ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ
ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਬਿਊਰੋ ਵੱਲੋਂ ਹਫ਼ਤਾ ਭਰ ਚਲਾਈਆਂ ਜਾਣਗੀਆਂ ਗਤੀਵਿਧੀਆਂ: ਐਸ.ਐਸ.ਪੀ.
ਪਟਿਆਲਾ, 26 ਅਕਤੂਬਰ:(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ ‘ਤੇ ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ‘ਚ ਪਟਿਆਲਾ ਰੇਂਜ ਅਧੀਨ ਪੈਂਦੀਆਂ ਯੂਨਿਟਾਂ ਪਟਿਆਲਾ, ਸੰਗਰੂਰ ਅਤੇ ਬਰਨਾਲਾ ‘ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤੇ ਸ਼ੁਰੂਆਤ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਜਾਗਰੂਕਤਾ ਸਬੰਧੀ ਸਹੁੰ ਚੁਕਾ ਕੇ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਿਊਰੋ ਵੱਲੋਂ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਹਫ਼ਤਾ ਭਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਸ ਉਪਰੰਤ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਪੁਨੀਤ ਸਿੰਘ ਚਾਹਲ ਵੱਲੋਂ ਖਾਲਸਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਧਰਮਿੰਦਰ ਸਿੰਘ ਉੱਭਾ ਤੇ ਪ੍ਰੋਫੈਸਰ ਜਗਤਾਰ ਸਿੰਘ ਦੀ ਹਾਜ਼ਰੀ ‘ਚ ਕਾਲਜ ਦੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਟਾਫ਼ ਤੇ 250 ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਤੇ ਬੈਨਰ ਲਗਾਕੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਈ ਗਈ।
ਸੈਮੀਨਾਰ ਦੌਰਾਨ ਡੀ.ਐਸ.ਪੀ. ਪੁਨੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਦੇ ਹੋਏ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸੂਚਨਾਵਾਂ ਦੇਣ ਲਈ ਵਿਜੀਲੈਂਸ ਬਿਊਰੋ ਪੰਜਾਬ ਦੀ ਮੇਲ ਆਈਡੀ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੇ ਟੈਲੀਫੋਨ ਨੰਬਰਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।

