ਪਟਿਆਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਫਤਹਿਗੜ੍ਹ ਸਾਹਿਬ 20 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਜੀ ਨੇ ਆਖਆਿ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਬਰਤਾ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਹਨ ਅਤੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮਾਜ ਤੱਕ ਪਹੁੰਚਾਉਣਾ ਯੂਨੀਵਰਸਿਟੀ ਦਾ ਮੁੱਢਲਾ ਫ਼ਰਜ਼ ਹੈ।

ਸੈਮੀਨਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਸਰਦਾਰ ਸਿਮਰਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨੀਵਰਸਿਟੀ ਦੇ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਖਿਆ ਕਿ ਨਸ਼ਾਖੋਰੀ, ਗੈਂਗਵਾਰ ਅਤੇ ਅਸਹਿਣਸ਼ੀਲਤਾ ਦੇ ਮਾਹੌਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਵਾਨ ਵਕਤਾ ਵਜੋਂ ਸ਼ਾਮਲ ਹੋਏ ਡਾ. ਚਮਕੌਰ ਸਿੰਘ, ਡਾਇਰੈਕਟਰ, ਜਥੇਦਾਰ ਗੁਰਚਰਨ ਸਿੰਘ ਟੌਹੜਾ ਅਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਸ਼ਵਾਸ, ਭਾਸ਼ਾ, ਰਾਗ ਅਤੇ ਬਾਣੀਕਾਰ ਆਦਿ ਹਰੇਕ ਪੱਖੋਂ ਵੰਨ ਸੁਵੰਨਤਾ ‘ਚ ਏਕਤਾ ਦੇ ਮੁਜੱਸਮੇ ਹਨ।
ਸੈਮੀਨਾਰ ਦੀ ਸ਼ੁਰੂਆਤ ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਵੱਲੋਂ ਸਵਾਗਤੀ ਸ਼ਬਦਾਂ ਰਾਹੀਂ ਕੀਤੀ ਗਈ। ਵਿਭਾਗ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਖੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਰਮ ਅਧਿਐਨ ਵਿਭਾਗ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਕਿਰਨਦੀਪ ਕੌਰ ਨੇ ਸੈਮੀਨਾਰ ਵਿਚ ਸ਼ਾਮਲ ਪਤਵੰਤਿਆਂ, ਵਿਦਵਾਨ ਸੱਜਣਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ, ਸੰਗੀਤ ਵਿਭਾਗ ਦੇ ਇੰਚਾਰਜ ਪ੍ਰੋਫੈਸਰ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸਟਾਫ ਅਤੇ ਵਿਦਿਆਰਥੀ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *