ਪ੍ਰਧਾਨ ਮੰਤਰੀ ਨੇ ਕੋਰੋਨਾ ਕਾਲ ਦੌਰਾਨ ਦੇਸ਼ ਦੇ ਹਾਲਾਤ ‘ਤੇ ਸੰਸਦ ‘ਚ ਬੋਲਿਆ ਸਫੈਦ ਝੂਠ: ਸੰਜੇ ਨਿਰੂਪਮ
ਚੰਡੀਗੜ੍ਹ ((ਮਧੂਸਾਰ ਬਿਊਰੋ): ਕਾਂਗਰਸ ਦੇ ਸੀਨੀਅਰ ਆਗੂ ਸੰਜੇ ਨਿਰੂਪਮ ਨੇ ਕੋਰੋਨਾ ਦੇ ਦੌਰ ਦੌਰਾਨ ਦੇਸ਼ ਵਿੱਚ ਪੈਦਾ ਹੋਏ ਹਾਲਾਤ ਬਾਰੇ ਸੰਸਦ ਵਿੱਚ ਸਫ਼ੈਦ ਝੂਠ ਬੋਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਹੈ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਪਲਾਇਣ ਕਰਨਾ ਪਿਆ ਅਤੇ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ। ਉਹ ਪਾਰਟੀ ਦੇ ਬੁਲਾਰੇ ਅਤੇ ਏ.ਆਈ.ਸੀ.ਸੀ ਮੀਡੀਆ ਇੰਚਾਰਜ ਪਵਨ ਖੇੜਾ ਦੇ ਨਾਲ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਸੰਜੇ ਨਿਰੂਪਮ ਨੇ ਇਸ ਗੱਲ ‘ਤੇ ਰੋਸ ਜ਼ਾਹਰ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਫਰਵਰੀ ਨੂੰ ਸੰਸਦ ‘ਚ ਆਪਣੇ ਭਾਸ਼ਣ ਦੌਰਾਨ ਕਰੋੜਾਂ ਮਜ਼ਦੂਰਾਂ ਦੇ ਜ਼ਖਮਾਂ ‘ਤੇ ਇਕ ਵਾਰ ਫਿਰ ਲੂਣ ਛਿੜਕਿਆ, ਜੋ ਕੋਰੋਨਾ ਦੇ ਦੌਰ ਦੌਰਾਨ ਖਰਾਬ ਸਰਕਾਰੀ ਪ੍ਰਬੰਧਾਂ ਕਾਰਨ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਹੇ ਸਨ। ਜਿਸ ਦੌਰਾਨ ਕਈਆਂ ਦੀ ਨੌਕਰੀ ਚਲੀ ਗਈ ਸੀ, ਉਨ੍ਹਾਂ ਕੋਲ ਰਹਿਣ ਲਈ ਘਰ ਨਹੀਂ ਸੀ, ਖਾਣ ਲਈ ਪੈਸੇ ਨਹੀਂ ਸਨ ਅਤੇ ਉਨ੍ਹਾਂ ਕੋਲ ਘਰ ਪਰਤਣ ਤੋਂ ਬਿਨਾਂ ਕੋਈ ਹੋਰ ਚਾਰਾ ਨਹੀਂ ਸੀ। ਜਿਸਨੂੰ ਜੋ ਵੀ ਤਰੀਕਾ ਮਿਲਿਆ, ਉਹ ਘਰ ਲਈ ਰਵਾਨਾ ਹੋ ਗਿਆ। ਪਰਵਾਸੀ ਮਜ਼ਦੂਰਾਂ ਦੇ ਪਲਾਇਨ ਦਾ ਦ੍ਰਿਸ਼ 1947 ਵਿੱਚ ਦੇਸ਼ ਦੀ ਵੰਡ ਵਾਂਗ ਹੀ ਭਿਆਨਕ ਸੀ।
ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਅਤੇ ਭਾਜਪਾ ਦੀਆਂ ਸੂਬਾ ਸਰਕਾਰਾਂ ਨੇ ਉਨ੍ਹਾਂ ਮਜ਼ਦੂਰਾਂ ਨੂੰ ਛੱਡ ਦਿੱਤਾ ਸੀ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ ‘ਤੇ ਸੂਬਾ ਕਾਂਗਰਸ ਕਮੇਟੀਆਂ ਨੇ ਇਨ੍ਹਾਂ ਮਜ਼ਦੂਰਾਂ ਦੀ ਵਾਪਸੀ ਲਈ ਰੇਲ ਟਿਕਟਾਂ ਦਾ ਪ੍ਰਬੰਧ ਕੀਤਾ ਸੀ ਅਤੇ ਪ੍ਰਧਾਨ ਮੰਤਰੀ ਮੋਦੀ ਸਾਡੇ ‘ਤੇ ਦੋਸ਼ ਲਗਾ ਰਹੇ ਹਨ ਕਿ ਕਾਂਗਰਸ ਨੇ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਜਾਣ ਲਈ ਉਕਸਾਇਆ। ਇਸ ਦੇ ਉਲਟ ਉਨ੍ਹਾਂ ਨੂੰ ਸਾਰੀ ਸਥਿਤੀ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਸੀ।
ਵੱਖ-ਵੱਖ ਪਾਰਟੀਆਂ ਵੱਲੋਂ ਆਪਣੀ ਜਿੱਤ ਸਬੰਧੀ ਕੀਤੇ ਜਾ ਰਹੇ ਦਾਅਵਿਆਂ ‘ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਦਾਅਵੇ ਤਾਂ ਹਰ ਕੋਈ ਕਰਦਾ ਹੈ ਪਰ ਅਸਲੀਅਤ ਨਤੀਜੇ ਹੀ ਦਿਖਾਉਂਦੇ ਹਨ। ਮਜ਼ਦੂਰਾਂ ਦੇ ਪਲਾਇਨ ਸਮੇਂ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਨੇ ਰਾਜਾਂ ਕੋਲ ਕੁਝ ਕਰਨ ਦਾ ਸਾਧਨ ਨਹੀਂ ਛੱਡਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ 111 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਪੰਜਾਬ ਹੀ ਨਹੀਂ ਦੇਸ਼ ਭਰ ‘ਚ ਸ਼ਲਾਘਾ ਹੋ ਰਹੀ ਹੈ।

