ਪੰਜਾਬਪਟਿਆਲਾ

ਬਲਾਕ ਖੇੜਾ ਦੀਆਂ ਪੰਚਾਇਤਾਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ: ਨਾਗਰਾ

ਪੰਚਾਇਤਾਂ ਦੇ ਤਿੰਨ ਸਾਲ ਪੂਰੇ ਹੋਣ ਉੱਤੇ ਵਿਧਾਇਕ ਨਾਗਰਾ ਨੇ ਪੰਚਾਇਤਾਂ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 02 ਜਨਵਰੀ (ਰਮਨਦੀਪ/ਮਧੂਸਾਰ ਬਿਊਰੋ) ਪੰਚਾਇਤਾਂ ਦੇ ਤਿੰਨ ਸਾਲ ਪੂਰੇ ਹੋਣ ‘ਤੇ ਬਲਾਕ ਖੇੜਾ ਦੀਆਂ ਪੰਚਾਇਤਾਂ ਦਾ ਸਨਮਾਨ ਪ੍ਰੋਗਰਾਮ ਕਨੇਡੀਅਨ ਪੈਲੇਸ,ਰਾਜਿੰਦਰਗੜ੍ਹ-ਬਰਾਸ ਨੇੜੇ ਢੌਲਾ ਵਿਖੇ ਰੱਖਿਆ ਗਿਆ ਤੇ ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੀਆਂ ਪੰਚਾਇਤਾਂ ਦੇ ਮੈਂਬਰਾਂ ਦਾ ਸਨਮਾਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ ਨਾਗਰਾ ਨੇ ਕਿਹਾ ਕਿ ਪੰਚਾਇਤਾਂ ਨੇ ਜਿੰਨਾ ਕੰਮ ਕੀਤਾ ਹੈ, ਉਸ ਸਬੰਧੀ ਇਹਨਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਓਨੀ ਥੋੜ੍ਹੀ ਹੈ। ਉਹਨਾਂ ਕਿਹਾ ਕਿ ਪੰਚਾਇਤਾਂ ਨੂੰ ਹਾਲੇ ਤਿੰਨ ਸਾਲ ਹੀ ਹੋਏ ਹਨ ਤੇ ਕਈ ਪੰਚਾਇਤਾਂ ਨੇ ਆਪਣੇ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹ ਦਿੱਤੇ ਹਨ ਤੇ ਬਾਕੀਆਂ ਪੰਚਾਇਤਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਉਹਨਾਂ ਕਿਹਾ ਕਿ ਜਿੰਨਾ ਵਿਕਾਸ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਦਾ ਹੋਇਆ ਹੈ, ਓਨਾ ਸ਼ਾਇਦ ਹੀ ਕਿਸੇ ਹੋਰ ਹਲਕੇ ਦੇ ਪਿੰਡਾਂ ਦਾ ਹੋਇਆ ਹੋਵੇ। ਉਹਨਾਂ ਨੇ ਦਿਨ ਰਾਤ ਇੱਕ ਕਰ ਕੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਹਨ ਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਤੇ ਨਾਂ ਹੀ ਘੱਟ ਆਉਣ ਦੇਣਗੇ।

ਸ. ਨਾਗਰਾ ਨੇ ਕਿਹਾ ਕਿ ਵਿਕਾਸ ਪੱਖੋਂ ਬਲਾਕ ਖੇੜੇ ਦਾ ਇਲਾਕਾ ਪਛੜਿਆ ਹੋਇਆ ਮੰਨਿਆ ਜਾਂਦਾ ਸੀ, ਇਸ ਲਈ ਇਸ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਗਿਆ। ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡ ਭਗੜਾਣਾ ਵਿਖੇ ਆਈ.ਟੀ.ਆਈ ਬਣਾਈ ਗਈ ਅਤੇ ਹੁਣ ਡਿਸਪੈਂਸਰੀ ਬਣਾਈ ਜਾ ਰਹੀ ਹੈ । ਇਸ ਖੇਤਰ ਦੀਆਂ ਸੜਕਾਂ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸਡ਼ਕਾਂ ਦੀ ਕਾਇਆ ਕਲਪ ਕੀਤੀ ਗਈ ਹੈ। ਪਿੰਡਾਂ ਦੇ ਵਿਚ ਖੇਡ ਸਟੇਡੀਅਮ ਅਤੇ ਪਾਰਕ ਬਣਾਏ ਗਏ ਹਨ । ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਦਿੱਕਤਾਂ ਨੂੰ ਦੂਰ ਕੀਤਾ ਗਿਆ ਹੈ ਬਲਾਕ ਖੇੜਾ ਦੇ ਵੱਡੀ ਗਿਣਤੀ ਪਿੰਡਾਂ ਨੂੰ ਪੀਣ ਲਈ ਨਹਿਰੀ ਪਾਣੀ ਵੀ ਮੁਹੱਈਆ ਕਰਵਾਇਆ ਜਾਣਾ ਹੈ। ਬਲਾਕ ਖੇੜਾ ਦੇ ਵਿੱਚ ਹੀ ਇਤਿਹਾਸਕ ਪਿੰਡ ਈਸਰਹੇਲ ਪੈਂਦਾ ਹੈ, ਜਿਸ ਨੂੰ ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਹੈ, ਉਸ ਪਿੰਡ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਗਿਆ ਹੈ ।

ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ। ਪਿੰਡਾਂ ਦੇ ਕਰਵਾਏ ਜਾਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।

ਸ. ਨਾਗਰਾ ਨੇ ਕਿਹਾ ਕਿ ਉਹ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਦੁਨੀਆਂ ਦੇ ਨਕਸ਼ੇ ਉਤੇ ਉਭਾਰਨ ਲਈ ਵਚਨਬੱਧ ਹਨ ਤੇ ਇਹ ਕਾਰਜ ਸਿਰੇ ਚੜ੍ਹਾਉਣ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਜਿੱਥੇ ਵਿਧਾਇਕ ਨਾਗਰਾ ਨੇ ਪੰਚਾਇਤਾਂ ਦੇ ਮੈਂਬਰਾਂ ਦਾ ਸਨਮਾਨ ਕੀਤਾ, ਓਥੇ ਪੰਚਾਇਤਾਂ ਵਲੋਂ ਵਿਧਾਇਕ ਨਾਗਰਾ ਦਾ ਵੀ ਉਚੇਚੇ ਤੌਰ ਉਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ,ਬੀ.ਡੀ.ਪੀ.ਓ ਖੇੜਾ ਮਹਿੰਦਰ ਸਿੰਘ,ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਮੈਂਬਰ, ਪਿੰਡਾਂ ਦੇ ਪੰਚ ਸਰਪੰਚ ਤੇ ਵੱਖ ਵੱਖ ਸੰਸਥਾਵਾਂ ਦੇ ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *