ਹਿੰਦੂ-ਸਿੱਖ ਨੂੰ ਲੜਾਉਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਹੋਣਗੀਆਂ: ਬਾਦਲ
ਅੰਮਿ੍ਰਤਸਰ, 2 ਜਨਵਰੀ (ਸੋਨੂੰ ਨਰੂਲਾ/ਮਧੂਸਾਰ ਬਿਊਰੋ):ਅਕਾਲੀ ਦਲ ਵੱਲੋਂ ਅੱਜ ਪੰਥਕ ਰੋਸ ਦਿਵਸ ਸਮਾਗਮ ਦੌਰਾਨ ਪਾਰਟੀ ਦੇ ਸਰਪ੍ਰਸਤ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜਾ ਮਾਹੌਲ ਸਿਰਜਿਆ ਜਾ ਰਿਹਾ ਹੈ, ਉਹ ਹਿੰਦੂ-ਸਿੱਖ ਨੂੰ ਲੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਜੋ ਬੇਅਦਬੀ ਦੀ ਘਟਨਾ ਹੋਈ ਹੈ ਉਸ ਦੇ ਰੋਸ ਵਜੋਂ ਅੱਜ ਪੰਥਕ ਇਕੱਠ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਕੱਠ ਅਕਾਲੀ ਦਲ ਦਾ ਨਹੀਂ, ਪੰਥ ਦਾ ਹੈ। ਉਨ੍ਹਾਂ ਇਸ ਮੌਕੇ ਸਿੱਖ ਕੌਮ ਨੂੰ ਸੱਦਾ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਧਰਮ ਦੀ ਰਾਖੀ ਕਰਨੀ ਚਾਹੀਦੀ ਹੈ।

ਸਮਾਗਮ ਦੌਰਾਨ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਬਾਦਲ ਨੂੰ ਮਨਜਿੰਦਰ ਸਿਰਸਾ ਦੇ ਸਬੰਧ ਵਿੱਚ ਹੌਸਲਾ ਰੱਖਣ ਲਈ ਕਿਹਾ। ਬਾਦਲ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਸਿਰਸਾ ਜਾਂਦਾ ਹੈ ਤਾਂ ਜਾਵੇ ਕੋਈ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਸਿਰਸਾ ਦੇ ਸਬੰਧ ਵਿੱਚ ਕਿਹਾ ਕਿ ਅੱਜ ਵਿਭੀਸ਼ਨ ਨੂੰ ਕੋਈ ਯਾਦ ਨਹੀਂ ਕਰਦਾ, ਕਹਾਵਤ ਹੈ ਕਿ ਘਰ ਦਾ ਭੇਤੀ ਲੰਕਾ ਢਾਵੇ। ਉਨ੍ਹਾਂ ਕਿਹਾ ਕਿ ਇਹ ਲੋਕ ਅਜਿਹੇ ਹਨ ਜਿਹੜੇ 800 ਕਿਸਾਨਾਂ ਦੀਆਂ ਲਾਸ਼ਾਂ ’ਤੇ ਪੈਰ ਰੱਖ ਕੇ ਜਾ ਰਹੇ ਹਨ। ਉਨ੍ਹਾਂ ਮਨਜਿੰਦਰ ਸਿਰਸਾ ’ਤੇ ਹਮਲਾ ਕਰਦਿਆਂ ਕਿਹਾ ਕਿ ਅਸੀਂ ਉਸ ਲਈ ਕੀ ਨਹੀਂ ਕੀਤਾ, ਪਰ ਉਹ ਜੇਲ੍ਹ ਤੋਂ ਡਰਦਾ ਹੈ, ਇਸ ਲਈ ਭਾਜਪਾ ਵਿੱਚ ਚਲਾ ਗਿਆ। ਉਨ੍ਹਾਂ ਕਿਹਾ ਕਿ ਮੈਂ ਵੀ 15 ਸਾਲ ਜੇਲ੍ਹ ਵਿੱਚ ਗੁਜ਼ਾਰੇ, ਪਰ ਡਰਿਆ ਨਹੀਂ।
ਇਸ ਮੌਕੇ ਵੱਡੇ ਬਾਦਲ ਨੇ ਕਿਹਾ ਕਿ ਅੱਜ ਦਾ ਇਹ ਪੰਥਕ ਇਕੱਠ ਵੇਖ ਕੇ ਕਈਆਂ ਦੇ ਢਿੱਡ ਵਿੱਚ ਦਰਦ ਹੁੰਦਾ ਹੋਵੇਗਾ ਕਿ ਇਥੇ ਰਾਜਨੀਤਕ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਢਿੱਡ ਵਿੱਚ ਦਰਦ ਹੋ ਰਿਹਾ ਹੈ ਉਹ ਕੋਈ ਗੋਲੀ ਖਾ ਲੈਣ, ਕਿਉਂਕਿ ਸਾਡਾ ਧਰਮ ਤੇ ਸਿਆਸਤ ਸ਼ੁਰੂ ਤੋਂ ਹੀ ਇਕੱਠੇ ਚਲਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਤਾਕਤਾਂ ਸਾਡੀ ਸੰਸਥਾ ’ਤੇ ਹਮਲਾ ਕਰ ਰਹੀਆਂ ਹਨ ਅਤੇ ਸਾਡੇ ਧਰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਸਜੀਪੀਸੀ, ਦਿੱਲੀ ਕਮੇਟੀ, ਅਕਾਲ ਤਖਤ ਸਾਹਿਬ, ਪਟਨਾ ਸਾਹਿਬ, ਨਿਹੰਗ ਜਥੇਬੰਦੀਆਂ ਅਤੇ ਸੰਪਰਦਾਵਾਂ ਸਾਡੀ ਕੌਮ ਦੀਆਂ ਰੀੜ ਦੀ ਹੱਡੀ ਹਨ, ਜਿਸ ’ਤੇ ਹਮਲੇ ਲਈ ਸਾਧਨ ਇਕੱਠੇ ਕੀਤੇ ਜਾ ਰਹੇ ਹਨ।

