ਪੰਜਾਬ

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦੋ ਘੰਟੇ ਪ੍ਰਦਰਸ਼ਨ

ਚੰਡੀਗੜ੍ਹ, 8 ਜੁਲਾਈ (ਮਧੂਸਾਰ ਬਿਊਰੋ) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਨੇ ਸੜਕਾਂ ’ਤੇ ਪ੍ਰਦਰਸ਼ਨ ਕੀਤਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਕਿਸਾਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲੀ ਗੈਸ ਸਿਲੰਡਰਾਂ ਨਾਲ ਸੜਕਾਂ ਦੇ ਕੰਢੇ ਪ੍ਰਦਰਸ਼ਨ ਕੀਤੇ। ਇਸ ਪ੍ਰਦਰਸ਼ਨ ਦੀ ਸਲਾਹੁਣਯੋਗ ਗੱਲ ਇਹ ਰਹੀ ਕਿ ਕਿਸਾਨਾਂ ਨੂੰ ਜਿਥੇ ਆਮ ਲੋਕਾਂ ਦਾ ਸਮਰਥਨ ਮਿਲਿਆ ਉਥੇ ਟਰੈਫਿਕ ਵਿੱਚ ਰੁਕਾਵਟ ਨਹੀਂ ਪਾਈ ਗਈ।

ਮੁਹਾਲੀ, ਖਰੜ ਸਮੇਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਰੋਬਾਰੀ, ਨੌਕਰੀਪੇਸ਼ਾ ਲੋਕ, ਔਰਤਾਂ ਅਤੇ ਛੋਟੇ ਬੱਚੇ ਵੀ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਬਣੇ। ਕਿਸਾਨਾਂ ਨੇ ਮੁਹਾਲੀ ਏਅਰਪੋਰਟ ਸੜਕ, ਖਰੜ-ਮੁਹਾਲੀ ਨੈਸ਼ਨਲ ਹਾਈਵੇਅ 21 ’ਤੇ ਬੱਸ ਅੱਡੇ ਨੇੜੇ, ਭਾਗੋਮਾਜਰਾ ਟੌਲ ਪਲਾਜ਼ਾ ਅਤੇ ਅਜੀਜਪੁਰ ਟੌਲ ਪਲਾਜ਼ਾ ’ਤੇ ਜ਼ਬਰਦਸਤ ਵਿਰੋਧ ਕੀਤੇ ਗਏ।
ਪ੍ਰਦਰਸ਼ਨ ਵਿੱਚ ਆਪਣੇ ਪਰਿਵਾਰ ਸਮੇਤ ਪਹੁੰਚੀ ਮਹਿਲਾ ਡਾਕਟਰ ਨੇ ਕਿਹਾ ਕਿ ਇਹ ਕੇਵਲ ਕਿਸਾਨਾਂ ਦੀ ਲੜਾਈ ਨਹੀਂ ਹੈ। ਆਮ ਲੋਕਾਂ ਨੇ ਦੇਸ਼ ਦੇ ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਸੜਕ ਕਿਨਾਰੇ ਆਪਣੇ ਵਾਹਨ ਖੜੇ ਕਰਕੇ ਪ੍ਰੈਸ਼ਰ ਹਾਰਨ ਵਜਾਏ ਗਏ। ਕਈ ਥਾਵਾਂ ’ਤੇ ਆਵਾਜਾਈ ਵਿੱਚ ਵਿਘਨ ਪਿਆ। ਮੁਹਾਲੀ ਅਤੇ ਖਰੜ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮੇਹਰ ਸਿੰਘ ਥੇੜੀ, ਕਿਰਪਾਲ ਸਿੰਘ ਸਿਆਊ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਪਰਦੀਪ ਸਿੰਘ ਜਨਰਲ ਸਕੱਤਰ ਕਾਦੀਆ ਗਰੁੱਪ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ ਤਿ੍ਰਪੜੀ, ਗੁਰਨਾਮ ਸਿੰਘ ਦਾਊ, ਮਨਿੰਦਰ ਸਿੰਘ ਚਿੱਲਾ, ਰਵਿੰਦਰ ਸਿੰਘ, ਗੁਰਮੀਤ ਸਿੰਘ, ਐਡਵੋਕੇਟ ਗੁਰਨਾਮ ਸਿੰਘ, ਪਰਮਪ੍ਰੀਤ ਸਿੰਘ ਖਾਨਪੁਰ, ਰਣਜੀਤ ਸਿੰਘ ਹੰਸ, ਬਿ੍ਰਜ ਮੋਹਨ ਸ਼ਰਮਾ, ਸ਼ਿਵ ਕੁਮਾਰ ਰੰਗੀਆਂ, ਹਰਮਿੰਦਰ ਸਿੰਘ ਮੱਕੜਾ, ਮਹਾਵੀਰ ਸਿੰਘ, ਰਜਿੰਦਰ ਸੋਹਲ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਉੁਧਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ, ਨੇ ਅੱਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਥਾਂ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ ਵਿੱਚ ਲੜੀਵਾਰ ਭੁੱਖ ਹੜਤਾਲ ਚੱਲ ਰਹੀ ਹੈ।

Leave a Reply

Your email address will not be published. Required fields are marked *