ਪੰਜਾਬਪਟਿਆਲਾ

ਚੋਣ ਅਬਜ਼ਰਵਰਾਂ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਉਮੀਦਵਾਰਾਂ ਨਾਲ ਮੀਟਿੰਗ

ਚੋਣ ਜ਼ਾਬਤੇ ਸਬੰਧੀ ਹਦਾਇਤਾਂ ਦੀ ਇਨ ਬਿਨ ਪਾਲਣਾਂ ਯਕੀਨੀ ਬਨਾਉਣ ਲਈ ਕਿਹਾ

ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਰਮਨਦੀਪ/ਮਧੂਸਾਰ ਬਿਊਰੋ) ਚੋਣ ਕਮਿਸ਼ਨ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 54-ਬਸੀ ਪਠਾਣਾਂ, 55-ਫ਼ਤਹਿਗੜ੍ਹ ਸਾਹਿਬ ਅਤੇ 56-ਅਮਲੋਹ ਲਈ ਜਨਰਲ, ਖਰਚਾ ਅਤੇ ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੀ ਕੁਨਾਲ ਸਿਲਕੂ, ਸ਼੍ਰੀ ਸਿਧਾਰਥ ਜੈਸਵਾਲ ਅਤੇ ਸ਼੍ਰੀ ਸੰਜੇ ਰਾਜਨ ਸਿੰਘ ਸ਼ਾਮਲ ਹਨ। ਇਨ੍ਹਾਂ ਚੋਣ ਅਬਜ਼ਰਵਰਾਂ ਵੱਲੋਂ ਬੱਚਤ ਭਵਨ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਗਈ ਤੇ ਚੋਣ ਜ਼ਾਬਤੇ ਸਬੰਧੀ ਹਦਾਇਤਾਂ ਦੀ ਇਨ ਬਿਨ ਪਾਲਣਾਂ ਯਕੀਨੀ ਬਨਾਉਣ ਲਈ ਕਿਹਾ ਗਿਆ।

ਇਸ ਮੌਕੇ ਜਨਰਲ ਅਬਜ਼ਰਵਰ ਸ਼੍ਰੀ ਕੁਨਾਲ ਸਿਲਕੂ ਨੇ ਚੋਣ ਜ਼ਾਬਤੇ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਉਮੀਦਵਾਰਾਂ ਨਾਲ ਸਾਂਝੀ ਕੀਤੀ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਉਮੀਦਵਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੋਨੀਟਰਿੰਗ ਟੀਮਾਂ ਲਗਾਤਾਰ ਸਰਗਰਮ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾ ਹੋਵੇ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀ.ਵਿਜਲ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਸ਼ਿਕਾਇਤ, ਤਸਵੀਰ ਆਦਿ ਭੇਜੀ ਜਾ ਸਕਦੀ ਹੈ। ਇਸ ਐਪ ਜ਼ਰੀਏ ਮਿਲਣ ਵਾਲੀ ਸ਼ਿਕਾਇਤ ਦਾ 100 ਮਿੰਟ ਦੇ ਅੰਦਰ-ਅੰਦਰ ਨਿਪਟਾਰਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਮੀਡੀਆ ਵਿੱਚ ਪੈਸੇ ਦੇ ਕੇ ਮਤਦਾਤਾਵਾਂ ਨੂੰ ਭਰਮਾਉਣ ਹਿੱਤ ਲਵਾਈਆਂ ਜਾਂਦੀਆਂ ਖ਼ਬਰਾਂ ਨੂੰ ਅਨੈਤਿਕ ਕਰਾਰ ਦਿੰਦਿਆਂ ਇਸ ਨੂੰ ਰੋਕਣ ਲਈ ਬਹੁਤ ਸਾਰੇ ਯਤਨ ਕੀਤੇ ਹਨ।

ਜ਼ਿਲ੍ਹਾ ਪੱਧਰ ’ਤੇ ਮੀਡੀਆ ਸਰਟੀਫ਼ਿਕੇਸ਼ਨ ਤੇ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦਾ ਗਠਨ ਕੀਤਾ ਗਿਆ ਹੈ ਜਿਸ ਜ਼ਰੀਏ ਸ਼ੱਕੀ ‘ਪੇਡ ਨਿਊਜ਼’ ਮਿਲਣ ’ਤੇ ਤੁਰੰਤ ਸਬੰਧਤ ਉਮੀਦਵਾਰ/ਪਾਰਟੀ ਨੂੰ ਨੋਟਿਸ ਜਾਰੀ ਕੀਤਾ ਜਾਂਦਾ ਹੈ। ਰਿਟਰਨਿੰਗ ਅਫ਼ਸਰ ਪਾਸੋਂ ਨੋਟਿਸ ਮਿਲਣ ਬਾਅਦ ਉਮੀਦਵਾਰ ਨੂੰ 48 ਘੰਟੇ ਵਿੱਚ ਜਵਾਬ ਦੇਣਾ ਹੁੰਦ ਹੈ। ਜਵਾਬ ਨਾ ਆਉਣ ’ਤੇ ਇਸ ਨੂੰ ‘ਪੇਡ ਨਿਊਜ਼’ ਮੰਨ ਲਿਆ ਜਾਵੇਗਾ, ਜਿਸ ਤੋਂ ਬਾਅਦ ਉਸ ਦਾ ਖਰਚ ਉਮੀਦਵਾਰ ਦੇ ਖਾਤੇ ਵਿੱਚ ਪਾ ਕੇ, ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਸੂਚਿਤ ਕਰ ਦਿੱਤਾ ਜਾਵੇਗਾ। ਇਲੈਕਟ੍ਰਾਨਿਕ ਮੀਡੀਆ (ਸਮੇਤ ਆਨ ਲਾਈਨ ਪੇਪਰ, ਰੇਡੀਓ, ਟੀ.ਵੀ., ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ ਤੇ ਬਲਕ/ਵਾਇਸ ਮੈਸੇਜਿਜ਼ ਆਨ ਮੋਬਾਇਲ) ਵਾਸਤੇ ਉਮੀਦਵਾਰ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਪ੍ਰੀ-ਸਰਟੀਫ਼ਿਕੇਸ਼ਨ ਲਾਜ਼ਮੀ ਹੈ।