ਬਾਦਲ ਨੇ ਕਿਹਾ ਕਿ ਉਹ ਹਰ ਹੁਕਮ ਮੰਨਣ ਲਈ ਤਿਆਰ ਹਨ। ਅਕਾਲ ਤਖਤ ਸਾਹਿਬ ਤੋਂ ਕਿਹਾ ਜਾਂਦਾ ਹੈ ਕਿ ਦੇਸ਼ ਵਿੱਚ ਕਿਸੇ ਵੀ ਧਰਮ ਨਾਲ ਧੱਕਾ ਹੁੰਦਾ ਹੈ ਤਾਂ ਅਕਾਲੀ ਦਲ ਆਵਾਜ਼ ਜ਼ਰੂਰ ਚੁੱਕੇ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਧਰਮ ਦੇ ਵਿਰੁੱਧ ਨਹੀਂ ਹਾਂ, ਸਗੋਂ ਅਸੀਂ ਏਕਤਾ ਦੇ ਮੁਦਈ ਹਾਂ। ਪਰ ਜੇਕਰ ਕੋਈ ਸਾਡੇ ਧਰਮ ’ਤੇ ਹਮਲਾ ਕਰੇਗਾ ਤਾਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਸਿੱਖ ਧਰਮ ਵਿੱਚ ਦਖਲਅੰਦਾਜ਼ੀ ਕਰਨ ਦਿੱਤੀ ਹੈ ਅਤੇ ਨਾ ਹੀ ਕਰਨ ਦੇਵਾਂਗੇ।
ਇਸ ਮੌਕੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜ ਸਾਲ ਤੱਕ ਬੇਅਦਬੀ ਦੇ ਮੁੱਦੇ ’ਤੇ ਸਿਆਸਤ ਕੀਤੀ ਅਤੇ ਇਸ ਘਿਨਾਉਣੇ ਕਾਰੇ ਨੂੰ ਅੰਜਾਮ ਦੇਣ ਵਾਲਿਆਂ ਨੂੰ ਫੜਨ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਮੁੜ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਅਤੇ ਸਿਰਫ਼ ਸਿਆਸੀ ਮੰਤਵਾਂ ਲਈ ਸਮਾਜ ਵਿੱਚ ਫੁੱਟ ਪਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 13 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ 15 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫੜਨ ਦੇ ਬਾਵਜੂਦ ਸਰਕਾਰ ਨੇ ਦੋਵਾਂ ਘਟਨਾਵਾਂ ਪਿੱਛੇ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਵੀ ਅਜੇ ਤੱਕ ਦੋਸ਼ੀਆਂ ਦੀ ਸ਼ਨਾਖਤ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ।

ਲੋਕਾਂ ਨੂੰ ਇਹ ਪੁੱਛਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਤੋਂ ਇਨਸਾਫ਼ ਦੀ ਉਮੀਦ ਕਿਵੇਂ ਕਰ ਸਕਦੇ ਹਨ ਜਿਸ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕੀਤਾ ਸੀ ਅਤੇ 1984 ਵਿਚ ਸਿੱਖ ਕੌਮ ਦੀ ਨਸਲਕੁਸ਼ੀ ਕੀਤੀ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਥ ਨੂੰ ਮਜ਼ਬੂਤ ਕਰਨਾ ਸਭ ਤੋਂ ਮਹੱਤਵਪੂਰਨ ਹੈ। ਸੁਖਬੀਰ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) @ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਲਈ ਭਾਜਪਾ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਸਮਨਜਿੰਦਰ ਸਿੰਘ ਸਿਰਸਾ ਜੋ ਉਸ ਸਮੇਂ ਡੀਐਸਜੀਐਮਸੀ ਦੇ ਮੁਖੀ ਸਨ, ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਹ ਕਿਸਾਨ ਅੰਦੋਲਨ ਦੇ 800 ਸ਼ਹੀਦਾਂ ਦੀਆਂ ਲਾਸ਼ਾਂ ਨੂੰ ਕਿਸੇ ਦੇ ਸਿਆਸੀ ਕੈਰੀਅਰ ਨੂੰ ਅੱਗੇ ਵਧਾਉਣ ਦੇ ਬਰਾਬਰ ਹੈ। ਉਸ ਨੂੰ ਇਸ @ਤੇ ਸ਼ਰਮ ਆਉਣੀ ਚਾਹੀਦੀ ਹੈ।@@ ਅਕਾਲੀ ਦਲ ਦੇ ਪ੍ਰਧਾਨ ਨੇ ਮੌਕਾਪ੍ਰਸਤਾਂ @ਤੇ ਵੀ ਰੋਸ ਦਾ ਪ੍ਰਗਟਾਵਾ ਕੀਤਾ ਜੋ ਸਿਰਸਾ ਦੀ ਮਿਸਾਲ @ਤੇ ਚੱਲ ਰਹੇ ਹਨ ਅਤੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਜਾਂ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਨਾਲ ਗੱਠਜੋੜ ਕਰ ??ਰਹੇ ਹਨ। ਉਨ੍ਹਾਂ ਕਿਸਾਨ ਜਥੇਬੰਦੀਆਂ ਅਤੇ ਬਲਬੀਰ ਸਿੰਘ ਰਾਜੇਵਾਲ ਨੂੰ ਵੀ ਸਵਾਲ ਕੀਤਾ ਕਿ ਤੁਸੀਂ ਇਸ ਤੱਥ ਦੇ ਬਾਵਜੂਦ ਸਾਡੀ ਆਲੋਚਨਾ ਕਰਦੇ ਸੀ ਕਿ ਅਸੀਂ ਕੇਂਦਰੀ ਮੰਤਰਾਲਾ ਛੱਡ ਦਿੱਤਾ ਹੈ ਅਤੇ ਐਨਡੀਏ ਗਠਜੋੜ ਵੀ ਛੱਡ ਦਿੱਤਾ ਹੈ ਪਰ ਹੁਣ ਵੀ ਤੁਸੀਂ ਭਾਜਪਾ ਨਾਲ ਰਲ ਰਹੇ ਹੋ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਮਜ਼ਬੂਤ ਹੋ ਜਾਵੇਗਾ। ਜਥੇਦਾਰ ਨੇ ਕਿਹਾ ਕਿ ਕਿਸੇ ਵੀ ਧਰਮ ਜਾਂ ਧਾਰਮਿਕ ਸਥਾਨ ਤੇ ਹਮਲਾ ਹੁੰਦਾ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਆਪ ਨਜਿੱਠੇ। ਉਨ੍ਹਾਂ ਕਿਹਾ ਕਿ ਹਿੰਦੂ ਸਿੱਖ ਏਕਤਾ, ਸਿੱਖ ਮੁਸਲਮਾਨ ਏਕਤਾ, ਸਿੱਖ ਇਸਾਈ ਏਕਤਾ ਸੀ ਹੈ ਅਤੇ ਰਹੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਸਿਰਸਾ ਅਤੇ ਉਨ੍ਹਾਂ ਵਰਗੇ ਹੋਰਾਂ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰੇਗੀ, ਜਿਨ੍ਹਾਂ ਨੇ ਸਿੱਖ ਧਾਰਮਿਕ ਸੰਸਥਾਵਾਂ ਤੋਂ ਆਪਣੀ ਤਾਕਤ ਹਾਸਲ ਕੀਤੀ ਅਤੇ ਫਿਰ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ।ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰਗ ਮੈਂਬਰ ਅਤੇ ਮੈਂਬਰਾਂ ਤੋਂ ਲਵ ਵੱਖ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਿਲ ਹੋਈਆਂ।

