇ ਉਹ ਬੀਤੇ ਕੱਲ੍ਹ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਸੰਪਰਕ ਵਿਚ ਸਨ ਅਤੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਮਾਡਲ ਨੂੰ ਤੁਰੰਤ ਪਾਰਕ ਵਿੱਚੋਂ ਹਟਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕੁਝ ਲੋਕ ਜਾਣਬੁਝ ਕੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਰੋਕ ਕੇ ਦੋਸ਼ੀ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।
ਟਵਿੱਟਰ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਵੇ
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਖਿਲਾਫ ਹੋ ਰਹੇ ਨਫ਼ਰਤ ਭਰੇ ਟਵੀਟਾਂ ਬਾਰੇ ਅਪ੍ਰੈਲ ਮਹੀਨੇ ਟਵਿੱਟਰ ਮੁਖੀ ਜੈਕ ਡੋਰਸੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਗਿਆ ਸੀ, ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਦੁਹਰਾਉਣ ਦੀਆਂ ਧਮਕੀਆਂ ਮਾਹੌਲ ਨੂੰ ਖਰਾਬ ਕਰਦੀਆਂ ਹਨ, ਜਿਸ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਹੈ। ਪਰ ਸਿੱਖਾਂ ਵਿਰੁੱਧ ਨਫ਼ਰਤ ਫੈਲਾਉਣ ਵਾਲਿਆਂ ਖਿਲਾਫ ਕਦੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਨਵੇਂ ਬਣਾਏ ਆਈ.ਟੀ. ਰੂਲਾਂ ਤਹਿਤ ਹੁਣ ਟਵਿੱਟਰ ਨੇ ਭਾਰਤ ਵਿਚ ਕਾਨੂੰਨੀ ਢਾਲ ਗਵਾ ਦਿੱਤੀ ਹੈ। ਪਰ ਅਸੀਂ ਅਭਿਵਿਅਕਤੀ ਦੀ ਅਜ਼ਾਦੀ ਦੇ ਮੁੱਲ ਨੂੰ ਸਮਝਦੇ ਹਾਂ, ਇਸ ਲਈ ਟਵਿੱਟਰ ਖਿਲਾਫ਼ ਨਹੀਂ ਜਾਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਇਸ ਲਈ ਟਵਿੱਟਰ ਨੂੰ ਸਾਡੀਆਂ ਚਿੰਤਾਵਾਂ ’ਤੇ ਗੌਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਉਂਦਿਆਂ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।

Leave a Reply

Your email address will not be published. Required fields are marked *