ਵਰਲਡ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ‘ਤੇ ਵੱਖ-ਵੱਖ ਸਮਾਗਮ ਆਯੋਜਿਤ
ਫ਼ਤਹਿਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ, ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵੱਲੋਂ ਸ਼ਹੀਦੀ ਸਭਾ ‘ਤੇ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਨ੍ਹਾਂ ਸਮਾਗਮਾਂ ਵਿਚ ਯੂਨੀਵਰਸਿਟੀ ਵੱਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ, ਇੰਗਲੈਂਡ ਦੇ ਸਹਿਯੋਗ ਨਾਲ ਸੰਗਤਾਂ ਨੂੰ ਕੈਂਸਰ ਵਰਗੀ ਭਿਆਨਕ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਤਿੰਨ ਰੋਜ਼ਾ ਮੁਫਤ ਕੈਂਸਰ ਜਾਂਚ ਅਤੇ ਜਾਣਕਾਰੀ ਕੈਂਪ ਸ਼ੁਰੂ ਕੀਤਾ ਗਿਆ।

ਇਸ ਅਵਸਰ ‘ਤੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਕੈਂਸਰ ਕੇਅਰ ਕੈਂਪ, ਫਿਜ਼ੀਓਥੈਰੇਪੀ ਅਤੇ ਹੋਮਿਓਪੈਥੀ ਦੇ ਸੇਵਾ ਕੈਂਪ, ਦਸਤਾਰ ਸਿਖਲਾਈ ਕੈਂਪ ਅਤੇ ਪੁਸਤਕ ਪਰਦਰਸ਼ਨੀ ਦਾ ਉਦਘਾਟਨ ਕੀਤਾ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਦੌਰਾਨ ਚਲਾਏ ਜਾ ਰਹੇ ਇਨ੍ਹਾਂ ਸੇਵਾ ਕਾਰਜਾਂ ਦਾ ਮੁੱਖ ਮੰਤਵ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਉਹ ਫ਼ਤਹਿਗੜ੍ਹ ਸਾਹਿਬ ਦੀ ਮੁਕੱਦਸ ਧਰਤੀ ‘ਤੇ ਹੋਈਆਂ ਸ਼ਹਾਦਤਾਂ ਤੋਂ ਸੇਧ ਲੈ ਕੇ ਆਪਣੇ ਗੌਰਵਮਈ ਵਿਰਸੇ ਨਾਲ ਜੁੜ ਸਕਣ। ਸ਼ਹੀਦੀ ਸਭਾ ਦੇ ਪਹਿਲੇ ਦੋ ਦਿਨ ਰਾਤ ਨੂੰ ਸੰਗਤਾਂ ਨੂੰ ਧਾਰਮਿਕ ਡਾਕੂਮੈਂਟਰੀ ਫਿਲਮਾਂ ਵੀ ਦਿਖਾਈਆਂ ਜਾਣਗੀਆਂ। ਇਨ੍ਹਾਂ ਸੇਵਾ ਕਾਰਜਾਂ ਵਿੱਚ ਯੂਨੀਵਰਸਿਟੀ ਦੇ ਉੱਚ ਅਧਿਕਾਰੀ, ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਸੇਵਾ ਕੀਤੀ ਜਾ ਰਹੀ ਹੈ।
ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸਮੇਂ-ਸਮੇਂ ਉਤੇ ਅਜਿਹੀਆਂ ਧਾਰਮਿਕ, ਸਮਾਜਿਕ ਅਤੇ ਉਸਾਰੂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣਾ ਆਪਣਾ ਫ਼ਰਜ਼ ਸਮਝਦੀ ਹੈ ਕਿਉਂਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਉਤੇ ਇਸ ਯੂਨੀਵਰਸਿਟੀ ਦੀ ਸਥਾਪਨਾ ਦਾ ਮੁੱਖ ਉਦੇਸ਼ ਹੀ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਨੂੰ ਸੰਸਾਰ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਅਤੇ ਸਿੱਖ ਵਿਚਾਰਧਾਰਾ ਪ੍ਰਤੀ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।

