ਬਿਕਰਮ ਮਜੀਠੀਆ ਨੂੰ ਮਿਲੀ ਸੁਪਰੀਮ ਰਾਹਤ, ਗ੍ਰਿਫ਼ਤਾਰੀ ‘ਤੇ ਰੋਕ
ਚੰਡੀਗੜ੍ਹ (ਮਧੂਸਾਰ ਬਿਊਰੋ : ਡਰੱਗ ਕੇਸ ਵਿੱਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਚੋਣਾਂ ਦੇ ਮੱਦੇਨਜ਼ਰ ਸੋਮਵਾਰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ 23 ਫਰਵਰੀ ਤੱਕ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਹੁਣ ਚੋਣਾਂ ਹੋਣ ਤੱਕ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ।
ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਸੁਪਰੀਮ ਕੋਰਟ ਨੇ ਡਰੱਗ ਮਾਮਲੇ ਵਿੱਚ ਅਗਾਊਂ ਜ਼ਮਾਨਤ ‘ਤੇ ਸੁਣਵਾਈ ਲਈ ਮਨਜੂਰੀ ਦੇ ਦਿੱਤੀ ਸੀ ਅਤੇ ਸੁਣਵਾਈ ਕਰਦੇ ਹੋਏ 31 ਜਨਵਰੀ ਤੱਕ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ ਅਤੇ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਝਟਕਾ ਦਿੰਦਿਆਂ ਅਕਾਲੀ ਆਗੂ ਨੂੰ ਚੋਣਾਂ ਤੋਂ ਬਾਅਦ 23 ਫਰਵਰੀ ਤੱਕ ਰਾਹਤ ਦੇ ਦਿੱਤੀ ਹੈ। ਕੋਰਟ ਨੇ ਇਸ ਨਾਲ ਹੀ ਪੰਜਾਬ ਸਰਕਾਰ ਨੂੰ ਜਦੋਂ ਤੱਕ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨਹੀਂ ਹੋ ਜਾਂਦੀ, ਉਦੋਂ ਤੱਕ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਹੈ।

