ਖ਼ਾਲਸਾ ਕਾਲਜ ਪਟਿਆਲਾ ਵੱਲੋਂ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਵੱਲੋਂ ਨਵੇਂ ਆਏ ਵਿਦਿਆਰਥੀਆਂ ਲਈ ਹਫ਼ਤਾ ਭਰ ਇੰਡਕਸ਼ਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਮ.ਬੀ.ਏ. ਲੀਡਰਸ਼ਿਪ ਡਿਵੈਲਪਮੈਂਟ, ਐੱਮ.ਕਾਮ, ਬੀ.ਕਾਮ ਆਨਰਜ਼, ਬੀ. ਕਾਮ, ਬੀ. ਬੀ. ਏ., ਬੀ. ਕਾਮ ਭਾਗ ਦੂਜਾ ਅਤੇ ਬੀ.ਕਾਮ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਵਿੱਚ ਕੀਤੀਆਂ ਜਾਂਦੀਆਂ ਅਕਾਦਮਿਕ ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਅਰਥਾਤ ਵਿਦਿਆਰਥੀਆਂ ਦੇ ਅਨੁਭਵ ਨੂੰ ਵਿਸ਼ਾਲ ਕਰਨ ਅਤੇ ਸਿੱਖਣ ਵਿੱਚ ਗੁਣਵੱਤਾ ਵਿਕਸਿਤ ਕਰਨਾ ਸੀ।
ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਕਾਲਜ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਜੀਵਨ ਦੀ ਕੀਮਤ ਅਤੇ ਜ਼ਿੰਮੇਵਾਰੀਆਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਪਾਸੇ ਧਿਆਨ ਦੇਣ ਲਈ ਕਿਹਾ ਕਿ ਉਨ੍ਹਾਂ ਨੂੰ ਆਪਣੀ ਸੋਚ ਹੋਰ ਵਿਕਸਿਤ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਅੰਦਰ ਜਿੰਮੇਵਾਰੀ ਦੀ ਭਾਵਨਾ ਪੈਦਾ ਹੋਵੇ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਲਈ ਅਧਿਐਨ ਦੇ ਨਾਲ ਨਾਲ ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੁਆਰਾ ਆਯੋਜਿਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਲੀਡਰਸ਼ਿਪ ਗੁਣਾਂ ਨੂੰ ਵਿਕਸਤ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਡਾ: ਅਮਨਦੀਪ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਰੈਗਿੰਗ ਅਤੇ ਇਸ ਦੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਪ੍ਰੋ.ਵਰਲੀਨ ਕੌਰ ਨੇ ਵਿਦਿਆਰਥੀਆਂ ਦੇ ਪਲੇਸਮੈਂਟ ਲਈ ਹੁਨਰ ਸਿੱਖਣ ਅਤੇ ਉਨ੍ਹਾਂ ਨੂੰ ਨਿਖਾਰਨ ਲਈ ਉਪਲਬਧ ਵੱਖ-ਵੱਖ ਸਿਖਲਾਈ ਅਤੇ ਵਿਕਾਸ ਪ੍ਰੋਗਰਾਮਾਂ ਸੰਬੰਧੀ ਜਾਣਕਾਰੀ ਦਿੱਤੀ । ਉਨ੍ਹਾਂ ਨੇ ਕਾਲਜ ਦੁਆਰਾ ਪ੍ਰਦਾਨ ਕੀਤੇ ਗਏ ਵੱਖ-ਵੱਖ ਕਰੀਅਰ ਅਤੇ ਪਲੇਸਮੈਂਟ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ। ਇਸ ਤੋਂ ਬਾਅਦ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ ਕੀਤੀਆਂ ਗਈਆਂ ਜਿਸ ਵਿੱਚ ਸਕਿੱਟਾਂ, ਡਾਂਸ, ਵਿਅਕਤੀਗਤ ਪ੍ਰਦਰਸਨ ਅਤੇ ਇੱਕ ਮਿੰਟ ਦੀਆਂ ਖੇਡਾਂ ਤੇ ਆਮ ਗਿਆਨ ਬਾਰੇ ਕਵਿਜ ਸਾਮਲ ਸੀ ਅੰਤ ਵਿੱਚ ਮਿਸਟਰ ਪਰਸਨੈਲਿਟੀ, ਮਿਸ ਪਰਸਨੈਲਿਟੀ ਅਤੇ ਵਧੀਆ ਪਹਿਰਾਵੇ ਵਾਲੇ ਵਿਦਿਆਰਥੀਆਂ ਨੂੰ ਚੁਣਿਆ ਗਿਆ।
ਪ੍ਰੋਗਰਾਮ ਦੀ ਸਮਾਪਤੀ ਤੇ ਡਿਪਟੀ ਪਿ੍ਰੰਸੀਪਲ ਅਤੇ ਵਿਭਾਗ ਦੇ ਮੁਖੀ ਡਾ: ਜਸਲੀਨ ਕੌਰ ਨੇ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ, ਨੈਤਿਕ ਕਦਰਾਂ ਕੀਮਤਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਹਮੇਸ਼ਾ ਅਨੁਸ਼ਾਸਨ ਵਿੱਚ ਰਹਿਣ ਤੇ ਸਮੇਂ ਦੀ ਮਹੱਤਤਾ ਅਤੇ ਵਾਧੂ ਸਹਿ-ਪਾਠਕ੍ਰਮ ਗਤੀਵਿਧੀਆਂ ਦੀ ਭਾਗੀਦਾਰੀ ਦੇ ਮਹੱਤਵ ਤੇ ਜੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇੱਕ ਸੰਪੂਰਨ ਸਖਸੀਅਤ ਵਿਕਸਤ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੇ ਸਫਲਤਾਪੂਰਵਕ ਸੰਪੰਨ ਹੋਣ ’ਤੇ ਵਧਾਈ ਵੀ ਦਿੱਤੀ। ਇਸ ਮੌਕੇ ਡੀਨ ਰਿਸਰਚ ਡਾ: ਰਵਿੰਦਰਜੀਤ ਸਿੰਘ ਅਤੇ ਡਾ: ਲਖਵਿੰਦਰ ਸਿੰਘ ਗਿੱਲ ਨੇ ਵੀ ਨਵੇਂ ਆਏ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।

