ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਰਹੀ ਖਿੱਚ ਦਾ ਕੇਂਦਰ
ਬਹਾਦਰਗੜ੍ਹ/ਪਟਿਆਲਾ 29 ਜੂਨ (ਰਮਨਦੀਪ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਰੂਪ ਨੂੰ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸੁਸ਼ੋਭਿਤ ਕੀਤਾ।

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਵਾਹਿਗੁਰੂ ਦੇ ਨਾਮ ਸਿਮਰਨ ਕਰਦਿਆਂ ਪਾਲਕੀ ਸਾਹਿਬ ਦੇ ਅੱਗੇ ਝਾੜੂ ਬਰਦਾਰ ਬਣਕੇ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੀਆਂ ਅਤੇ ਖਾਲਸਾਈ ਪਹਿਰਾਵੇ ਵਿਚ ਵੱਖ ਵੱਖ ਸਿੱਖ ਸੁਸਾਇਟੀਆਂ ਦੇ ਬੱਚਿਆਂ ਨੇ ਸ਼ਿਰਕਤ ਕਰਕੇ ਖਾਲਸਾਈ ਰੰਗ ਪ੍ਰਦਾਨ ਕੀਤਾ।
ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਗਮਨ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਆਪਣੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਦੇ ਕੇ ਹਿੰਦ ਦੇ ਚਾਦਰ ਦੇ ਕਹਿਲਾਏ ਸਨ। ਪ੍ਰੋ. ਬਡੂੰਗਰ ਨੇ ਜੰਮੂ ਕਸ਼ਮੀਰ ਵਿਚ ਸਿੱਖ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਉਦੇਸ਼ ਅਤੇ ਫਲਸਫੇ ਨੂੰ ਸਮਝਣ ਦੀ ਜ਼ਰੂਰਤ ਹੈ, ਜਿਨਾਂ ਨੇ ਜ਼ਬਰੀ ਧਰਮ ਪਰਿਵਰਤਨ ਖਿਲਾਫ ਆਪਣਾ ਬਲਿਦਾਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਜ਼ਬਰੀ ਧਰਮ ਪਰਿਵਰਤਨ ਵਰਗੀ ਘਟਨਾਵਾਂ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਸੱਟ ਪਹੁੰਚਾਈ ਹੈ ਅਤੇ ਅਜਿਹੀਆਂ ਘਟਨਾਵਾਂ ਬੇਹੱਦ ਮੰਦਭਾਗੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬਾਬਾ ਭੁਪਿੰਦਰ ਸਿੰਘ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ ਪ੍ਰੋ. ਚੰਦੂਮਾਜਰਾ, ਮੈਨੇਜਰ ਰਣਜੀਤ ਸਿੰਘ ਗਾਜੀਪੁਰ, ਗਿਆਨੀ ਕਰਮ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਭਾਈ ਜਤਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਹਰਵਿੰਦਰ ਸਿੰਘ, ਪਿ੍ਰਤਪਾਲ ਸਿੰਘ, ਤਰਨਜੀਤ ਸਿੰਘ, ਜਸਵਿੰਦਰਪਾਲ ਸਿੰਘ ਚੱਢਾ, ਭਾਠ ਬਿਰਾਦਰੀ ਦੇ ਪ੍ਰਧਾਨ ਪਲਵਿੰਦਰ ਸਿੰਘ ਰਿੰਕੂ, ਬਾਬਾ ਮੱਘਰ ਸਿੰਘ, ਬਾਬਾ ਬਲਬੀਰ ਸਿੰਘ, ਹਰਦੀਪ ਸਿੰਘ ਭਾਨਰੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

