ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਵਿਧਾਨ ਸਭਾ ਚੋਣਾਂ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕੀਤੀ ਜਿਲ੍ਹਾ ਪੱਧਰੀ ਕਨਵੈਨਸ਼ਨ
ਲੋਕ ਸੰਘਰਸ਼ਾਂ ਰਾਹੀਂ ਹੀ ਹੱਲ ਹੋ ਸਕਦੇ ਨੇ ਕਿਸਾਨਾਂ ਮਜ਼ਦੂਰਾਂ ਦੇ ਮਸਲੇ- ਡਾ ਦਰਸ਼ਨਪਾਲ

ਪਟਿਆਲਾ 6 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਭਖਦੇ ਕਿਸਾਨੀ ਮਸਲਿਆਂ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਅਹਿਮ ਕਨਵੈਨਸ਼ਨ ਤਰਕਸ਼ੀਲ ਹਾਲ ਵਿੱਚ ਨੇੜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਕੀਤੀ ਗਈ । ਇਸ ਮੌਕੇ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਨੇ ਕਿਹਾ ਕਿ ਕੁਝ ਕਿਸਾਨ ਆਗੂ ਇਸ ਭਰਮ ਵਿੱਚ ਹਨ ਕਿ ਸ਼ਾਇਦ ਪੰਜਾਬ ਵਿਧਾਨ ਸਭਾ ਚੋਣਾਂ ਲੜ ਕੇ ਉਹ ਕਿਸਾਨ ਮਸਲਿਆਂ ਦਾ ਹੱਲ ਕੱਢ ਲੈਣਗੇ ਜਦਕਿ ਹਕੀਕਤ ਇਹ ਹੈ ਕਿ ਕਿਸਾਨ ਮਜ਼ਦੂਰ ਮਸਲਿਆਂ ਦਾ ਹੱਲ ਚੋਣਾਂ ਲੜ ਕੇ ਨਹੀ ਬਲਕਿ ਹਕੂਮਤ ਖ਼ਿਲਾਫ਼ ਤਿੱਖੇ ਸੰਘਰਸ਼ ਲੜ ਕੇ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਇਸ ਅਖੌਤੀ ਚੋਣ ਦੰਗਲ ਤੋਂ ਦੂਰੀ ਬਣਾ ਕੇ ਰੱਖੇਗੀ ਅਤੇ ਜਥੇਬੰਦੀ ਦੀ ਸਮਝ ਹੈ ਕਿ ਚੋਣਾਂ ਰਾਹੀਂ ਸਿਰਫ ਚਿਹਰੇ ਬਦਲਦੇ ਹਨ ਤੇ ਰਾਜਨੀਤਕ ਪਾਰਟੀਆਂ ਵੱਲੋਂ “ਉਤਰ ਕਾਟੋ ਮੈਂ ਚੜ੍ਹਾਂ ਦੀ ਖੇਡ” ਖੇਡਦਿਆਂ ਲੋਕ ਮਸਲਿਆਂ ਨੂੰ ਚੋਣਾਂ ਦੀ ਪ੍ਰਕਿਰਿਆ ਵਿੱਚ ਰੋਲਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਰਗੀਆਂ ਕਿਸਾਨ ਵਿਰੋਧੀ ਧਿਰਾਂ ਚੋਣਾਂ ਦੇ ਇਸ ਦੌਰ ਵਿੱਚ ਲੋਕਾਂ ਦੀ ਭਾਈਚਾਰਕ ਏਕਤਾ ਨੂੰ ਤੋੜਨ ਦਾ ਯਤਨ ਕਰ ਰਹੀਆਂ ਹਨ । ਪਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਲੋਕਾਂ ਦੀ ਭਾਈਚਾਰਕ ਏਕਤਾ ਨੂੰ ਬਰਕਰਾਰ ਰੱਖਦਿਆਂ ਹਕੂਮਤ ਖ਼ਿਲਾਫ਼ ਰਹਿੰਦੀਆਂ ਕਿਸਾਨ ਮੰਗਾਂ ਖ਼ਾਤਰ ਸੰਘਰਸ਼ ਜਾਰੀ ਰੱਖਿਆ ਜਾਵੇਗਾ । ਉਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਲੜੇ ਗਏ ਮਸਾਲੀ ਸੰਘਰਸ਼ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਭੂਮਿਕਾ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ । ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਬੁੱਟਰ ਨੇ ਕਿਹਾ ਕਿ ਚੋਣਾਂ ਲੜ ਰਹੀਆਂ ਰਾਜਨੀਤਕ ਪਾਰਟੀਆਂ ਲੋਕਾਂ ਨੂੰ ਝੂਠੇ ਲਾਰੇ ਤੇ ਫੋਕੇ ਵਾਅਦੇ ਕਰਕੇ ਵੋਟਾਂ ਬਟੋਰ ਲੈਂਦੀਆਂ ਹਨ ਤੇ ਬਾਅਦ ਵਿੱਚ ਚੋਣ ਵਾਅਦੇ ਪੂਰੇ ਕਰਨ ਤੋਂ ਟਾਲਾ ਵੱਟ ਲੈਂਦੀਆਂ ਹਨ । ਇਸ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਚੋਣਾਂ ਲੜ ਰਹੀਆਂ ਰਾਜਨੀਤਕ ਪਾਰਟੀਆਂ ਦੇ ਵੋਟਾਂ ਮੰਗਣ ਆਉਣ ਵੇਲੇ ਲੀਡਰਾਂ ਨੂੰ ਸਵਾਲ ਪੁੱਛੇ ਜਾਣੇ ਚਾਹੀਦੇ ਹਨ ।
ਇਸ ਮੌਕੇ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਗੁਰਮੀਤ ਸਿੰਘ ਦਿੱਤੂਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਸਾਨ ਸੰਘਰਸ਼ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅੁਨਸਾਰ ਅਜੇ ਤਕ ਐਮਐਸਪੀ ਬਾਰੇ ਕਮੇਟੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਨਹੀਂ ਲੈ ਗਏ ਹਨ ਲਖੀਮਪੁਰ ਖੀਰੀ ਕਾਂਡ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ । ਇਸ ਲਈ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇ। ਇਸ ਮੌਕੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਜੰਗ ਸਿੰਘ ਭਟੇੜੀ , ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਪ੍ਰੋ ਬਾਵਾ ਸਿੰਘ, ਹਰਜ਼ਿੰਦਰ ਸਿੰਘ ਪਟਿਆਲਾ, ਚਰਨਜੀਤ ਕੌਰ ਧੂੜੀਆਂ , ਰਾਜਿੰਦਰ ਕੌਰ ਦੌਣ ਕਲਾਂ ਆਦਿ ਆਗੂਆਂ ਨੇ ਸੰਬੋਧਨ ਕੀਤਾ ।

