ਖ਼ਾਲਸਾ ਕਾਲਜ ਪਟਿਆਲਾ ਵਿਖੇ ਖੂਨਦਾਨ ਕੈਂਪ ਦਾ ਆਯੋਜਨ
70 ਯੂਨਿਟ ਖੂਨਦਾਨ ਕੀਤਾ
ਪਟਿਆਲਾ, 23 ਸਤੰਬਰ:(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐੱਨ.ਐੱਸ.ਐੱਸ., ਯੂਥ ਕਲੱਬ ਅਤੇ ਰੈੱਡ ਕਰਾਸ, ਐਨ.ਸੀ.ਸੀ. ਅਤੇ ਬੱਡੀਜ਼ ਗਰੁੱਪ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇੱਛਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਵੱਲੋਂ 70 ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇ 28 ਵਾਰ ਖੂਨਦਾਨ ਕਰ ਚੁੱਕੇ ਕਾਲਜ ਦੇ ਸਾਬਕਾ ਵਿਦਿਆਰਥੀ ਸ. ਭਰਪੂਰ ਸਿੰਘ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੂੰ ਕਾਲਜ ਪਿ੍ਰੰਸੀਪਲ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਡਾ. ਧਰਮਿੰਦਰ ਸਿੰਘ ਉੱਭਾ ਕਾਲਜ ਪਿ੍ਰੰਸੀਪਲ ਨੇ ਇਸ ਮੌਕੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਅਜਿਹੇ ਕੈਂਪ ਸਾਡੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਦਰਸਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਜਿਹੜਾ ਕਿਸੇ ਨੂੰ ਵੀ ਨਵੀਂ ਜ਼ਿੰਦਗੀ ਬਖ਼ਸ਼ ਸਕਦਾ ਹੈ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦੇ ਹੋਏ ਉਨ੍ਹਾਂ ਦੀ ਸਿੱਖਿਆਵਾਂ ਪ੍ਰਤੀ ਵਿਦਿਆਰਥੀਆਂ ਨੂੰ ਪ੍ਰੇਰਿਤ ਵੀ ਕੀਤਾ। ਉਨ੍ਹਾਂ ਦੱਸਿਆ ਕਿ ਸਥਾਨਕ ਬਲੱਡ ਬੈਂਕ ਵਿਚ ਬਲੱਡ ਸਪਲਾਈ ਨੂੰ ਪੂਰਾ ਕਰਨ ਲਈ ਕਾਲਜ ਵੱਲੋਂ ਕੀਤਾ ਇਹ ਉਪਰਾਲਾ ਕਾਲਜ ਵਿਦਿਆਰਥੀਆਂ ਨੂੰ ਖੂਨਦਾਨ ਵਰਗੇ ਮਹਾਂਦਾਨ ਦੀ ਸਾਰਥਿਕਤਾ ਤੋਂ ਜਾਣੂ ਵੀ ਕਰਵਾਉਂਦਾ ਹੈ ਅਤੇ ਸਮਾਜ ਭਲਾਈ ਵੀ ਪ੍ਰੇਰਿਤ ਵੀ ਕਰਦਾ ਹੈ।
ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਤੋਂ ਪਹੰੁਚੀ ਮੈਡੀਕਲ ਟੀਮ ਵੱਲੋਂ ਸਮੁੱਚੇ ਪ੍ਰਬੰਧ ਦੀ ਦੇਖ-ਰੇਖ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਹਰ ਸਾਲ ਵਿਸ਼ੇਸ਼ ਮੌਕਿਆਂ ਉੱਪਰ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਜੋ ਕਿ ਹਸਪਤਾਲ ਵਿਚ ਮਰੀਜ਼ਾਂ ਨੂੰ ਜੀਵਨ ਦਾਨ ਦੇਣ ਵਿਚ ਮਹੱਤਵਪੂਰਨ ਰੋਲ ਅਦਾ ਕਰਦਾ ਹੈ। ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਕਾਲਜ ਦੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ, ਕੰਟਰੋਲਰ ਪ੍ਰੀਖਿਆਵਾਂ ਡਾ. ਰਵਿੰਦਰਜੀਤ ਸਿੰਘ, ਐੱਨ.ਐੱਸ.ਐੱਸ. ਦੇ ਇੰਚਾਰਜ ਡਾ. ਸਪਨਾ, ਡਾ. ਜਗਤਾਰ ਸਿੰਘ, ਪ੍ਰੋ. ਰਾਜਬਿੰਦਰ ਸਿੰਘ, ਰੈੱਡ ਕਰਾਸ ਦੇ ਇੰਚਾਰਜ ਡਾ. ਗੁਰਮੀਤ ਸਿੰਘ, ਬੱਡੀਜ਼ ਗਰੁੱਪ ਦੇ ਇੰਚਾਰਜ ਪ੍ਰੋ. ਗੋਰਖ ਸਿੰਘ, ਐਨ.ਸੀ.ਸੀ. ਦੇ ਤਿਨੋਂ ਵਿੰਗਾਂ ਦੇ ਇੰਚਾਰਜ ਡਾ. ਸਰਬਜੀਤ ਸਿੰਘ, ਪ੍ਰੋ. ਬਲਦੇਵ ਸਿੰਘ ਅਤੇ ਪ੍ਰੋ. ਰਾਜਬਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

