ਲਖੀਮਪੁਰ ਹਿੰਸਾ ਮਾਮਲੇ ਦੀ ਜਾਂਚ ਉਮੀਦ ਮੁਤਾਬਕ ਨਹੀਂ ਹੋ ਰਹੀ : ਸੁਪਰੀਮ ਕੋਰਟ
ਨਵੀਂ ਦਿੱਲੀ (ਮਧੂਸਾਰ ਬਿਊਰੋ) ਸੁਪਰੀਮ ਕੋਰਟ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਉੱਤਰ ਪ੍ਰਦੇਸ਼ ਪੁਲਸ ਵਲੋਂ ਕੀਤੀ ਜਾ ਰਹੀ ਜਾਂਚ ਤੋਂ ਨਾਖੁਸ਼ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਾਂਚ ਉਨ੍ਹਾਂ ਦੀ ਉਮੀਦ ਮੁਤਾਬਕ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਹਿੰਸਾ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਵਿਚ ਕਰਾਉਣ ਦਾ ਸੁਝਾਅ ਦਿੱਤਾ। ਚੀਫ਼ ਜਸਟਿਸ ਐੱਨ. ਵੀ. ਰਮਨਾ, ਜਸਟਿਸ ਸੂਰਈਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਅਤੇ ਗਰਿਮਾ ਪ੍ਰਸਾਦ ਨੂੰ ਸ਼ੁੱਕਰਵਾਰ ਤੱਕ ਮਾਮਲੇ ’ਤੇ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ।
ਬੈਂਚ ਨੇ ਦੋਸ਼ ਪੱਤਰ ਦਾਖ਼ਲ ਕੀਤੇ ਜਾਣ ਤੱਕ ਜਾਂਚ ਦੀ ਨਿਗਰਾਨੀ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਜਾਂ ਜੱਜ ਰਣਜੀਤ ਸਿੰਘ ਦੇ ਨਾਵਾਂ ਦਾ ਸੁਝਾਅ ਦਿੱਤਾ। ਬੈਂਚ ਨੇ ਕਿਹਾ ਕਿ ਮਾਮਲੇ ਦੀ ਜਾਂਚ ਉਨ੍ਹਾਂ ਦੀ ਉਮੀਦ ਮੁਤਾਬਕ ਨਹੀਂ ਹੋ ਰਹੀ ਹੈ। ਅਦਾਲਤ ਨੇ ਵੀਡੀਓ ਸਬੂਤ ਦੇ ਸਬੰਧ ’ਚ ’ਫੋਰੈਂਸਿਕ ਰਿਪੋਰਟ’ ਵਿਚ ਦੇਰੀ ਦਾ ਵੀ ਨੋਟਿਸ ਲਿਆ।
ਇਸ ਤੋਂ ਪਹਿਲਾਂ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗਵਾਹ ਸੁਰੱਖਿਆ ਯੋਜਨਾ, 2018 ਤਹਿਤ ਮਾਮਲੇ ਦੇ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ, ਗਵਾਹਾਂ ਦੇ ਬਿਆਨ ਸੀ. ਆਰ. ਪੀ. ਦੀ ਧਾਰਾ-164 ਤਹਿਤ ਨਿਆਇਕ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕਰਾਉਣ ਦਾ ਨਿਰਦੇਸ਼ ਦਿੱਤਾ ਸੀ। ਪੁਲਸ ਨੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਸ਼ਿਮਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 13 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।

