ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਰਾਜਨੀਤੀ ਵਿਗਿਆਨ ਵਿਭਾਗ ਅਤੇ ਐੱਨ. ਐੱਸ. ਐੱਸ ਵਿੰਗ ਵੱਲੋਂ ਸਾਂਝੇ ਤੌਰ ’ਤੇ ਸੰਸਦੀ ਮਾਮਲਿਆਂ ਬਾਰੇ ਮੰਤਰਾਲਾ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੁਨੀਆ ਵਿਚ ਵਿਲੱਖਣ ਪਹਿਚਾਣ ਰੱਖਦਾ ਹੈ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਡਾ. ਬੀ.ਆਰ. ਅੰਬੇਦਕਰ ਵੱਲੋਂ ਨਿਭਾਏ ਮਹੱਤਵਪੂਰਨ ਰੋਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਵਿਧਾਨ ਨਿਰਮਾਤਾਵਾਂ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਵਰਤਮਾਨ ਸਮੇਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਸੀਂ ਮੌਜੂਦਾ ਸਮੇਂ ਅਜ਼ਾਦੀ ਦੇ 75ਵੇਂ ਵਰ੍ਹੇ ਨੂੰ ‘ਅਜ਼ਾਦੀ ਦੇ ਮਹਾਂਉਹਸਵ’ ਵਜੋਂ ਮਨਾ ਰਹੇ ਹਾਂ ਅਤੇ ਏਸੇ ਲੜੀ ਤਹਿਤ ਸੰਵਿਧਾਨ ਦਿਵਸ ਮੌਕੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਪ੍ਰਤੀ ਜਾਣੂ ਕਰਵਾਉਣ ਲਈ ‘ਜਨ ਭਾਗੀਦਾਰੀ’ ਮੁਹਿੰਮ ਤਹਿਤ ਵੱਖ-ਵੱਖ ਪੱਧਰਾਂ ਉੱਤੇ ਅਨੇਕਾਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਪ੍ਰੋਗਰਾਮ ਦੌਰਾਨ ਬੀ.ਏ.ਭਾਗ ਤੀਜਾ ਦੇ ਵਿਦਿਆਰਥੀ ਬਲਜਿੰਦਰ ਸਿੰਘ ਅਤੇ ਤਨਵੀਰ ਸਿੰਘ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੇ ਉਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਕਾਲਜ ਦੇ ਵਾਈਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਮੌਲਿਕ ਅਧਿਕਾਰਾਂ ਅਤੇ ਮੌਲਿਕ ਕਰਤੱਵਾਂ ਪ੍ਰਤੀ ਚੇਤੰਨ ਕਰਨ ਲਈ ਅਜਿਹੇ ਦਿਵਸ ਮਨਾਉਣੇ ਬਹੁਤ ਜਰੂਰੀ ਹਨ। ਇਸ ਮੌਕੇ ਦੌਰਾਨ ਪ੍ਰੋ ਸਪਨਾ, ਪ੍ਰੋ ਰਾਜਵਿੰਦਰ ਸਿੰਘ, ਪ੍ਰੋ. ਸੰਦੀਪ ਕੁਲਾਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮਨਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