ਇਸ ਦੌਰਾਨ ਖਰਚਾ ਅਬਜ਼ਰਵਰ ਸ਼੍ਰੀ ਸਿਧਾਰਥ ਜੈਸਵਾਲ ਨੇ ਕਿਹਾ ਕਿ ਉਮੀਦਵਾਰ ਆਪਣੇ ਖਰਚੇ ਸਬੰਧੀ ਰਜਿਸਟਰ ਨੂੰ ਮੁਕੰਮਲ ਰੱਖਣ ਤੇ ਉਨ੍ਹਾਂ ਵੱਲੋਂ 08 ਫਰਵਰੀ, 13 ਫਰਵਰੀ ਅਤੇ 18 ਫਰਵਰੀ ਨੂੰ ਇਹ ਰਜਿਸਟਰ ਚੈਕ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਖਰਚ ਸਬੰਧੀ ਚੋਣ ਕਮਿਸ਼ਨ ਦੀਆਂ ਜੋ ਵੀ ਹਦਾਇਤਾਂ ਹਨ, ਉਨ੍ਹਾਂ ਦੀ ਪਾਲਣਾਂ ਯਕੀਨੀ ਬਣਾਈ ਜਾਵੇ। ਪੁਲਿਸ ਅਬਜ਼ਰਵਰ ਸ਼੍ਰੀ ਸੰਜੇ ਰਾਜਨ ਸਿੰਘ ਨੇ ਕਿਹਾ ਕਿ ਚੋਣ ਸਬੰਧੀ ਵੱਖ ਵੱਖ ਥਾਂ ਵੱਖ ਵੱਖ ਟੀਮਾਂ ਵੱਲੋਂ ਚੈਕਿੰਗ ਜੰਗੀ ਪੱਧਰ ਉਤੇ ਜਾਰੀ ਹੈ। ਇਸ ਲਈ ਕੋਈ ਵੀ ਅਜਿਹਾ ਕੰਮ ਨਾ ਕੀਤਾ ਜਾਵੇ, ਜਿਸ ਨਾਲ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੋਵੇ।

ਇਸ ਮੌਕੇ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣ ਹਲਕਾ 054-ਬਸੀ ਪਠਾਣਾਂ, 055-ਫਤਹਿਗੜ੍ਹ ਸਾਹਿਬ ਅਤੇ 056-ਅਮਲੋਹ ਵਿੱਚ ਚੋਣਾਂ ਦੇ ਕੰਮ ਦਾ ਨਰੀਖਣ ਕਰਨ, ਉਮੀਦਵਾਰਾਂ ਦੇ ਖਰਚਿਆਂ ਦਾ ਨਰੀਖਣ ਕਰਨ ਅਤੇ ਲਾਅ ਐਂਡ ਆਰਡਰ ਦਾ ਨਰੀਖਣ ਕਰਨ ਲਈ ਇੱਕ ਜਨਰਲ ਅਬਜ਼ਰਵਰ, ਇੱਕ ਖਰਚਾ ਅਬਜ਼ਰਵਰ ਅਤੇ ਇੱਕ ਪੁਲਿਸ ਅਬਜ਼ਰਵਰ ਨਿਯੁੱਕਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸੰਪਰਕ ਕਰਨ ਲਈ ਉਨ੍ਹਾਂ ਦੇ ਮੋਬਾਇਲ ਨੰ. ਕ੍ਰਮਵਾਰ 7341165682 , 7087195682 ਅਤੇ 7087795682 ਹਨ। ਜੇਕਰ ਕਿਸੇ ਨੇ ਅਬਜ਼ਰਵਰ ਸਾਹਿਬਾਨਾ ਨੂੰ ਮਿਲ ਕੇ ਸੰਪਰਕ ਕਰਨਾ ਹੈ ਤਾਂ ਉਨ੍ਹਾਂ ਦੇ ਲਾਇਜ਼ਨ ਅਫ਼ਸਰਾਂ ਰਾਹੀਂ ਮੀਟਿੰਗ ਦਾ ਸਮਾਂ ਲਿਆ ਜਾ ਸਕਦਾ ਹੈ। ਲਾਇਜ਼ਨ ਅਫ਼ਸਰਾਂ ਦੇ ਸੰਪਰਕ ਨੰ. ਕ੍ਰਮਵਾਰ 9876170086, 9872750969 ਅਤੇ 9814055473 ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਯੂ ਡੀ) ਅਨੁਪ੍ਰਿਤਾ ਜੌਹਲ, ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਅਮਲੋਹ ਜੀਵਨਜੋਤ ਕੌਰ ਸਮੇਤ ਵੱਖ ਵੱਖ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *