ਖ਼ਾਲਸਾ ਕਾਲਜ ਪਟਿਆਲਾ ਨੇ ਧਬਲਾਨ ਕੈਂਪਸ ਵਿਖੇ ਕਰਵਾਇਆ ਕਿਸਾਨ ਸੰਮੇਲਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸਮਾਣਾ ਫਤਹਿ ਦਿਵਸ ਨੂੰ ਸਮਰਪਿਤ ਆਪਣੇ ਧਬਲਾਨ ਕੈਂਪਸ ਵਿਖੇ ਕਿਸਾਨ ਸੰਮੇਲਨ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਇਸ ਮੌਕੇ ਕਿਸਾਨਾਂ ਨੂੰ ਖੇਤੀ ਨਾਲ ਜੁੜੀਆਂ ਹੋਈਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਆਧੁਨਿਕ ਮਸ਼ੀਨਰੀ ਨਾਲ ਵੀ ਜਾਣ ਪਹਿਚਾਣ ਕਰਵਾਈ ਗਈ।
ਇਸ ਕਿਸਾਨ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹੋਏ ਸ. ਸੁਰਜੀਤ ਸਿੰਘ ਰੱਖੜਾ ਆਨਰੇਰੀ ਸਕੱਤਰ ਖ਼ਾਲਸਾ ਕਾਲਜ ਗਵਰਨਿੰਗ ਬਾਡੀ ਅਤੇ ਸਾਬਕਾ ਮੰਤਰੀ ਪੰਜਾਬ ਸਰਕਾਰ ਨੇ ਕਿਹਾ ਕਿ ਸਮਕਾਲ ਵਿਚ ਖੇਤੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਜਰੂਰੀ ਹੈ ਕਿ ਕਿਸਾਨ ਨਵੀਆਂ ਵਿਗਿਆਨਕ ਕਾਢਾਂ ਨਾਲ ਰੂਬਰੂ ਹੋਣ। ਉਨ੍ਹਾਂ ਆਰਗੈਨਿਕ ਖੇਤੀ ਉਪਰ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਰਸਾਇਣਕ ਖਾਦਾਂ ਦੀ ਵਰਤੋਂ ਨੂੰ ਘੱਟ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸਾਨੂੰ ਪਿੰਡ ਪੱਧਰ ਤੇ ਕੋਆਪਰੇਟਿਵ ਢੰਗ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ਤੇ ਕਾਰਜ ਕਰਨ ਦੀ ਲੋੜ ਹੈ।
ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਆਪਣੇ ਖੇਤੀ ਖਰਚਿਆਂ ਅਤੇ ਆਮਦਨ ਦੇ ਹਿਸਾਬ ਲਈ ਵਹੀ ਪ੍ਰਬੰਧ ਨੂੰ ਘਰ ਪੱਧਰ ’ਤੇ ਲਾਗੂ ਕਰਨ ਦੀ ਬਹੁਤ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਤਾਂ ਹੀ ਸਫਲ ਹੋ ਸਕਦੇ ਹਾਂ ਜੇਕਰ ਸਾਡੇ ਕੋਲ ਸਾਡੀ ਆਮਦਨੀ ਅਤੇ ਖਰਚਿਆਂ ਦਾ ਪੂਰਾ ਵੇਰਵਾ ਹੋਵੇਗਾ।
ਡਾ. ਕੇਸਰ ਸਿੰਘ ਭੰਗੂ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਹਾ ਕਿ ਸਾਨੂੰ ਸਰਕਾਰਾਂ ਤੋਂ ਬਹੁਤੀ ਆਸ ਨਹੀਂ ਰੱਖਣੀ ਚਾਹੀਦੀ ਸਗੋਂ ਸਾਨੂੰ ਖੇਤੀ ਨੂੰ ਲਾਹੇਵੰਦਾ ਬਣਾਉਣ ਲਈ ਆਪਣੇ ਪੱਧਰ ਤੇ ਹੀ ਉੱਦਮ ਕਰਨ ਦੀ ਲੋੜ ਹੈ।
ਇਸ ਮੌਕੇ ਥਾਪਰ ਯੂਨੀਵਰਸਿਟੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਡਾ. ਪਿਊਸ਼ ਨੇ ਦੱਸਿਆ ਕਿ ਇਕ ਅਜਿਹੀ ਤਕਨਾਲੋਜੀ ਵਿਕਸਤ ਕਰ ਲਈ ਗਈ ਹੈ ਜਿਸ ਨਾਲ ਅਸੀਂ ਆਪਣੀਆਂ ਸਬਜ਼ੀਆਂ ਅਤੇ ਫਲਾਂ ਨੂੰ ਲੰਬੇ ਸਮੇਂ ਲਈ ਬਿਨਾਂ ਫਰੀਜ਼ਰ ਦੇ ਸਾਂਭ ਕੇ ਰੱਖ ਸਕਦੇ ਹਾਂ ਅਤੇ ਇਸ ਤਕਨਾਲੋਜੀ ਦਾ ਕੋਈ ਵੀ ਦੁਰਪ੍ਰਭਾਵ ਸਬਜ਼ੀਆਂ ਜਾਂ ਫਲਾਂ ਉਪਰ ਨਹੀਂ ਪਵੇਗਾ।
ਡਾ. ਲਖਵਿੰਦਰ ਸਿੰਘ ਗਿੱਲ ਐਮੇਰੀਟਸ ਪ੍ਰੋਫੈਸਰ ਖਾਲਸਾ ਕਾਲਜ ਪਟਿਆਲਾ ਨੇ ਕਿਹਾ ਕਿ ਸਰਕਾਰਾਂ ਨੂੰ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਬਹੁਤ ਲੋੜ ਹੈ ਜੇਕਰ ਸਰਕਾਰਾਂ ਆਪਣੀ ਜਿੰਮੇਵਾਰੀ ਠੀਕ ਰੂਪ ਚ ਨਹੀਂ ਨਿਭਾਉਂਦੀਆਂ ਤਾਂ ਖੇਤੀ ਸਾਹਮਣੇ ਕਾਰਪੋਰੇਟ ਜਗਤ ਹਮੇਸ਼ਾਂ ਹੀ ਔਕੜਾਂ ਖੜ੍ਹੀਆਂ ਕਰਦਾ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਖਿੱਤੇ ਦੇ ਵਿਕਾਸ ਲਈ ਸਰਕਾਰ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ ਜੇਕਰ ਸਰਕਾਰ ਆਪਣਾ ਕੰਮ ਠੀਕ ਰੂਪ ਵਿਚ ਨਹੀਂ ਕਰਦੀ ਤਾਂ ਲੋਕਾਂ ਨੂੰ ਇਕੱਠੇ ਹੋ ਕੇ ਸਰਕਾਰ ਨੂੰ ਸੁਚੇਤ ਕਰਨ ਲਈ ਉਨ੍ਹਾਂ ਦੀ ਜਵਾਬ ਤਲਬੀ ਨਿਸ਼ਚਿਤ ਕੀਤੀ ਜਾਣੀ ਚਾਹੀਦੀ ਹੈ।
ਸ. ਕੁਲਦੀਪ ਸਿੰਘ ਨੱਸੂਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦਾ ਹੀ ਨਤੀਜਾ ਹੈ ਕਿ ਅੱਜ ਕਿਸਾਨਾਂ ਨੂੰ ਆਪਣੇ ਘਰ ਬਾਰ ਛੱਡ ਕੇ ਦਿੱਲੀ ਵਿਖੇ ਸੰਘਰਸ਼ ਕਰਨਾ ਪੈ ਰਿਹਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਕਾਰਪੋਰੇਟ ਘਰਾਣਿਆਂ ਤੋਂ ਖੇਤੀ ਨੂੰ ਬਚਾਉਣ ਲਈ ਸਾਨੂੰ ਆਪਣੇ ਪੱਧਰ ਤੇ ਜਥੇਬੰਦ ਹੋਣ ਦੀ ਲੋੜ ਹੈ । ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਦੌਰਾਨ ਮੰਚ ਦਾ ਸੰਚਾਲਨ ਡਾ. ਦਵਿੰਦਰ ਸਿੰਘ ਦੁਆਰਾ ਬਾਖੂਬੀ ਨਿਭਾਇਆ ਗਿਆ।

