ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਬੰਸ ਸਿੰਘ ਘੁੰਮਣ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 3 ਫ਼ਰਵਰੀ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਜਥੇਦਾਰ ਹਰਬੰਸ ਸਿੰਘ ਘੁੰਮਣ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਹਰਬੰਸ ਸਿੰਘ ਨੇ ਹਰ ਪੰਥਕ ਮੋਰਚੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਪੰਥਕ ਕਾਰਜਾਂ ਵਿਚ ਮੋਹਰੀ ਰੋਲ ਅਦਾ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰ ਹੁੰਦਿਆਂ ਉਨ੍ਹਾਂ ਨੇ ਜ਼ਿਕਰਯੋਗ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਜਥੇਦਾਰ ਘੁੰਮਣ ਦਾ ਸੰਸਾਰ ਤੋਂ ਤੁਰ ਜਾਣਾ ਪੰਥ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਜਥੇਦਾਰ ਹਰਬੰਸ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਨਮਿਤ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ।
ਜਥੇਦਾਰ ਹਰਬੰਸ ਸਿੰਘ ਘੁੰਮਣ ਦਾ ਅੰਤਮ ਸੰਸਕਾਰ ਘੁੰਮਣ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਜਥੇਦਾਰ ਹਰਬੰਸ ਸਿੰਘ ਦੀ ਮ੍ਰਿਤਕ ਦੇਹ ’ਤੇ ਲੋਈ ਭੇਟ ਕਰਕੇ ਸਤਿਕਾਰ ਭੇਟ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜਥੇਦਾਰ ਹਰਬੰਸ ਸਿੰਘ ਘੁੰਮਣ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

