ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਲਈ ਜਾਗਰੂਕ ਮੁਹਿੰਮ ਸੰਬੰਧੀ ਕੱਢੀ ਰੈਲੀ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐਨ. ਐਸ. ਐਸ. ਅਤੇ ਐਨ.ਸੀ.ਸੀ. (ਆਰਮੀ ਵਿੰਗ) ਦੇ ਵਿਦਿਆਰਥੀਆਂ ਵੱਲੋਂ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਐਨ.ਐਸ.ਐਸ. ਵਿਭਾਗ ਵਲੋਂ ਜਾਰੀ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਪਿੰਡ ਧਬਲਾਨ ਅਤੇ ਜਾਹਲਾਂ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਹਿੱਤ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਜਿਸ ਵਿਚ 200 ਤੋਂ ਵੱਧ ਵਲੰਟੀਅਰਾਂ ਅਤੇ ਦਰਜਨ ਦੇ ਕਰੀਬ ਸਟਾਫ ਮੈਂਬਰਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਨਿੱਜੀ ਰੂਪ ’ਚ ਮਿਲ ਕੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਪੈਂਫਲਿਟ ਵੀ ਵੰਡੇ ਗਏ । ਜਿਸ ਵਿਚ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਦੇ ਲਾਭ ਦੱਸੇ ਗਏ ਹਨ। ਪਿੰਡ ਪੱਧਰ ’ਤੇ ਕਿਸਾਨਾਂ ਵੱਲੋਂ ਵੀ ਵਿਦਿਆਰਥੀਆਂ ਦੀ ਇਸ ਰੈਲੀ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ।
ਡਾ. ਧਰਮਿੰਦਰ ਸਿੰਘ ਉਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੀ ਧਰਤੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤਾਂ ਹੀ ਰਹਿਣ ਯੋਗ ਬਣੀ ਰਹੇਗੀ ਜੇਕਰ ਅਸੀਂ ਅੱਜ ਤੋਂ ਹੀ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਹੋਵਾਂਗੇ । ਜੇਕਰ ਅਸੀਂ ਇਸੇ ਤਰ੍ਹਾਂ ਹੀ ਪਰਾਲੀ ਨੂੰ ਅੱਗ ਲਾਉਂਦੇ ਰਹੇ ਤਾਂ ਇਕ ਦਿਨ ਅਜਿਹਾ ਵੀ ਆਵੇਗਾ ਜਦੋਂ ਪੰਜਾਬ ਵਿਚ ਰਹਿਣਾ ਮੁਸ਼ਕਲ ਹੋ ਜਾਵੇਗਾ । ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹਤੁ ਦਾ ਹਵਾਲਾ ਦਿੰਦੇ ਹੋਏ ਦੱਸਿਆ ਸਾਡੇ ਗੁਰੂ ਸਾਹਿਬਾਨਾਂ ਦਾ ਵੀ ਇਹੀ ਉਪਦੇਸ਼ ਹੈ ਤੇ ਅਸੀਂ ਇਸ ਧਰਤ ਨੂੰ ਮਾਂ ਵਜੋਂ ਸੰਭਾਲਣਾ ਹੈ, ਹਵਾ ਨੂੰ ਗੁਰੂ ਅਤੇ ਪਾਣੀ ਨੂੰ ਪਿਤਾ ਸਮਾਨ ਜਾਨਣਾ ਹੈ ।
ਇਸ ਮੌਕੇ ਐਨ. ਐਸ.. ਐਸ ਅਤੇ ਐਨ. ਸੀ. ਸੀ. ਦੇ ਇੰਚਾਰਜ ਟੀਚਰਾਂ ਵੱਲੋਂ ਦਸਿਆ ਗਿਆ ਕਿ ਸਾਡੀ ਇਹ ਕੋਸ਼ਿਸ਼ ਹੁੰਦੀ ਹੈ ਕਿ ਸਾਡੇ ਵਿਦਿਆਰਥੀ ਵਾਤਾਵਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਰਹਿਣ ਅਤੇ ਸਮਾਜ ਵਿਚ ਵੀ ਅਜਿਹੀਆਂ ਚੰਗੀਆਂ ਕਦਰਾਂ ਕੀਮਤਾਂ ਦਾ ਪ੍ਰਚਾਰ ਕਰਨ ਤਾਂ ਜੋ ਅਸੀਂ ਚੰਗੇ ਸਮਾਜ ਦੀ ਸਿਰਜਣਾ ਕਰ ਸਕੀੲ।ੇ

