ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਧਰਨਾ ਤੇ ਸੰਕੇਤਕ ਚੱਕਾ ਜਾਮ
ਮੁਲਾਜ਼ਮ ਮੰਗਾਂ ਪੂਰੀਆਂ ਨਾ ਕੀਤੇ ਜਾਣ ਤੇ ਭੜਕੇ ਮੁਲਾਜ਼ਮ
ਪਟਿਆਲਾ 20 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤੇ ਜਾਣ ਖਿਲਾਫ਼ ਅੱਜ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੀ ਅਗਵਾਈ ਵਿੱਚ ਡੀ.ਸੀ. ਦਫ਼ਤਰ ਵਿਖੇ ਧਰਨਾ ਦੇਣ ਉਪਰੰਤ ਸੰਕੇਤਕ ਤੌਰ ਤੇ ਚੱਕਾ ਜਾਮ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਅਨਰਿਵਾਇਜ਼ਡ ਕੈਟਾਗਰੀਆਂ ਦੇ ਸਕੇਲਾਂ ਨੂੰ ਰਿਵਾਇਜ਼ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ‘ਤੇ ਕੇੰਦਰੀ ਤਨਖਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜਮ ਆਗੂਆਂ ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਲੁਬਾਣਾ, ਦਰਸ਼ਨ ਬੇਲੂਮਾਜਰਾ, ਗੁਰਮੀਤ ਵਾਲੀਅਾ, ਹਰਦੀਪ ਟੋਡਰਪੁਰ, ਸੁਰਿੰਦਰ ਸਿੰਘ ਫਰੀਦਪੁਰ, ਧਨਵੰਤ ਸਿੰਘ ਭੱਠਲ, ਜਗਰੂਪ ਸਿੰਘ ਮਹਿਮਦਪੁਰ, ਹਰਭਜਨ ਪਿਲਖਣੀ, ਅਵਤਾਰ ਸਿੰਘ ਸ਼ੇਰਗਿੱਲ ਨੇ ਆਖਿਆ ਕਿ ਭਾਵੇਂ ਕੈਪਟਨ ਸਰਕਾਰ ਦੁਆਰਾ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੁਆਰਾ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਇਸ ਕਮੇਟੀ ਨੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਜਿਸਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਸੰਘਰਸ਼ ਨੂੰ ਠੰਢਾ ਕਰ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ।
ਮੁਲਾਜ਼ਮ ਆਗੂਆਂ ਜਸਵੀਰ ਖੋਖਰ, ਜਗਮੋਹਨ ਨੋਲੱਖਾ, ਪਰਵੀਨ ਸ਼ਰਮਾਂ, ਰਾਕੇਸ਼ ਬਾਤਿਸ਼, ਬਲਬੀਰ ਮੰਡੋਲੀ, ਨਰਿੰਦਰ ਕੁਮਾਰ ਸ਼ਰਮਾਂ, ਸੰਤੋਖ ਸਿੰਘ ਬੋਪਾਰਾਏ, ਹਰਸ਼ਰਨਜੀਤ ਕੌਰ, ਬਲਜਿੰਦਰ ਸਿੰਘ, ਉੱਤਮ ਸਿੰਘ ਬਾਗੜੀ, ਰਜਿੰਦਰ ਸਿੰਘ, ਵਿਕਰਮਦੇਵ ਸਿੰਘ, ਸਵਰਨ ਸਿੰਘ, ਲਖਵਿੰਦਰ ਖਾਨਪੁਰ ਨੇ ਅੈਲਾਨ ਕਿ ਸਾਂਝੇ ਫਰੰਟ ਵੱਲੋਂ ਪਹਿਲਾਂ ਤੋਂ ਕੀਤੇ ਅੈਲਾਨ ਮੁਤਾਬਿਕ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਤੇ ਵਿਧਾਨ ਸਭਾ ਵੱਲ ਮਾਰਚ ਵਿੱਚ ਪਟਿਆਲਾ ਜਿਲੇ ਵਿੱਚ ਹਜ਼ਾਰਾਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।

