ਪੰਜਾਬਪਟਿਆਲਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੁਰੂ ਤੇਗਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਕਰਵਾਏ ਗਏ।

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਤੇਗਬਹਾਦਰ ਰਾਸ਼ਟਰੀ ਏਕਤਾ ਚੇਅਰ ਅਤੇ ਧਰਮ ਨਾਲ ਸੰਬੰਧਤ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਗੁਰੂ ਤੇਗਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਕਰਵਾਏ ਗਏ। ਬੀਬੀ ਬੇਅੰਤ ਕੌਰ, ਭਾਈ ਸੱਜਣ ਸਿੰਘ, ਡਾ. ਕੰਵਲਜੀਤ ਸਿੰਘ, ਡਾ. ਨਿਵੇਦਿਤਾ ਸਿੰਘ ਅਤੇ ਡਾ. ਅਲੰਕਾਰ ਸਿੰਘ ਨੇ ਤੰਤੀ ਸਾਜਾਂ ਰਾਹੀਂ ਪੁਰਾਤਨ ਕੀਰਤਨ ਪ੍ਰੰਪਰਾ ਤਹਿਤ ਰਾਗਬੱਧ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਰਵਿੰਦ ਨੇ ਕਿਹਾ ਕਿ ਗੁਰੂ ਤੇਗਬਹਾਦਰ ਜੀ ਦੀ ਸ਼ਹਾਦਤ ਕਿਸੇ ਇਕ ਧਰਮ ਜਾਂ ਫਿਰਕੇ ਨੂੰ ਬਚਾਉਣ ਲਈ ਨਹੀਂ ਸਗੋਂ ਸਮੁੱਚੀ ਮਾਨਵਤਾ ਦੀ ਰੱਖਿਆ ਦੇ ਨਾਲ ਨਾਲ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਹੈ। ਸੰਤ ਤੇ ਸਿਪਾਹੀ ਦਾ ਸਿਧਾਂਤ ਸਾਨੂੰ ਗੁਰੂ ਜੀ ਦੇ ਜੀਵਨ ਵਿਚ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤਾਂ ਨੂੰ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਵੱਖ ਵੱਖ ਥਾਵਾਂ ‘ਤੇ ਜਾ ਕੇ ਪ੍ਰਚਾਰਿਆ ਅਤੇ ਪ੍ਰਸਾਰਿਆ। ਗੁਰੂ ਜੀ ਵੱਲੋਂ ਦਿੱਤੇ ਗਏ ਸ਼ਬਦ, ਸੁਰਤਿ ਅਤੇ ਕਿਰਤ ਦੇ ਸਿਧਾਂਤ ਤੋਂ ਬਿਨਾਂ ਮਨੁੱਖੀ ਜੀਵਨ ਅਧੂਰਾ ਹੈ, ਜਿੰਨ੍ਹਾਂ ਦਾ ਸਾਡੇ ਜੀਵਨ ਵਿਚ ਬਹੁਮੁੱਲਾ ਯੋਗਦਾਨ ਹੈ।

ਇਸ ਮੌਕੇ ਡਾ. ਗੁਰਮੀਤ ਸਿੰਘ ਸਿੱਧੂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗਬਹਾਦਰ ਜੀ ਦੀ ਸ਼ਹਾਦਤ ਦੇ ਸਮਾਜ ਉਪਰ ਗਹਿਰੇ ਪ੍ਰਭਾਵ ਹਨ। ਉਨ੍ਹਾਂ ਦੀ ਸ਼ਹਾਦਤ ਨੇ ਸਾਨੂੰ ਧਰਮ ਅਤੇ ਸੱਚ ਦੇ ਅਸਲ ਅਰਥ ਸਮਝਾਏ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸੱਚ ਅਤੇ ਧਰਮ ਲਈ ਸ਼ਹਾਦਤ ਦਿੱਤੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਗੁਰੂ ਤੇਗਬਹਾਦਰ ਜੀ ਦੀ ਸ਼ਹਾਦਤ ਨੂੰ ਕਿਸੇ ਇਕ ਵਿਸ਼ੇਸ਼ ਭੂਗੋਲਿਕ ਖਿੱਤੇ ਜਾਂ ਦੇਸ਼ ਤਕ ਸੀਮਿਤ ਕਰਕੇ ਨਹੀਂ ਸਮਝਿਆ ਜਾ ਸਕਦਾ ਸਗੋਂ ਸਮੁੱਚੀ ਸ੍ਰਿਸ਼ਟੀ ਉਪਰ ਗੁਰੂ ਜੀ ਦੀ ਸ਼ਹਾਦਤ ਦਾ ਪ੍ਰਭਾਵ ਹੈ। ਇਸ ਮੌਕੇ ਬਾਬਾ ਬਲਬੀਰ ਸਿੰਘ, ਡਾ. ਦਲਜੀਤ ਸਿੰਘ, ਡਾ. ਮਲਕਿੰਦਰ ਕੌਰ, ਗੱਤਕਾ ਕੋਚ ਸ. ਅਵਤਾਰ ਸਿੰਘ, ਸ. ਤੇਜਪਾਲ ਸਿੰਘ ਅਤੇ ਅਮਰਿੰਦਰ ਸਿੰਘ ਹਾਜਰ ਸਨ।

Leave a Reply

Your email address will not be published. Required fields are marked *