ਅੰਮ੍ਰਿਤਸਰਪੰਜਾਬ

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ, 22 ਫ਼ਰਵਰੀ-(ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਅੱਜ ਇਥੇ ਸਥਿਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਬੈਠਕ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸਤਵਿੰਦਰ ਸਿੰਘ ਟੌਹੜਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਸ. ਸੁਖਮਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਦੀਆਂ ਤਰਜ਼ੀਹਾਂ ਨਿਰਧਾਰਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਤੋਂ ਪਹਿਲਾਂ ਬਜਟ ਸਬ-ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਲੇਖਾਕਾਰਾਂ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ਦੌਰਾਨ ਆਏ ਸੁਝਾਅ ਅੱਜ ਦੀ ਮੀਟਿੰਗ ਵਿਚ ਵਿਚਾਰੇ ਗਏ। ਦੱਸਣਯੋਗ ਹੈ ਕਿ ਬਜਟ ਸਬ-ਕਮੇਟੀ ਵੱਲੋਂ ਬਜਟ ਸਬੰਧੀ ਆਪਣੀ ਰਿਪੋਰਟ ਅੰਤ੍ਰਿੰਗ ਕਮੇਟੀ ਨੂੰ ਭੇਜੀ ਜਾਂਦੀ ਹੈ, ਜਿਸ ਦੀ ਪ੍ਰਵਾਨਗੀ ਉਪਰੰਤ ਬਜਟ ਇਜਲਾਸ ਸੱਦਿਆ ਜਾਂਦਾ ਹੈ। ਇਹ ਵੀ ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਜਿਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰਦੀ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵੀ ਯਤਨਸ਼ੀਲ ਹੈ। ਇਸ ਦੇ ਨਾਲ ਹੀ ਅਨੇਕਾਂ ਸਕੂਲ ਕਾਲਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾਂਦੇ ਹਨ। ਇਨ੍ਹਾਂ ਸਾਰੀਆਂ ਸੰਸਥਾਵਾਂ ਰਾਹੀਂ ਸੇਵਾਵਾਂ ਲਈ ਵੱਖੋ-ਵੱਖ ਬਜਟ ਰੱਖਿਆ ਜਾਂਦਾ ਹੈ, ਜਿਸ ਦੀ ਤਿਆਰੀ ਲਈ ਸਬ-ਕਮੇਟੀ ਕਾਰਜਸ਼ੀਲ ਹੁੰਦੀ ਹੈ।

Leave a Reply

Your email address will not be published. Required fields are marked *