ਹਰਪਾਲ ਜੁਨੇਜਾ ਨਿਤਰੇ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਦੇ ਹੱਕ ਵਿਚ
ਸਰਕਾਰ ਘਰ ਘਰ ਨੌਕਰੀ ਦੇਣ ਦੀ ਬਜਾਏ ਘਰ ਘਰ ਨੌਕਰੀ ਲੈਣ ’ਤੇ ਹੋਈ ਉਤਾਰੂ: ਹਰਪਾਲ ਜੁਨੇਜਾ
ਪਟਿਆਲਾ, 22 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਉਮੀਦਵਾਰ ਹਰਪਾਲ ਜੁਨੇਜਾ ਅੱਜ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਵੱਲੋਂ ਸਰਕਾਰ ਮਹਿੰਦਰਾ ਕਾਲਜ ਵਿਖੇ ਸਟਾਫ ਵੱਲੋਂ ਮੁਕੰਮਲ ਹੜ੍ਹਤਾਲ ਵਿਚ ਪਹੁੰਚੇ ਅਤੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਹੱਕ ਵਿਚ ਨਿਤਰ ਗਏ। ਉਨ੍ਹਾਂ ਕਿਹਾ ਕਿ ਘਰ ਘਰ ਰੁਜਗਾਰ ਦੇਣ ਦਾ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਹੁਣ ਘਰ ਘਰ ਨੌਕਰੀ ਲੈਣ ’ਤੇ ਉਤਾਰੂ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਕੰਮ ਕਰ ਰਹੇ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਪਹਿਲ ਦੇ ਅਧਾਰ ’ਤੇ ਪੱਕਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਾਹੀਦਾ ਹੈ ਕਿ ਡਰਾਮੇਬਾਜੀਆਂ ਛੱਡ ਕੇ ਸਹੀ ਅਰਥਾਂ ਵਿਚ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਨੂੰ ਪਹਿਲ ਦੇਣ।
ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 962 ਦੇ ਕਰੀਬ ਗੈਸ ਫੈਕਲਟੀ ਸਹਾਇਕ ਪ੍ਰੋਫੈਸਰ ਦੇ ਤੌਰ ‘ਤੇ ਕੰਮ ਕਰ ਰਹੇ ਹਾਂਅਤੇ ਪੰਜਾਬ ਸਰਕਾਰ ਨੇ 19 ਅਕਤੂਬਰ 2021 ਨੂੰ ਸਰਕਾਰੀ ਕਾਲਜਾਂ ਵਿਚ ਪੱਕੀਆਂ ਅਸਾਮੀਆਂ ਨੂੰ ਭਰਨ ਲਈ ਅਤੇ ਸਾਨੂੰ ਕਾਲਜਾਂ ਵਿਚੋਂ ਬਾਹਰ ਕੱਢਣ ਲਈ 1200 ਦੇ ਲਗਭਗ ਪੋਸਟਾਂ ਐਡਵਰਟਾਈਜ਼ ਕਰ ਦਿੱਤੀਆਂ ਗਈਆਂ। ਜੇਕਰ ਸਰਕਾਰ ਅਜਿਹਾ ਕਰਨ ਵਿਚ ਸਫਲ ਹੁੰਦੀ ਹੈ ਤਾਂ ਸਾਡੀ ਨੌਕਰੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਸਾਡੀਆਂ 962 ਪੋਸਟਾਂ ਨੂੰ ਬਿਨ੍ਹਾਂ ਕਿਸੇ ਸ਼ਰਤ ਸੁਰੱਖਿਅਤ ਕੀਤਾ ਜਾਵੇ। ਬਾਕੀ ਰਹਿੰਦੀਆਂ 550 ਦੇ ਕਰੀਬ ਖਾਲੀ ਅਸਾਮੀਆਂ ਨੂੰ ਭਰਿਆ ਜਾਵੇ।

