ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਧਰਮ ਦੇ ਇਤਿਹਾਸ ਵਿਚ ਮੀਰੀ-ਪੀਰੀ ਦਾ ਸਿਧਾਂਤ ਵਿਲੱਖਣਤਾ ਦਾ ਪ੍ਰਤੀਕ : ਪ੍ਰੋ. ਬਡੂੰਗਰ
ਸ਼ਹੀਦੀ ਦਿਹਾੜੇ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਸਤਿਕਾਰ ਭੇਂਟ
ਪਟਿਆਲਾ 25 ਜੂਨ (ਮਧੂਸਾਰ ਬਿਊਰੋ) ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਸਮੇਤ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਮੁੱਖਵਾਕ ਭਾਈ ਭੁਪਿੰਦਰਪਾਲ ਸਿੰਘ ਨੇ ਲਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਹਜ਼ੂਰੀ ਕੀਰਤਨੀ ਜਥਿਆਂ ਨੇ ਵੀ ਸੰਗਤਾਂ ਨੂੰ ਗੁਰਬਣੀ ਕੀਰਤਨ ਸਵਰਣ ਕਰਕੇ ਨਿਹਾਲ ਕੀਤਾ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ, ਉਥੇ ਹੀ ਅੱਜ ਦੇ ਦਿਨ ਸਿੱਖ ਰਾਜ ਸਥਾਪਤ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਪੁਰਬ ਮੌਕੇ ਸ਼ਰਧਾ ਸਤਿਕਾਰ ਭੇਂਟ ਕੀਤਾ।
ਪ੍ਰੋ. ਬਡੂੰਗਰ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਬਾਰੇ ਸਿੱਖ ਇਤਿਹਾਸ ਦੀ ਰੌਸ਼ਨੀ ’ਚ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਅਤੇ ਆਪਣੇ ਜੀਵਨ ਵਿਚ ਜ਼ਬਰ ਜ਼ੁਲਮ ਦੇ ਖਿਲਾਫ਼ ਚਾਰ ਜੰਗਾਂ ਜਿੱਤਕੇ ਭਗਤੀ ਅਤੇ ਸ਼ਕਤੀ ਨੂੰ ਅਮਲੀਜਾਮਾ ਪਹਿਨਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਧਰਮ ਦੇ ਇਤਿਹਾਸ ਵਿਚ ਮੀਰੀ-ਪੀਰੀ ਦਾ ਸਿਧਾਂਤ ਵਿਲੱਖਣਤਾ ਦਾ ਪ੍ਰਤੀਕ ਹੈ। ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਗਲ ਸਲਤਨਤ ਵੱਲੋਂ ਕੀਤੇ ਜਾ ਰਹੇ ਜ਼ਬਰ ਜ਼ੁਲਮ ਨੂੰ ਰੋਕਣ ਲਈ ਦਸਮੇੇਸ਼ ਪਿਤਾ ਨੇ ਬੰਦਾ ਸਿੰਘ ਬਹਾਦਰ ਨੂੰ ਥਾਪੜਾ ਦੇ ਕੇ ਪੰਜਾਬ ਤੋਰਿਆ, ਜਿਸ ਨੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦਿਆਂ ਦਾ ਬਦਲਾ ਲਿਆ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨਾਂ ਹੱਕ ਦਿਵਾਉਣ ਦੇ ਨਾਲ-ਨਾਲ ਸਿੱਖ ਰਾਜ ਸਥਾਪਤ ਕਰਕੇ ਸਿੱਖ ਇਤਿਹਾਸ ਵਿਚ ਨਾ ਭੁੱਲਣ ਵਾਲਾ ਬਹਾਦਰ ਜਰਨੈਲ ਬਣਿਆ, ਜਿਸ ਵੱਲ ਵਿਖਾਇਆ ਮਾਰਗ ਅੱਜ ਵੀ ਜ਼ਬਰ ਖਿਲਾਫ ਦੇ ਖਿਲਾਫ਼ ਦਲੇਰੀ ਅਤੇ ਬਹਾਦਰੀ ਨਾਲ ਲੜਨ ਦਾ ਮਾਰਗ ਵਿਖਾਉਂਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਬੀਬੀ ਕੁਲਦੀਪ ਕੌਰ ਟੌਹੜਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਤਵੀਰ ਸਿੰਘ ਖੱਟੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇ. ਕਰਨੈਲ ਸਿੰਘ, ਮੈਨੇ. ਕਰਮ ਸਿੰਘ, ਅਮਰਪਾਲ ਸਿੰਘ, ਮਨਪ੍ਰੀਤ ਸਿੰਘ ਮਨੀ ਭੰਗੂ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਭੁਪਿੰਦਰਪਾਲ ਸਿੰਘ, ਭਾਈ ਅਜਮੇਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਸਟਾਫ ਅਤੇ ਪ੍ਰਬੰਧਕ ਆਦਿ ਹਾਜ਼ਰ ਸਨ।

