ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਮੱਥਾ ਟੇਕਿਆ
ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਨੇ ਕੀਤੀ ਪੰਗਤ-ਸੰਗਤ
ਅਜੌਕੀ ਪੀੜ੍ਹੀ ਮਹਾਨ ਵਿਰਾਸਤ ਅਤੇ ਇਤਿਹਾਸ ਨਾਲ ਜੁੜੇ : ਪ੍ਰੋ. ਬਡੂੰਗਰ
ਪਟਿਆਲਾ 11 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਸੰਗਤਾਂ ਨੇ ਵੱਡੀ ਗਿਣਤੀ ’ਚ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਪੰਗਤ-ਸੰਗਤ ਕੀਤੀ। ਇਸ ਮੌਕੇ ਆਸਾ ਦੀ ਵਾਰ ਦਾ ਪਾਠ ਭਾਈ ਇੰਦਰਪ੍ਰੀਤ ਸਿੰਘ ਨੇ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਗੁਰੂ ਦਰਬਾਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਉਂਦਿਆਂ ਸੰਗਤਾਂ ਨੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਕੀਰਤਨ ਰਾਹੀਂ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਢਾਡੀ ਅਤੇ ਕਵੀਸ਼ਰੀ ਜਥਿਆਂ ’ਚ ਭਾਈ ਸੁਰਿੰਦਰ ਸਿੰਘ ਸਫਰੀ, ਬਿਮਲਜੀਤ ਸਿੰਘ ਆਦਮਪੁਰ, ਸੁਰਿੰਦਰ ਕੌਰ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਹਰਪ੍ਰੀਤ ਸਿੰਘ ਮਸਤਾਨਾ, ਭਾਈ ਲਖਵੰਤ ਸਿੰਘ ਕੋਮਲ, ਭਾਈ ਕਰਨੈਲ ਸਿੰਘ ਛਾਪਾ ਆਦਿ ਨੇ ਇਤਿਹਾਸਕ ਵਾਰਾਂ ਸੁਣਾ ਕੇ ਸੰਗਤਾਂ ਨੂੰ ਬਾਣੀ ਅਤੇ ਬਾਣੇ ’ਚ ਰਹਿਣ ਦੀ ਦਿ੍ਰੜਤਾ ਪ੍ਰਦਾਨ ਕੀਤਾ। ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਜਾਣੂੰ ਕਰਵਾਇਆ ਕਿ ਜ਼ਬਰ ਅਤੇ ਜੁਲਮ ਦੇ ਖਿਲਾਫ਼ ਸਿੱਖਾਂ ਨੇ ਅਨੇਕਾਂ ਹੀ ਲੜਾਈ ’ਚ ਦਲੇਰੀ, ਬਹਾਦਰੀ ਅਤੇ ਦਿ੍ਰੜ੍ਰਤਾ ਦੀ ਮਿਸਾਲ ਪੇਸ਼ ਕੀਤੀ, ਜੋ ਸਾਡੀ ਅਜੌਕੀ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ ਅਤੇ ਇਤਿਹਾਸ ਨਾਲ ਜੋੜਦੀ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਮਾਪੇ ਆਪਣੇ ਬੱਚਿਆਂ ਪ੍ਰਤੀ ਵੀ ਸੁਚੇਤ ਰਹਿਣ ਅਤੇ ਉਨ੍ਹਾਂ ਨੂੰ ਧਰਮ ਦੀ ਗੁੜ੍ਹਦੀ ਪ੍ਰਦਾਨ ਕਰਨ, ਜਿਥੋਂ ਸਾਨੂੰ ਚੜ੍ਹਦੀਕਲਾ ’ਚ ਰਹਿਣ ਦੀ ਸ਼ਕਤੀ ਮਿਲਦੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਾਈ ਭੁਪਿੰਦਰਪਾਲ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਪਰਵਿੰਦਰ ਸਿੰਘ ਰਿਓਂਦ ਅਤੇ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਵੀ ਹਾਜ਼ਰ ਰਿਹਾ।

