ਪੰਜਾਬ

ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ

ਚੰਡੀਗੜ੍ਹ 14 ਦਸੰਬਰ (ਮਧੂਸਾਰ ਬਿਊਰੋ) ਬੇਅਦਬੀ ਮਾਮਲੇ ਦੀ ਸੀ.ਬੀ.ਆਈ. ਜਾਂਚ ਵਾਪਸ ਲੈਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ’ਚ ਦਰਜ ਹੋਈਆਂ ਸਾਰੀਆਂ ਐੱਫ.ਆਈ.ਆਰ. ਦੀ ਸੀ.ਬੀ.ਆਈ. ਤੋਂ ਹੀ ਜਾਂਚ ਕਰਵਾਈ ਜਾਵੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ’ਤੇ ਬਿਨਾਂ ਕੋਈ ਨਿਰਦੇਸ਼ ਦਿੱਤੇ ਸੁਣਵਾਈ 21 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਰਾਮ ਰਹੀਮ ਨੇ ਪਟੀਸ਼ਨ ਦਾਖਲ ਕਰਦੇ ਹੋਏ ਦੱਸਿਆ ਕਿ ਸਾਬਕਾ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ।

ਸਰਕਾਰ ਬਦਲਣ ਤੋਂ ਬਾਅਦ ਇਸ ਮਾਮਲੇ ਦਾ ਸਿਆਸੀ ਲਾਭ ਪ੍ਰਾਪਤ ਕਰਨ ਲਈ ਮੌਜੂਦਾ ਸਰਕਾਰ ਨੇ ਸੀ.ਬੀ.ਆਈ. ਨੂੰ ਸੌਂਪੇ ਬੇਅਦਬੀ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਾਂਚ ਵਾਪਸ ਲੈ ਕੇ ਇਨ੍ਹਾਂ ਨੂੰ ਐੱਸ.ਆਈ.ਟੀ. ਨੂੰ ਸੌਂਪ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਮਾਮਲੇ ’ਚ ਹੁਣ ਚੋਣਾਂ ਨੇੜੇ ਹੋਣ ਕਾਰਨ ਸਿਆਸੀ ਲਾਭ ਪ੍ਰਾਪਤ ਕਰਨ ਲਈ ਪਟੀਸ਼ਨਕਰਤਾ ਦਾ ਨਾਮ ਘਸੀਟਿਆ ਜਾ ਰਿਹਾ ਹੈ। ਅਜਿਹੇ ’ਚ ਨਿਰਪੱਖ ਜਾਂਚ ਸੀ.ਬੀ.ਆਈ. ਹੀ ਕਰ ਸਕਦੀ ਹੈ। ਪਟੀਸ਼ਨਕਰਤਾ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ।

Leave a Reply

Your email address will not be published. Required fields are marked *